ਵਾਹਨ ਫਿਟਨੈੱਸ ਸਰਟੀਫ਼ਿਕੇਟ ਘਪਲਾ : ਵਿਜੀਲੈਂਸ ਬਿਊਰੋ ਵੱਲੋਂ ਇਕ ਹੋਰ ਏਜੰਟ ਗ੍ਰਿਫ਼ਤਾਰ
Wednesday, Feb 08, 2023 - 07:23 PM (IST)
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈੱਸ ਸਰਟੀਫ਼ਿਕੇਟ ਘੁਟਾਲੇ 'ਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੇ ਇਕ ਹੋਰ ਭਗੌੜੇ ਏਜੰਟ ਗੌਰਵ ਅਰੋੜਾ ਵਾਸੀ ਸੈਂਟਰਲ ਟਾਊਨ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਤੇ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ।
ਇਹ ਵੀ ਪੜ੍ਹੋ : ਪਤੀ ਨੇ ਪਤਨੀ ਨੂੰ ਦਿੱਤੀ ਦਰਦਨਾਕ ਮੌਤ, 17 ਦਿਨ ਪਹਿਲਾਂ ਹੋਈ ਸੀ ਲਵ-ਮੈਰਿਜ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐੱਮ.ਵੀ.ਆਈ., ਜਲੰਧਰ ਦੇ ਦਫ਼ਤਰ ਵਿਖੇ ਪਿਛਲੇ ਸਾਲ ਅਗਸਤ ਮਹੀਨੇ ਅਚਨਚੇਤ ਚੈਕਿੰਗ ਕੀਤੀ ਜਿਸ ਦੌਰਾਨ ਪ੍ਰਾਈਵੇਟ ਏਜੰਟਾਂ ਨਾਲ ਵੱਡੇ ਪੱਧਰ 'ਤੇ ਮਿਲੀਭੁਗਤ ਕਰਕੇ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਫਿਟਨੈੱਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਸੀ।
ਇਹ ਵੀ ਪੜ੍ਹੋ : ਮੈਚ ਖੇਡ ਕੇ ਪਰਤ ਰਹੇ ਕਬੱਡੀ ਖਿਡਾਰੀ ਦੇ ਮਾਰੀਆਂ ਗੋਲ਼ੀਆਂ, ਹੋਈ ਮੌਤ (ਵੀਡੀਓ)
ਬੁਲਾਰੇ ਨੇ ਅੱਗੇ ਦੱਸਿਆ ਕਿ ਪੁਖ਼ਤਾ ਸਬੂਤਾਂ ਦੇ ਆਧਾਰ 'ਤੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਨੰਬਰ 14 ਮਿਤੀ 23-08-2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈ.ਪੀ.ਸੀ ਦੀ ਧਾਰਾ 420, 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਕੁੱਲ 13 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਜੋ ਕਿ ਜੇਲ੍ਹ ਵਿੱਚ ਬੰਦ ਜਾਂ ਜਮਾਨਤਾਂ ਉਪਰ ਹਨ ਜਿਨ੍ਹਾਂ ਵਿੱਚ ਨਰੇਸ਼ ਕਲੇਰ, ਰਾਮਪਾਲ ਉਰਫ਼ ਰਾਧੇ, ਮੋਹਨ ਲਾਲ ਉਰਫ਼ ਕਾਲੂ, ਪਰਮਜੀਤ ਸਿੰਘ ਬੇਦੀ, ਸੁਰਜੀਤ ਸਿੰਘ ਅਤੇ ਹਰਵਿੰਦਰ ਸਿੰਘ, ਪੰਕਜ ਢੀਂਗਰਾ ਉਰਫ਼ ਭੋਲੂ, ਬ੍ਰਿਜਪਾਲ ਸਿੰਘ ਉਰਫ਼ ਰਿੱਕੀ, ਅਰਵਿੰਦ ਕੁਮਾਰ ਉਰਫ਼ ਬਿੰਦੂ, ਵਰਿੰਦਰ ਸਿੰਘ ਉਰਫ ਦੀਪੂ, ਸਪਨਾ, ਲਵਲੀਨ ਸਿੰਘ ਲਵੀ ਅਤੇ ਰਾਜੇਸ਼ ਸਹੋਤਾ (ਸਾਰੇ ਪ੍ਰਾਈਵੇਟ ਏਜੰਟ) ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।