ਕਿਸਾਨਾਂ ਦੇ ਖੇਤੀ ਵਿਰੋਧੀ ਕਾਨੂੰਨ ਤੇ ਆਰਡੀਨੈਂਸ ਦੀਆਂ ਸਾੜੀਆਂ ਕਾਪੀਆਂ
Friday, Sep 18, 2020 - 03:15 PM (IST)
ਵਲਟੋਹਾ (ਬਲਜੀਤ ਸਿੰਘ) : ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ ਦਾ ਵਿਸ਼ਾਲ ਇਕੱਠ ਪਿੰਡ ਦਾਸੂਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ, ਜਿਸ 'ਚ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਉਪਰੰਤ ਕਿਸਾਨਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਕਿਸਾਨਾਂ ਨੇ ਖੇਮਕਰਨ ਪੱਟੀ ਸੜਕ 'ਤੇ ਜਾਮ ਲਾ ਕੇ ਕੇਂਦਰ ਦੇ ਖੇਤੀ ਵਿਰੋਧੀ ਕਾਨੂੰਨ ਅਤੇ ਆਰਡੀਨੈਂਸ ਦੀਆਂ ਕਾਪੀਆਂ ਸਾੜੀਆਂ।
ਇਹ ਵੀ ਪੜ੍ਹੋ : ਪਾਵਨ ਸਰੂਪਾਂ ਦੇ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਾਈ ਲੌਂਗੋਵਾਲ ਨੂੰ ਸੁਣਾਈ ਧਾਰਮਿਕ ਸਜ਼ਾ
ਇਸ ਮੌਕੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਸੰਘਰਸ਼ ਕਮੇਟੀ ਜਥੇਬੰਦੀ ਦੇ ਸੂਬਾਈ ਕਨਵੀਨਰ ਕੰਵਲਪ੍ਰੀਤ ਸਿੰਘ ਪੰਨੂੰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਜਾਰੀ ਕੀਤੇ ਆਰਡੀਨੈਂਸਾਂ ਨੂੰ ਕਾਨੂੰਨ ਬਣਾਉਣ ਲਈ ਲੋਕ ਸਭਾ 'ਚ ਪਾਸ ਕਰ ਦਿੱਤਾ ਹੈ। ਜ਼ਰੂਰੀ ਵਸਤੂਆਂ ਸੋਧ ਬਿੱਲ ਹੁਣ ਕਾਨੂੰਨ ਬਣ ਚੁੱਕਾ ਹੈ ਕਿਸਾਨਾਂ ਦੀਆਂ ਸਾਰੀਆਂ ਫਸਲਾਂ ਹੁਣ ਜ਼ਰੂਰੀ ਵਸਤੂਆਂ ਦੇ ਖਾਣੇ 'ਚੋਂ ਬਾਹਰ ਹੋ ਗਈਆਂ ਹਨ। ਪ੍ਰਾਈਵੇਟ ਕੰਪਨੀਆਂ ਕਿਸਾਨਾਂ ਅਤੇ ਖਪਤਕਾਰਾਂ ਦੋਵਾਂ ਦੀ ਲੁੱਟ ਕਰਨਗੀਆਂ। ਉਨ੍ਹਾਂ ਕਿਹਾ ਕਿ ਖੇਤੀ ਵਿਰੋਧੀ ਦੋਵੇਂ ਆਰਡੀਨੈਂਸ ਅਤੇ ਬਿਜਲੀ ਸੋਧ ਬਿਲ 2020 ਵੀ ਕਾਨੂੰਨ ਦਾ ਰੂਪ ਧਾਰਨ ਕਰਨਗੇ ਬਿਜਲੀ ਵਾਲੇ ਕਾਨੂੰਨ ਨਾਲ ਬਿਜਲੀ ਵਾਲਾ ਮਹਿਕਮਾ ਕੇਂਦਰ ਸਰਕਾਰ ਦੇ ਅਧੀਨ ਹੋ ਜਾਵੇਗਾ। ਕਿਸਾਨਾਂ ਅਤੇ ਮਜ਼ਦੂਰਾਂ ਨੂੰ ਬਿਜਲੀ 'ਤੇ ਮਿਲਦੀ ਸਬਸਿਡੀ ਖ਼ਤਮ ਹੋ ਜਾਵੇਗੀ। ਕਿਸਾਨਾਂ ਨੇ ਮਤਾ ਪਾਸ ਕਰਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬੁਲਾਵੇ ਤੇ ਚੱਲ ਰਹੇ ਪੱਕੇ ਮੋਰਚੇ ਦੀ ਹਮਾਇਤ ਵੀ ਕੀਤੀ। ਇਸ ਮੌਕੇ ਵੱਡੀ ਗਿਣਤੀ 'ਚ ਕਿਸਾਨ ਹਾਜ਼ਰ ਸਨ।
ਇਹ ਵੀ ਪੜ੍ਹੋ : ਪਾਵਨ ਸਰੂਪਾਂ ਦੇ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮੁਲਜ਼ਮਾਂ ਨੂੰ ਸੁਣਾਈ ਧਾਰਮਿਕ ਸਜ਼ਾ