ਅੰਮ੍ਰਿਤਸਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਉਲੰਘਣਾ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ
Tuesday, Nov 10, 2026 - 01:07 PM (IST)
ਅੰਮ੍ਰਿਤਸਰ (ਨੀਰਜ)-ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ, ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਸੰਭਾਵੀ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਪੱਲਵੀ ਮਿਸ਼ਰਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਵੱਖ-ਵੱਖ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਦੇ ਦਿਹਾਤੀ ਖੇਤਰ ਵਿੱਚ ਸਥਿਤ ਮੈਰਿਜ ਪੈਲੇਸਾਂ ਅਤੇ ਸਮਾਗਮਾਂ ਵਾਲੀਆਂ ਥਾਵਾਂ ’ਤੇ ਹਥਿਆਰ ਲਿਜਾਣ, ਹਵਾਈ ਫਾਇਰ ਕਰਨ ਅਤੇ ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਨੁਮਾਇਸ਼ ਕਰਨ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਵਿਆਹਾਂ ਅਤੇ ਹੋਰ ਸਮਾਗਮਾਂ ਦੌਰਾਨ ਕਈ ਵਿਅਕਤੀਆਂ ਵੱਲੋਂ ਹਥਿਆਰ ਨਾਲ ਲਿਜਾਣ ਅਤੇ ਹਵਾਈ ਫਾਇਰ ਕਰਨ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ’ਤੇ ਵੀ ਹਥਿਆਰਾਂ ਦੀ ਨੁਮਾਇਸ਼ ਕੀਤੀ ਜਾਂਦੀ ਹੈ, ਜਿਸ ਨਾਲ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਅਤੇ ਕਿਸੇ ਅਣਸੁਖਾਵੀਂ ਘਟਨਾ ਵਾਪਰਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ।
ਇਹ ਵੀ ਪੜ੍ਹੋ-ਪੰਜਾਬ : ਬੇਕਾਬੂ ਕਾਰ ਨੇ ਝੁੱਗੀਆਂ ’ਚ ਮਚਾਇਆ ਕਹਿਰ, ਸੁੱਤੇ ਪਿਓ-ਧੀ ਨੂੰ ਦਰੜਿਆ
ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਸ਼ਹਿਰ ਦੀ ਚਾਰਦੀਵਾਰੀ ਸਮੇਤ ਸ੍ਰੀ ਆਨੰਦਪੁਰ ਸਾਹਿਬ, ਤਲਵੰਡੀ ਸਾਬੋ (ਸ੍ਰੀ ਦਮਦਮਾ ਸਾਹਿਬ) ਅਤੇ ਬਠਿੰਡਾ ਨੂੰ ਪਵਿੱਤਰ ਸ਼ਹਿਰ ਘੋਸ਼ਿਤ ਕਰਨ ਸਬੰਧੀ ਜਾਰੀ ਅਧਿਸੂਚਨਾ ਦੇ ਮੱਦੇਨਜ਼ਰ ਅੰਮ੍ਰਿਤਸਰ ਦੀ ਚਾਰਦੀਵਾਰੀ ਵਾਲੇ ਖੇਤਰ ਵਿੱਚ ਪਾਨ, ਬੀੜੀ, ਸਿਗਰਟ, ਤੰਬਾਕੂ ਆਧਾਰਿਤ ਪਦਾਰਥਾਂ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ, ਵਿਕਰੀ ਅਤੇ ਭੰਡਾਰਨ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਦੀ ਪਾਲਣਾ ਕਰਵਾਉਣ ਦੀ ਜ਼ਿੰਮੇਵਾਰੀ ਸਿਵਲ ਸਰਜਨ ਅੰਮ੍ਰਿਤਸਰ ਨੂੰ ਸੌਂਪੀ ਗਈ ਹੈ।
ਇਹ ਵੀ ਪੜ੍ਹੋ-ਦਾਦੀ ਦੇ ਅੰਤਿਮ ਸੰਸਕਾਰ ਲਈ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਲਈ ਅਦਾਲਤ 'ਚ ਪਟੀਸ਼ਨ ਦਾਇਰ
ਇੱਕ ਹੋਰ ਹੁਕਮ ਰਾਹੀਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ, ਰਾਜਾਸਾਂਸੀ ਦੇ ਆਲੇ-ਦੁਆਲੇ ਪੈਂਦੇ ਦਿਹਾਤੀ ਖੇਤਰ ਵਿੱਚ ਡਰੋਨ ਕੈਮਰੇ ਉਡਾਉਣ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਹਵਾਈ ਅੱਡੇ ਤੋਂ ਦਿਨ-ਰਾਤ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਣਾਂ ਦੀ ਆਵਾਜਾਈ ਰਹਿੰਦੀ ਹੈ। ਇਸ ਦੇ ਨੇੜਲੇ ਇਲਾਕਿਆਂ ਵਿੱਚ ਕਈ ਹੋਟਲ ਅਤੇ ਮੈਰਿਜ ਪੈਲੇਸ ਸਥਿਤ ਹਨ, ਜਿੱਥੇ ਸਮਾਗਮਾਂ ਦੀ ਵੀਡੀਓਗ੍ਰਾਫੀ ਲਈ ਡਰੋਨ ਵਰਤੇ ਜਾਂਦੇ ਹਨ। ਅਜਿਹੀ ਸਥਿਤੀ ਵਿੱਚ ਸੁਰੱਖਿਆ ਅਤੇ ਹਵਾਈ ਆਵਾਜਾਈ ਨੂੰ ਖ਼ਤਰਾ ਪੈਦਾ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਇਹ ਪਾਬੰਦੀ ਲਗਾਈ ਗਈ ਹੈ।
ਇਹ ਵੀ ਪੜ੍ਹੋ- ਲਕਸ਼ਮੀ ਦੇ ਰੂਪ 'ਚ ਜਨਮੀ ਧੀ ਨੇ ਬਣਾ'ਤਾ ਕਰੋੜ ਪਤੀ, 200 ਰੁਪਏ ਨੇ ਕਰ'ਤਾ ਮਾਲੋ-ਮਾਲ
ਭਾਰਤ-ਪਾਕਿਸਤਾਨ ਸਰਹੱਦ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹੇ ਦੇ ਦਿਹਾਤੀ ਪੁਲਿਸ ਅਧਿਕਾਰ ਖੇਤਰ ਅਧੀਨ ਆਉਂਦੇ ਸਰਹੱਦੀ ਥਾਣਿਆਂ ਦੇ ਇਲਾਕਿਆਂ ਵਿੱਚ ਕੰਡਿਆਲੀ ਤਾਰ ਤੋਂ 500 ਮੀਟਰ ਦੇ ਘੇਰੇ ਅੰਦਰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਹਰ ਤਰ੍ਹਾਂ ਦੀ ਆਵਾਜਾਈ ਅਤੇ ਗਤੀਵਿਧੀ ’ਤੇ ਪਾਬੰਦੀ ਲਗਾਈ ਗਈ ਹੈ। ਹੁਕਮਾਂ ਅਨੁਸਾਰ ਸਰਹੱਦੀ ਖੇਤਰ ਵਿੱਚ ਅਣਚਾਹੇ ਅਨਸਰਾਂ ਦੀਆਂ ਗਤੀਵਿਧੀਆਂ ਕਾਰਨ ਦੇਸ਼ ਦੀ ਸੁਰੱਖਿਆ ਅਤੇ ਅਮਨ-ਸ਼ਾਂਤੀ ਨੂੰ ਖ਼ਤਰਾ ਪੈਦਾ ਹੋਣ ਦਾ ਖ਼ਦਸ਼ਾ ਰਹਿੰਦਾ ਹੈ। ਇਸ ਲਈ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਇਹ ਕਦਮ ਚੁੱਕਿਆ ਗਿਆ ਹੈ।
ਇਸ ਤੋਂ ਇਲਾਵਾ ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿੱਚ ਜਲਣਸ਼ੀਲ ਪਦਾਰਥਾਂ ਦੀ ਵਰਤੋਂ ਅਤੇ ਅਣਅਧਿਕਾਰਤ ਉਸਾਰੀਆਂ ਕਰਨ ’ਤੇ ਵੀ ਪੂਰਨ ਪਾਬੰਦੀ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਸਾਰ ਇਸ ਖੇਤਰ ਵਿੱਚ ਜਲਣਸ਼ੀਲ ਪਦਾਰਥਾਂ ਦੀ ਵਰਤੋਂ ਅਤੇ ਗੈਰ-ਕਾਨੂੰਨੀ ਉਸਾਰੀਆਂ ਕਾਰਨ ਕਿਸੇ ਅਣਸੁਖਾਵੀਂ ਘਟਨਾ ਦਾ ਖ਼ਤਰਾ ਬਣਿਆ ਰਹਿੰਦਾ ਹੈ। ਮਨੁੱਖੀ ਜਾਨਾਂ ਅਤੇ ਸਰਕਾਰੀ ਜਾਇਦਾਦ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਪਾਬੰਦੀ ਦੇ ਹੁਕਮਾਂ ਦਾ ਉਦੇਸ਼ ਜ਼ਿਲ੍ਹੇ ਵਿੱਚ ਸੁਰੱਖਿਅਤ ਮਾਹੌਲ ਬਣਾਈ ਰੱਖਣਾ, ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨਾ ਅਤੇ ਕਿਸੇ ਵੀ ਸੰਭਾਵੀ ਅਣਸੁਖਾਵੀਂ ਘਟਨਾ ਨੂੰ ਰੋਕਣਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
