ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਖਾਲਸੇ ਦਾ ਸਾਜਨਾ ਦਿਵਸ

Saturday, Apr 15, 2023 - 11:08 AM (IST)

ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਖਾਲਸੇ ਦਾ ਸਾਜਨਾ ਦਿਵਸ

ਸ੍ਰੀ ਅਨੰਦਪੁਰ ਸਾਹਿਬ (ਜ.ਬ)- ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਪੁਰਬ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੀਤੇ ਦਿਨਾਂ ਤੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਬੀਤੇ ਦਿਨ ਭੋਗ ਪਾਏ ਗਏ। ਉਪਰੰਤ ਤਖ਼ਤ ਸਾਹਿਬ ਵਿਖੇ ਸਾਰਾ ਦਿਨ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ’ਚ ਸਿੱਖ ਕੌਮ ਦੇ ਉੱਚ ਕੋਟੀ ਦੇ ਰਾਗੀ, ਢਾਡੀ ਅਤੇ ਕਵੀਸ਼ਰੀ ਜੱਥਿਆਂ ਵੱਲੋਂ ਗੁਰਬਾਣੀ, ਕਥਾ, ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਾ ਕੀਤਾ। ਤਖ਼ਤ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨਾਂ ਮੌਕੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜੁਗਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਜਿੱਥੇ ਖਾਲਸਾ ਸਾਜਨਾ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਮੁਬਾਰਕਾਂ ਦਿੱਤੀਆਂ, ਉੱਥੇ ਹੀ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਇਸੇ ਅਸਥਾਨ ’ਤੇ 13 ਅਪ੍ਰੈਲ 1699 ਈਸਵੀ ਨੂੰ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ ਜਿੱਥੇ ਸਿੰਘ ਸਜਾਇਆ ਉਥੇ ਹੀ ਨਵੀਂ ਪਿਰਤ ਪਾਉਂਦਿਆ ਅੰਮ੍ਰਿਤ ਛੱਕ ਕੇ ਸਿੰਘ ਸਜੇ ਪੰਜ ਪਿਆਰਿਆਂ ਤੋਂ ਖੁਦ ਵੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਸਬੰਧੀ ਸੰਗਤਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ : ਮੋਹਿੰਦਰ ਭਗਤ ਦੇ ਘਰ ਪੁੱਜੀ ਭਾਜਪਾ ਲੀਡਰਸ਼ਿਪ, ਭਾਵੁਕ ਹੋ ਪਿਤਾ ਚੁੰਨੀ ਲਾਲ ਨੇ ਕਹੀ ਵੱਡੀ ਗੱਲ

PunjabKesari

ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਦਿਹਾੜੇ ਮਨਾਉਣੇ ਤਾਂ ਹੀ ਸਫਲਾ ਹੋ ਸਕਦੇ ਜੇ ਅਸੀਂ ਗੁਰੂ ਸਾਹਿਬ ਦੇ ਪਾਏ ਪੂਰਨਿਆਂ ’ਤੇ ਚੱਲਣ ਅਤੇ ਅੰਮ੍ਰਿਤ ਦੀ ਦਾਤ ਲੈ ਕੇ ਗੁਰੂ ਦੇ ਸਿੰਘ ਸਜੀਏ। ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਇਤਿਹਾਸਕ ਦਿਹਾਡ਼ੇ ਮੌਕੇ 12 ਅਪ੍ਰੈਲ ਤੋਂ 14 ਅਪ੍ਰੈਲ ਤਕ ਸੰਗਤਾਂ ਨੂੰ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਛਕਾਇਆ ਗਿਆ। ਦੇਸ਼ਾਂ-ਵਿਦੇਸ਼ਾਂ ਤੋਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਪਹੁੰਚੀ ਲੱਖਾਂ ਦੀ ਗਿਣਤੀ ਸੰਗਤਾਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਮੰਜੀ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ, ਗੁਰਦੁਆਰਾ ਭੋਰਾ ਸਾਹਿਬ, ਗੁਰਦੁਆਰਾ ਬਾਬਾ ਸੰਗਤ ਸਿੰਘ ਜੀ, ਗੁਰਦੁਆਰਾ ਕਿਲਾ ਫਤਿਹਗੜ੍ਹ ਸਾਹਿਬ ਸਮੇਤ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਵਿਖੇ ਸਵੇਰ ਤੋਂ ਹੀ ਲਾਈਨਾਂ ’ਚ ਲੱਗ ਕੇ ਮੱਥਾ ਟੇਕਿਆ ਗਿਆ ਅਤੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ।

ਇਸ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਸਹਿਰ ਦੇ ਵੱਖ-ਵੱਖ ਚੌਂਕਾਂ ਵਿੱਚ ਪੈਰਾ-ਮਿਲਟਰੀ ਫੋਰਸ ਅਤੇ ਪੰਜਾਬ ਪੁਲਸ ਵੱਲੋਂ ਥਾਂ-ਥਾਂ ਨਾਕੇ ਲਗਾ ਕੇ ਆਉਣ ਜਾਣ ਵਾਲੀਆਂ ਸੰਗਤਾਂ ਉੱਪਰ ਪੈਨੀ ਨਜਰ ਰੱਖੀ ਗਈ। ਪੁਲਸ ਵੱਲੋਂ ਕੀਤੀ ਭਾਰੀ ਸਖ਼ਤੀ ਦੇ ਬਾਵਜੂਦ ਸੰਗਤਾਂ ਦੀ ਸ਼ਰਧਾ ਉਪਰ ਕੋਈ ਅਸਰ ਨਹੀਂ ਪਿਆ ਅਤੇ ਲੱਖਾਂ ਦੀ ਗਿਣਤੀ ’ਚ ਸੰਗਤਾਂ ਖਾਲਸਾ ਸਾਜਨਾ ਦਿਵਸ ਮਨਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਪਹੁੰਚੀਆਂ।

ਇਹ ਵੀ ਪੜ੍ਹੋ : ਰਾਹੋਂ 'ਚ ਰੂਹ ਕੰਬਾਊ ਹਾਦਸਾ, 35 ਪ੍ਰਵਾਸੀ ਮਜ਼ਦੂਰਾਂ ਦੀਆਂ ਝੌਂਪੜੀਆਂ ਨੂੰ ਲੱਗੀ ਅੱਗ, 8 ਸਾਲਾ ਬੱਚੀ ਦੀ ਮੌਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News