ਨਵਜੰਮੇ ਬੱਚੇ ਦੀ ਮੌਤ ਤੋਂ ਬਾਅਦ ਹੰਗਾਮਾ, ਪੀੜਤ ਪਰਿਵਾਰ ਨੇ ਕੀਤਾ ਪ੍ਰਦਰਸ਼ਨ
Saturday, Aug 09, 2025 - 03:23 PM (IST)

ਲੁਧਿਆਣਾ (ਰਾਜ) : ਟਿੱਬਾ ਰੋਡ ਦੇ ਇਕ ਨਿੱਜੀ ਹਸਪਤਾਲ ’ਚ ਸ਼ੁੱਕਰਵਾਰ ਦੀ ਦੁਪਹਿਰ ਨੂੰ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਇਕ ਨਵਜੰਮੇ ਬੱਚੇ ਦੀ ਮੌਤ ਹੋ ਗਈ। ਇਸ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੇ ਰਿਸ਼ਤੇਦਾਰਾਂ ਨਾਲ ਮਿਲ ਕੇ ਹਸਪਤਾਲ ਦੇ ਬਾਹਰ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਨਵਜੰਮੇ ਬੱਚੇ ਦੀ ਮੌਤ ਲਈ ਹਸਪਤਾਲ ਦੇ ਡਾਕਟਰ ਨੂੰ ਜ਼ਿੰਮੇਵਾਰ ਠਹਿਰਾਇਆ। ਸੂਚਨਾ ਮਿਲਣ ਤੋਂ ਬਾਅਦ ਟਿੱਬਾ ਥਾਣੇ ਦੀ ਪੁਲਸ ਮੌਕੇ ’ਤੇ ਪਹੁੰਚ ਗਈ। ਪੁਲਸ ਨੇ ਕਿਸੇ ਤਰ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕੀਤਾ, ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਡਾਕਟਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਤਾਂ ਪੁਲਸ ਨੇ ਜਾਂਚ ਤੋਂ ਬਾਅਦ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਜਾਣਕਾਰੀ ਦਿੰਦੇ ਹੋਏ ਆਸ਼ੂ ਨੇ ਦੱਸਿਆ ਕਿ ਉਸ ਦਾ ਕੁੱਝ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਸ ਦੀ ਪਤਨੀ ਪਾਇਲ ਗਰਭਵਤੀ ਸੀ।
ਇਲਾਕੇ ਦੇ ਹੀ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ। ਬੁੱਧਵਾਰ ਸਵੇਰੇ ਡਾਕਟਰਾਂ ਨੇ ਉਸ ਦੀ ਡਿਲਵਰੀ ਕਰਵਾਈ। ਇਸ ਦੌਰਾਨ ਡਾਕਟਰਾਂ ਨੇ ਦੱਸਿਆ ਕਿ ਔਰਤ ਨੇ ਇਕ ਮ੍ਰਿਤਕ ਬੱਚੇ ਨੂੰ ਜਨਮ ਦਿੱਤਾ ਹੈ। ਜਦੋਂ ਉਹ ਬੱਚੇ ਨੂੰ ਦਫਨਾਉਣ ਗਏ ਤਾਂ ਬੱਚਾ ਅਜੇ ਵੀ ਸਾਹ ਲੈ ਰਿਹਾ ਸੀ। ਜਦੋਂ ਉਹ ਬੱਚੇ ਨੂੰ ਲੈ ਕੇ ਹਸਪਤਾਲ ਪਹੁੰਚੇ ਤਾਂ ਡਾਕਟਰ ਨੇ ਫਿਰ ਕਿਹਾ ਕਿ ਬੱਚੇ ਦੀ ਮੌਤ ਹੋ ਚੁੱਕੀ ਹੈ। ਆਸ਼ੂ ਨੇ ਆਪਣੇ ਮਾਲਕ ਰਾਜੇਸ਼ ਗੁਪਤਾ ਨੂੰ ਫੋਨ ਕਰ ਕੇ ਬੁਲਾਇਆ ਅਤੇ ਬੱਚੇ ਨੂੰ ਇਲਾਜ ਲਈ ਸਿਵਲ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਦੱਸਿਆ ਕਿ ਬੱਚਾ ਅਜੇ ਵੀ ਜ਼ਿੰਦਾ ਹੈ ਅਤੇ ਸਾਹ ਲੈ ਰਿਹਾ ਹੈ। ਸਿਵਲ ਹਸਪਤਾਲ ਦੇ ਡਾਕਟਰਾਂ ਨੇ ਤੁਰੰਤ ਬੱਚੇ ਦਾ ਇਲਾਜ ਸ਼ੁਰੂ ਕਰ ਦਿੱਤਾ ਪਰ ਅੱਧੇ ਘੰਟੇ ਬਾਅਦ ਬੱਚੇ ਦੀ ਮੌਤ ਹੋ ਗਈ। ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕਿਹਾ ਕਿ ਜੇਕਰ ਬੱਚੇ ਨੂੰ ਸਮੇਂ ਸਿਰ ਇਲਾਜ ਮਿਲਦਾ ਤਾਂ ਉਸ ਦੀ ਜਾਨ ਬਚਾਈ ਜਾ ਸਕਦੀ ਸੀ।
ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੇ ਬੱਚੇ ਦੀ ਮੌਤ ਨਿੱਜੀ ਹਸਪਤਾਲ ਦੇ ਡਾਕਟਰ ਦੀ ਲਾਪਰਵਾਹੀ ਕਾਰਨ ਹੋਈ ਹੈ। ਇਸ ਲਈ ਉਨ੍ਹਾਂ ਨੇ ਹੰਗਾਮਾ ਕੀਤਾ ਅਤੇ ਸੜਕ ਜਾਮ ਕਰ ਦਿੱਤੀ, ਜਿਸ ਤੋਂ ਬਾਅਦ ਪੁਲਸ ਉੱਥੇ ਪਹੁੰਚ ਗਈ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਹੈ ਕਿ ਹਸਪਤਾਲ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਜਾਵੇ। ਥਾਣ ਟਿੱਬਾ ’ਚ ਤਾਇਨਾਤ ਸਬ-ਇੰਸਪੈਕਟਰ ਕੁਲਵਿੰਦਰ ਸਿੰਘ ਨੇ ਕਿਹਾ ਕਿ ਆਸ਼ੂ ਨੇ ਪੁਲਸ ਨੂੰ ਸ਼ਿਕਾਇਤ ਕੀਤੀ ਹੈ ਅਤੇ ਹਸਪਤਾਲ ਖ਼ਿਲਾਫ਼ ਦੋਸ਼ ਲਗਾਏ ਹਨ। ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਜੇਕਰ ਇਲਾਜ ਦੌਰਾਨ ਕੋਈ ਲਾਪਰਵਾਹੀ ਸਾਹਮਣੇ ਆਈ ਤਾਂ ਹਸਪਤਾਲ ਪ੍ਰਸ਼ਾਸਨ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।