ਜੁਰਾਬਾਂ ਵੇਚ ਕੇ ਗੁਜ਼ਾਰਾ ਕਰਨ ਵਾਲੇ ਵੰਸ਼ ਲਈ ਆਈ ਚੰਗੀ ਖ਼ਬਰ, ਕੈਪਟਨ ਦੇ ਐਲਾਨ ਤੋਂ ਬਾਅਦ ਮਿਲਿਆ ਸਹਾਰਾ

Wednesday, May 12, 2021 - 07:03 PM (IST)

ਲੁਧਿਆਣਾ (ਨਰਿੰਦਰ ਮਹਿੰਦਰੂ) : ਜੁਰਾਬਾਂ ਵੇਚ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨ ਵਾਲੇ ਵੰਸ਼ ਦਾ ਬੀਤੇ ਦਿਨੀਂ ਵੀਡੀਓ ਵਾਇਰਲ ਹੋਇਆ ਸੀ ਜਿਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਸ ਨੂੰ ਫੋਨ ਕਰਕੇ ਪਰਿਵਾਰ ਦੀ ਮਾਲੀ ਮੱਦਦ ਕਰਨ ਦਾ ਭਰੋਸਾ ਦਿੱਤਾ ਸੀ। ਇਸ ਤੋਂ ਬਾਅਦ ਅੱਜ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੰਸ਼ ਦੇ ਪਰਿਵਾਰ ਨੂੰ ਦੋ ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ ਅਤੇ ਨਾਲ ਹੀ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦੇ ਯਤਨਾ ਸਦਕਾ ਉਸ ਦਾ ਦਾਖ਼ਲਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਮਾਰਟ ਸਕੂਲ ਪੰਜਵੀਂ ਜਮਾਤ ਵਿਚ ਕਰਵਾ ਦਿੱਤਾ ਗਿਆ ਹੈ। ਇਥੇ ਹੀ ਬਸ ਨਹੀਂ ਵੰਸ਼ ਦੇ ਭਰਾ ਦਾ ਦਾਖ਼ਲਾ ਵੀ ਨੌਵੀਂ ਜਮਾਤ ਵਿਚ ਕਰਵਾਇਆ ਗਿਆ ਹੈ ਕਿਉਂਕਿ ਉਸ ਨੇ ਵੀ ਆਰਥਿਕ ਤੰਗੀ ਦੇ ਚੱਲਦਿਆਂ ਪੜ੍ਹਾਈ ਛੱਡ ਦਿੱਤੀ ਸੀ।

ਇਹ ਵੀ ਪੜ੍ਹੋ : ਮੌਸਮ ਵਿਭਾਗ ਦੀ ਭਵਿੱਖਬਾਣੀ, ਪੰਜਾਬ ’ਚ ਕਰਵਟ ਲਵੇਗਾ ਮੌਸਮ, ਹੋਵੇਗੀ ਗੜੇਮਾਰੀ

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਵੱਲੋਂ ਖੁਦ ਉਸ ਦਾ ਸਕੂਲ ਵਿਚ ਦਾਖ਼ਲ ਕਰਵਾਇਆ ਗਿਆ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਕੀਤੇ ਗਏ ਐਲਾਨ ਦੇ ਮੱਦੇਨਜ਼ਰ ਉਸ ਨੂੰ ਦੋ ਲੱਖ ਰੁਪਏ ਦਾ ਚੈੱਕ ਵੀ ਭੇਟ ਕੀਤਾ ਗਿਆ ਤਾਂ ਜੋ ਪਰਿਵਾਰ ਦੀ ਆਰਥਿਕ ਮਦਦ ਹੋ ਸਕੇ। ਇਸ ਦੌਰਾਨ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਪਰਿਵਾਰ ਦੀ ਆਰਥਿਕ ਮੱਦਦ ਕੀਤੀ ਗਈ ਹੈ, ਉਨ੍ਹਾਂ ਕਿਹਾ ਕਿ ਦੋਵਾਂ ਬੱਚਿਆਂ ਨੂੰ ਸਕੂਲ ਪੜ੍ਹਾਇਆ ਜਾ ਰਿਹਾ ਹੈ ਤਾਂ ਜੋ ਉਹ ਦੋਵੇਂ ਪੜ੍ਹ ਲਿਖ ਕੇ ਕੋਈ ਚੰਗਾ ਕੰਮ ਕਰ ਸਕਣ। ਉਨ੍ਹਾਂ ਕਿਹਾ ਕਿ ਦੋਵੇਂ ਬੱਚਿਆਂ ਦੀ ਉਮਰ ਪੜ੍ਹਾਈ ਕਰਨ ਦੀ ਹੈ ਨਾ ਕਿ ਕੰਮ ਕਰਨ ਦੀ, ਇਸ ਕਰਕੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਖਰਚੇ ’ਤੇ ਮੁਫ਼ਤ ਪੜ੍ਹਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਕਾਂਗਰਸ ’ਚ ਚੱਲ ਰਹੇ ਘਮਸਾਨ ਵਿਚਾਲੇ ਮੰਤਰੀ ਮੰਡਲ ’ਚ ਹੋ ਰਹੇ ਬਦਲਾਅ ’ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News