ਜਲੰਧਰ 'ਚ ਬਿਨਾ ਟੈਸਟ ਦੇ ਡਰਾਈਵਿੰਗ ਲਾਇਸੰਸ ਬਣਵਾਉਣ ਵਾਲਾ ਏਜੰਟ ਚੜ੍ਹਿਆ ਵਿਜੀਲੈਂਸ ਦੇ ਅੜਿੱਕੇ

06/28/2023 11:35:52 PM

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲਾਜ਼ਮੀ ਡਰਾਈਵਿੰਗ ਟੈਸਟ ਦਿੱਤੇ ਬਿਨਾਂ ਹੈਵੀ ਡਰਾਈਵਿੰਗ ਲਾਇਸੰਸ ਬਣਾਉਣ ਬਦਲੇ 500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਇੱਕ ਪ੍ਰਾਈਵੇਟ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਚਰਨਜੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ, ਜੋ ਜਲੰਧਰ ਵਿਚ ਇਕ ਆਟੋਮੈਟਿਕ ਡਰਾਈਵਿੰਗ ਟੈਸਟ ਟਰੈਕ ਸੈਂਟਰ ਨੇੜੇ ਕੈਫੇ ਚਲਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਰਕਾਰੀ ਦਫ਼ਤਰਾਂ 'ਚ ਵੀ ਹੋਵੇਗੀ AI ਦੀ ਵਰਤੋਂ, ਇਸ ਵਿਭਾਗ ਤੋਂ ਹੋਣ ਜਾ ਰਹੀ ਸ਼ੁਰੂਆਤ

ਮੁਲਜ਼ਮ ਏਜੰਟ ਨੂੰ ਦਲਜੀਤ ਸਿੰਘ ਵਾਸੀ ਪਿੰਡ ਬੀਬੜੀ ਜ਼ਿਲ੍ਹਾ ਕਪੂਰਥਲਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਏਜੰਟ ਨੇ ਬਿਨਾਂ ਕੋਈ ਡਰਾਈਵਿੰਗ ਟੈਸਟ ਦਿੱਤੇ ਉਸਦਾ ਹੈਵੀ ਡਰਾਈਵਿੰਗ ਲਾਇਸੰਸ ਜਾਰੀ ਕਰਵਾਉਣ ਬਦਲੇ 1200 ਰੁਪਏ ਦੀ ਰਿਸ਼ਵਤ ਮੰਗੀ ਸੀ।

ਇਹ ਖ਼ਬਰ ਵੀ ਪੜ੍ਹੋ - ਕ੍ਰੈਡਿਟ ਕਾਰਡ ਰਾਹੀਂ ਵਿਦੇਸ਼ਾਂ 'ਚ ਖ਼ਰਚੇ 'ਤੇ ਨਹੀਂ ਲੱਗੇਗਾ TCS, ਟੈਕਸ ਦਰਾਂ 'ਚ ਵਾਧੇ ਦਾ ਫ਼ੈਸਲਾ ਵੀ ਟਲ਼ਿਆ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਏਜੰਟ ਨੂੰ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਏਜੰਟ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ - ਇਹ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Anmol Tagra

This news is Content Editor Anmol Tagra