ਕੀ ਹਾਈਕਮਾਨ ਤੱਕ ਵੀ ਪਹੁੰਚਿਆ ਕੈਪਟਨ ਸਰਕਾਰ ਦੇ ਵੈਕਸੀਨ ਘਪਲੇ ਦਾ ਪੈਸਾ : ਰਾਘਵ

Saturday, Jun 05, 2021 - 05:52 PM (IST)

ਕੀ ਹਾਈਕਮਾਨ ਤੱਕ ਵੀ ਪਹੁੰਚਿਆ ਕੈਪਟਨ ਸਰਕਾਰ ਦੇ ਵੈਕਸੀਨ ਘਪਲੇ ਦਾ ਪੈਸਾ : ਰਾਘਵ

ਚੰਡੀਗੜ੍ਹ (ਰਮਨਜੀਤ) : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸੂਬੇ ’ਚ ਸਰਕਾਰੀ ਕੋਟੇ ਦੀ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਵੇਚਣ ਦੀ ਅਲੋਚਨਾ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਹੈ ਕਿ ਕੀ ਇਸ ਘਪਲੇ ਦਾ ਪੈਸਾ ਕਾਂਗਰਸ ਦੀ ਹਾਈਕਮਾਨ ਤੱਕ ਵੀ ਪਹੁੰਚਿਆ ਹੈ? ‘ਆਪ’ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਇਸ ਘਪਲੇ ਨਾਲ ਪੰਜਾਬ ਵਾਸੀਆਂ ਦੀਆਂ ਜੇਬਾਂ ’ਤੇ ਕਰੋੜਾਂ ਰੁਪਏ ਦਾ ਡਾਕਾ ਮਾਰਿਆ ਹੈ। ਉਨ੍ਹਾਂ ਨੇ ਵੈਕਸੀਨ ਘਪਲੇ ’ਚ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਕੌਮੀ ਪ੍ਰਧਾਨ ਨੂੰ ਲੋਕਾਂ ਨੂੰ ਜਵਾਬ ਦੇਣ ਦੀ ਮੰਗ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਨੇ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੱਸੇ ਰਾਹ ’ਤੇ ਚਲ ਕੇ ‘ਆਫਤਾਂ ਨੂੰ ਮੌਕਾ’ ਬਣਾਉਂਦੇ ਹੋਏ ਮੁਸੀਬਤ ਦੇ ਸਮੇਂ ’ਚ ਪੰਜਾਬ ਦੇ ਲੋਕਾਂ ਤੋਂ ਪੈਸੇ ਦੀ ‘ਲੁੱਟਣ’ ’ਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਸੂਬਾ ਸਰਕਾਰ ਦੇ ਕੋਟੇ ਵਾਲੀ ਵੈਕਸੀਨ 400 ਰੁਪਏ ਪ੍ਰਤੀ ਡੋਜ਼ ਖਰੀਦੀ ਸੀ ਪਰ ਇਹ ਵੈਕਸੀਨ ਨੌਜਵਾਨਾਂ ਨੂੰ ਲਗਾਉਣ ਦੀ ਥਾਂ ਕੈਪਟਨ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਨੂੰ 1060 ਰੁਪਏ ਪ੍ਰਤੀ ਡੋਜ਼ ’ਚ ਵੇਚ ਕੇ ਕਰੋੜਾਂ ਰੁਪਏ ਦਾ ਘਪਲਾ ਕੀਤਾ ਹੈ। ਇਸ ਨਾਲ ਪ੍ਰਾਈਵੇਟ ਹਸਪਤਾਲਾਂ ਨੂੰ ਪੰਜਾਬ ਵਾਸੀਆਂ ਦੀ ਆਰਥਿਕ ਲੁੱਟ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਅਤੇ ਵਿਧਾਇਕਾਂ ਦੀ ਕਾਂਗਰਸ ’ਚ ਐਂਟਰੀ ’ਤੇ ਬੋਲੇ ਸੁਖਬੀਰ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਕਾਂਗਰਸ ਹਾਈਕਮਾਨ ਨੂੰ ਪੰਜਾਬ ਦੇ ਲੋਕਾਂ ਨੂੰ ਇਸ ਗੱਲ ਦਾ ਜਵਾਬ ਦੇਣਾ ਪਵੇਗਾ ਕਿ ਜਦੋਂ ਦਿੱਲੀ ਦੀ ਸਰਕਾਰ ਸਾਰਿਆਂ ਨੂੰ ਮੁਫਤ ’ਚ ਵੈਕਸੀਨ ਲਾ ਰਹੀ ਹੈ ਤਾਂ ਪੰਜਾਬ ਸਰਕਾਰ ਕਿਉਂ ਨਹੀਂ। ਇਹ ਵੀ ਦੱਸਣਾ ਪਵੇਗਾ ਕਿ ਸਰਕਾਰੀ ਵੈਕਸੀਨ ਕੇਂਦਰ ਬੰਦ ਕਰ ਕੇ ਪ੍ਰਾਈਵੇਟ ਹਸਪਤਾਲਾਂ ਨੂੰ ਵੈਕਸੀਨ ਦੇ 3100 ਰੁਪਏ ਵਸੂਲਣ ਦੀ ਇਜਾਜ਼ਤ ਕਿਸ ਨੇ ਦਿੱਤੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਵੀ ਜਵਾਬ ਦੇਣਾ ਪਵੇਗਾ ਕਿ ਵੈਕਸੀਨ ਘਪਲਾ ਕਰ ਕੇ ਇਕੱਠੇ ਕੀਤੇ ਕਰੋੜਾਂ ਰੁਪਏ ’ਚੋਂ ਕਾਂਗਰਸ ਹਾਈਕਮਾਨ ਨੂੰ ਕਿੰਨਾ ਹਿੱਸਾ ਭੇਜਿਆ। ਉਨ੍ਹਾਂ ਕਿਹਾ ਕਿ ਜਦੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਕਹਿ ਰਹੇ ਹਨ ਕਿ ਵੈਕਸੀਨ ਮਾਮਲੇ ’ਚ ਉਨ੍ਹਾਂ ਦੀ ਕੋਈ ਦਖਲ-ਅੰਦਾਜ਼ੀ ਨਹੀਂ ਹੈ ਤਾਂ ਕੀ ਵੈਕਸੀਨ ਘਪਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਹੈ ? ਉਨ੍ਹਾਂ ਨੇ ਮੰਗ ਕੀਤੀ ਹੈ ਕਿ ਪੰਜਾਬ ਸਮੇਤ ਕਾਂਗਰਸ ਪਾਰਟੀ ਦੀ ਸਰਕਾਰ ਵਾਲੇ ਸਾਰੇ ਸੂਬਿਆਂ ’ਚ ਹੋਏ ਵੈਕਸੀਨ ਘਪਲੇ ਬਾਰੇ ਕੌਮੀ ਪ੍ਰਧਾਨ ਸੋਨੀਆ ਗਾਂਧੀ ਪੰਜਾਬ ਅਤੇ ਦੇਸ਼ ਦੇ ਲੋਕਾਂ ਸਾਹਮਣੇ ਆਪਣੀ ਸਥਿਤੀ ਸਪੱਸ਼ਟ ਕਰਨ।

ਇਹ ਵੀ ਪੜ੍ਹੋ : ਕੋਰੋਨਾ ਦੀ ਤੀਜ਼ੀ ਲਹਿਰ ਨਾਲ ਨਿਪਟਣ ਲਈ ਸਰਕਾਰ ਪੂਰੀ ਤਰ੍ਹਾਂ ਤਿਆਰ : ਸੋਨੀ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

 

 


author

Anuradha

Content Editor

Related News