ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਲਈ ਖ਼ਾਸ ਖ਼ਬਰ, ਇਸ ਤਾਰੀਖ਼ ਤੱਕ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
Wednesday, Jul 24, 2024 - 05:06 PM (IST)
ਫਾਜ਼ਿਲਕਾ (ਨਾਗਪਾਲ) : ਜ਼ਿਲ੍ਹਾ ਮੈਜਿਸਟਰੇਟ ਡਾ. ਸੇਨੂੰ ਦੁੱਗਲ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਅਗਸਤ ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ 'ਤੇ ਆਮ ਜਨਤਾ, ਵਿਅਕਤੀਆਂ ਅਤੇ ਪ੍ਰਦਸ਼ਨਕਾਰੀਆਂ ਦੇ ਚੜ੍ਹਨ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਦੀ ਸੁਰੱਖਿਆ ਲਈ ਸਬੰਧਿਤ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਅਧਿਕਾਰੀ, ਕਰਮਚਾਰੀ, ਚੌਂਕੀਦਾਰ ਦੀ 24 ਘੰਟੇ ਲਈ ਡਿਊਟੀ ਲਗਾਉਣ, ਤਾਂ ਜੋ ਕਿਸੇ ਵੀ ਜੱਥੇਬੰਦੀ ਵੱਲੋਂ ਰੋਸ ਪ੍ਰਦਰਸ਼ਨ ਦੀ ਕਾਰਵਾਈ ਨੂੰ ਰੋਕਿਆ ਜਾ ਸਕੇ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜ਼ਿਲਕਾ ’ਚ ਪੈਂਦੇ ਅੰਤਰ-ਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲੱਗਦੇ 4 ਕਿਲੋਮੀਟਰ ਦੇ ਏਰੀਏ ’ਚ ਕਵਾਡ-ਕਾਪਟਰ/ਡਰੋਨ ਕੈਮਰੇ ਆਦਿ ਉਡਾਉਣ 'ਤੇ ਪਾਬੰਦੀ ਲਗਾਈ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਲੋਕਾਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋ ਗਏ ਸਖ਼ਤ ਹੁਕਮ
ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜ਼ਿਲਕਾ ’ਚ ਸਬ ਜੇਲ੍ਹ ਫਾਜ਼ਿਲਕਾ ਦੇ 500 ਵਰਗ ਮੀਟਰ ਏਰੀਆ ਨੂੰ ਨੋ ਡਰੋਨ ਜ਼ੋਨ ਐਲਾਨਿਆ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਡਰੋਨ ਜੋ ਆਮ ਲੋਕਾਂ ਤੱਕ ਆਸਾਨੀ ਨਾਲ ਪਹੁੰਚ ਬਣਾ ਚੁੱਕਿਆ ਹੈ ਅਤੇ ਕੋਈ ਵੀ ਇਸ ਦੀ ਦੁਰਵਰਤੋ ਕਰਕੇ ਜੇਲ੍ਹਾਂ ’ਚ ਬੰਦ ਖ਼ਤਰਨਾਕ ਕੈਦੀਆਂ ਤੱਕ ਮੋਬਾਇਲ ਫੋਨ, ਡਰੱਗ, ਹਥਿਆਰ ਅਤੇ ਉਨ੍ਹਾਂ ਨੂੰ ਭੱਜਣ ’ਚ ਮਦਦ ਕਰਨ ਵਾਲੀ ਸਮੱਗਰੀ ਦੀ ਸਪਲਾਈ ਕਰ ਸਕਦਾ ਹੈ।
ਇਸ ਲਈ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਜਿਹੇ ਸਖ਼ਤ ਕਦਮ ਚੁੱਕਣ ਦੀ ਲੋੜ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਫਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾਂ ਅਤੇ ਬੀ. ਪੀ. ਓਜ਼ ਦੇ ਨੇੜੇ ਸ਼ਾਮ 6 ਵਜੇ ਤੋਂ ਸਵੇਰੇ 8 ਵਜੇ ਤੱਕ ਆਮ ਜਨਤਾ ਦੇ ਆਉਣ-ਜਾਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਫ਼ੌਜ, ਬੀ. ਐੱਸ. ਐੱਫ., ਪੁਲਸ, ਠੇਕੇਦਾਰ ’ਤੇ ਉਹ ਮਜ਼ਦੂਰ ਜੋ ਕਿ ਮਿਲਟਰੀ ਏਰੀਆ ’ਚ ਮਜ਼ਦੂਰੀ ਦਾ ਕੰਮ ਕਰਦੇ ਹੋਣ ਜਾਂ ਸਮਰੱਥ ਅਧਿਕਾਰੀ ਵੱਲੋਂ ਜਾਰੀ ਪਰਮਿਟ ’ਤੇ ਲਾਗੂ ਨਹੀਂ ਹੋਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8