ਲੁਧਿਆਣਾ ''ਚ ਵੱਧ ਤੋਂ ਵੱਧ ਲੋਕਾਂ ਦੀ ਵੈਕਸੀਨ ਲਈ ''ਵੈਕਸੀਨ ਡੋਰਸਟੈੱਪਸ'' ਮੁਹਿੰਮ ਦੀ ਸ਼ੁਰੂਆਤ

Friday, Mar 26, 2021 - 04:53 PM (IST)

ਲੁਧਿਆਣਾ ''ਚ ਵੱਧ ਤੋਂ ਵੱਧ ਲੋਕਾਂ ਦੀ ਵੈਕਸੀਨ ਲਈ ''ਵੈਕਸੀਨ ਡੋਰਸਟੈੱਪਸ'' ਮੁਹਿੰਮ ਦੀ ਸ਼ੁਰੂਆਤ

ਲੁਧਿਆਣਾ (ਹਿਤੇਸ਼) : ਲੁਧਿਆਣਾ ਵਿੱਚ ਕੋਵਿਡ-19 ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਇਸ ਵਾਇਰਸ ਦੀ ਲੜੀ ਨੂੰ ਤੋੜਨ ਲਈ ਘੱਟ ਸਮੇਂ ਵਿੱਚ ਵੱਡੀ ਆਬਾਦੀ ਨੂੰ ਵੈਕਸੀਨੇਸ਼ਨ ਲਗਾਉਣ ਲਈ ਇੱਕ ਵਿਲੱਖਣ ਪਹਿਲ 'ਵੈਕਸੀਨ ਐਟ ਡੋਰਸਟੈੱਪਸ' (ਬੂਹੇ 'ਤੇ ਵੈਕਸੀਨ) ਦੀ ਸ਼ੁਰੂਆਤ ਕੀਤੀ ਗਈ ਹੈ। ਇਲਾਕੇ ਦੇ ਕੌਂਸਲਰ ਮਮਤਾ ਆਸ਼ੂ ਅਤੇ ਇਲਾਕਾ ਵਾਸੀ ਡਾ. ਐਸ. ਬੀ. ਪਾਂਧੀ ਦੇ ਯਤਨਾਂ ਸਦਕਾ ਸਥਾਨਕ ਪ੍ਰਤਾਪ ਕਾਲੋਨੀ ਪਾਰਕ, ਪੱਖੋਵਾਲ ਰੋਡ ਵਿਖੇ ਲਗਾਏ ਗਏ ਪਹਿਲੇ ਕੈਂਪ ਦਾ ਉਦਘਾਟਨ ਕਰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਅਤੇ ਨਿਗਮ ਕੌਂਸਲਰ ਮਮਤਾ ਆਸ਼ੂ ਨੇ ਦੱਸਿਆ ਕਿ ਮਾਹਰਾਂ ਅਨੁਸਾਰ ਕੋਵਿਡ-19 ਦੀ ਦੂਜੀ ਲਹਿਰ ਵਧੇਰੇ ਤੀਬਰ ਹੈ।

ਇਸ ਕਾਰਨ ਜ਼ਿਆਦਾ ਲੋਕ ਇਸ ਦੇ ਸ਼ਿਕਾਰ ਹੋ ਰਹੇ ਹਨ। ਇਸ ਲਈ ਉਨ੍ਹਾਂ ਕਿਹਾ ਕਿ ਇਹ ਟੀਕਾ ਲਗਾ ਕੇ ਵੱਧ ਤੋਂ ਵੱਧ ਆਬਾਦੀ ਨੂੰ ਕਵਚ ਪ੍ਰਦਾਨ ਕਰਨਾ ਵਧੇਰੇ ਮਹੱਤਵਪੂਰਨ ਬਣ ਜਾਂਦਾ ਹੈ।ਉਨ੍ਹਾਂ ਕਿਹਾ ਕਿ 'ਵੈਕਸੀਨ ਐਟ ਡੋਰਸਟੈੱਪਸ' ਦੀ ਪਹਿਲ ਤਹਿਤ ਟੀਕਾਕਰਨ ਕੇਂਦਰ ਵਿਖੇ ਕਤਾਰ ਵਿਚ ਖੜ੍ਹਨ ਦੀ ਲੋੜ ਨਹੀਂ ਹੈ ਕਿਉਂਕਿ ਸਿਹਤ ਟੀਮਾਂ ਵਿਸ਼ੇਸ਼ ਖੇਤਰ/ਫੈਕਟਰੀਆਂ/ਪਿੰਡਾਂ/ਰਿਹਾਇਸ਼ੀ ਸੁਸਾਇਟੀਆਂ ਜਾਂ ਨਿੱਜੀ ਅਦਾਰਿਆਂ ਦਾ ਦੌਰਾ ਕਰਨਗੀਆਂ, ਜਿਸ ਲਈ ਸਿਰਫ ਆਪਣੇ ਇਲਾਕਿਆਂ ਜਾਂ ਥਾਵਾਂ 'ਤੇ ਟੀਕਾਕਰਨ ਕੈਂਪ ਲਗਾਉਣ ਲਈ ਪ੍ਰਸ਼ਾਸਨ ਨੂੰ ਇੱਕ ਫੋਨ ਕਰਨ ਦੀ ਲੋੜ ਹੈ। ਡਿਪਟੀ ਕਮਿਸ਼ਨਰ ਨੇ ਖ਼ੁਲਾਸਾ ਕੀਤਾ ਕਿ ਪ੍ਰਸ਼ਾਸਨ ਸਿਹਤ ਟੀਮਾਂ ਨੂੰ ਉਨ੍ਹਾਂ ਸਾਰੀਆਂ ਥਾਵਾਂ 'ਤੇ ਸਾਰੇ ਯੋਗ ਵਿਅਕਤੀਆਂ ਦਾ ਟੀਕਾਕਰਣ ਲਈ ਭੇਜੇਗਾ, ਜਿੱਥੋਂ ਇਹ ਕਾਲ ਆਵੇਗੀ।

ਲੋਕਾਂ ਨੂੰ ਬੇਝਿੱਜਕ ਟੀਕੇ ਨੂੰ ਅਪਨਾਉਣ ਦੀ ਅਪੀਲ ਕਰਦਿਆਂ ਸ਼ਰਮਾ ਨੇ ਜ਼ੋਰ ਦੇ ਕੇ ਕਿਹਾ ਕਿ ਸਾਡੇ ਵਿਗਿਆਨੀਆਂ ਨੇ ਟੀਕੇ ਨੂੰ ਵਿਕਸਿਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ ਅਤੇ ਇਸ ਨੂੰ ਰਾਸ਼ਟਰ ਪ੍ਰਤੀ ਸਮਾਜਿਕ ਜ਼ਿੰਮੇਵਾਰੀ ਮੰਨਦਿਆਂ ਸਾਨੂੰ ਮਹਾਮਾਰੀ ਤੋਂ ਕੀਮਤੀ ਜਾਨਾਂ ਬਚਾਉਣ ਲਈ ਜਲਦ ਹੀ ਇਹ ਟੀਕਾ ਲਗਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਜਦੋਂ ਕੋਵਿਡ ਦੀ ਵੈਕਸੀਨ ਨਹੀਂ ਸੀ, ਲੋਕ ਵੱਡੀ ਗਿਣਤੀ ਵਿੱਚ ਨਿਰਾਸ਼ ਸਨ ਅਤੇ ਟੀਕੇ ਲਈ ਪ੍ਰਾਰਥਨਾ ਕਰ ਰਹੇ ਸਨ ਅਤੇ ਜਦੋਂ ਹੁਣ ਵੈਕਸੀਨ ਮੌਜੂਦ ਹੈ, ਤਾਂ ਲੋਕਾਂ ਨੂੰ ਇਸ ਮਹਾਮਾਰੀ ਦੇ ਖ਼ਿਲਾਫ਼ ਜੰਗ ਜਿੱਤਣ ਲਈ ਵੈਕਸੀਨ ਲਗਾਉਣ ਲਈ ਅੱਗੇ ਆਉਣਾ ਚਾਹੀਦਾ ਹੈ।

ਲੋਕਾਂ ਨੂੰ ਤਹਿ ਦਿਲ ਨਾਲ ਸਮਰਥਨ ਦੀ ਮੰਗ ਕਰਦਿਆਂ ਨਿਗਮ ਕੌਂਸਲਰ ਮਮਤਾ ਆਸ਼ੂ ਨੇ ਕਿਹਾ ਕਿ ਲੋਕਾਂ ਲਈ ਇਹ ਸਭ ਤੋਂ ਉੱਤਮ ਪ੍ਰਣਾਲੀ ਹੈ ਕਿਉਂਕਿ ਕਤਾਰ ਵਿਚ ਖੜ੍ਹੇ ਹੋਣ ਅਤੇ ਸਮਾਂ ਬਰਬਾਦ ਕਰਨ ਦੀ ਬਜਾਏ ਸਿਹਤ ਟੀਮਾਂ ਉਨ੍ਹਾਂ ਦੇ ਘਰ ਜਾ ਕੇ ਟੀਕੇ ਲਗਾਉਣਗੀਆਂ। ਡੀ. ਐਮ. ਸੀ. ਐਚ. ਤੋਂ ਡਾ. ਬਿਸ਼ਵ ਮੋਹਨ ਨੇ ਕਿਹਾ ਕਿ ਸਾਨੂੰ ਕੋਵਿਡ ਦੇ ਮਾਮਲਿਆਂ ਵਿੱਚ ਅਚਾਨਕ ਉਛਾਲ ਆਉਣ 'ਤੇ ਟੀਕਾ ਮੁਹਿੰਮ ਨੂੰ ਤੇਜ਼ ਕਰਨ ਦੀ ਲੋੜ ਹੈ, ਖ਼ਾਸਕਰ ਨੌਜਵਾਨ ਲੋਕਾਂ ਵਿੱਚ, ਇਸ ਲਈ ਕੋਰੋਨਾ ਵੈਕਸੀਨ ਦਾ ਟੀਕਾ ਲਗਵਾ ਕੇ ਸਾਰੇ ਯੋਗ ਵਿਅਕਤੀਆਂ ਨੂੰ ਇਸ ਮੁਹਿੰਮ ਦਾ ਲਾਭ ਲੈਣਾ ਚਾਹੀਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀਪ ਕੁਮਾਰ, ਸਿਵਲ ਸਰਜਨ ਡਾ. ਸੁਖਜੀਵਨ ਕੱਕੜ, ਡੀ. ਆਈ. ਓ. ਡਾ. ਕਿਰਨ ਗਿੱਲ ਤੋਂ ਇਲਾਵਾ ਕਈ ਹੋਰ ਵੀ ਹਾਜ਼ਰ ਸਨ।
 


author

Babita

Content Editor

Related News