ਅਹਿਮ ਖ਼ਬਰ : ਰਿਟਾਇਰਮੈਂਟ ਤੋਂ ਪਹਿਲਾਂ ਨਹੀਂ ਮਿਲਿਆ CM ਦੇ ਪ੍ਰਿੰਸੀਪਲ ਸਕੱਤਰ ਵੇਣੂ ਪ੍ਰਸਾਦ ਦਾ ਬਦਲ
Tuesday, Aug 01, 2023 - 04:23 AM (IST)
ਲੁਧਿਆਣਾ (ਹਿਤੇਸ਼) : ਪੰਜਾਬ ਸਰਕਾਰ ਵਲੋਂ ਮੁੱਖ ਸਕੱਤਰ ਵੀ. ਕੇ. ਜੰਜੂਆ ਦੇ ਰਿਟਾਇਰ ਹੋਣ ਤੋਂ ਕੁੱਝ ਦਿਨ ਪਹਿਲਾਂ ਹੀ ਅਨੁਰਾਗ ਵਰਮਾ ਦੀ ਨਿਯੁਕਤੀ ਦਾ ਐਲਾਨ ਕਰ ਦਿੱਤਾ ਗਿਆ ਸੀ ਪਰ ਸੀ. ਐੱਮ. ਦੇ ਪ੍ਰਿੰਸੀਪਲ ਸਕੱਤਰ ਵੇਣੂ ਪ੍ਰਸਾਦ ਦੇ ਰਿਟਾਇਰ ਹੋਣ ਤੋਂ ਪਹਿਲਾਂ ਇਸ ਤਰ੍ਹਾਂ ਦਾ ਕੋਈ ਫ਼ੈਸਲਾ ਹੁਣ ਤੱਕ ਨਹੀਂ ਕੀਤਾ ਗਿਆ। ਇੱਥੇ ਦੱਸਣਾ ਉੱਚਿਤ ਹੋਵੇਗਾ ਕਿ ਵੇਣੂ ਪ੍ਰਸਾਦ 1991 ਬੈਚ ਦੇ ਆਈ. ਏ. ਐੱਸ. ਅਧਿਕਾਰੀ ਹਨ, ਜੋ ਬਿਜਲੀ, ਐਕਸਾਈਜ਼, ਲੋਕਲ ਬਾਡੀਜ਼ ਵਿਭਾਗ ਦੇ ਅਹਿਮ ਅਹੁਦਿਆਂ ’ਤੇ ਰਹਿ ਚੁੱਕੇ ਹਨ ਅਤੇ ਇਸ ਸਮੇਂ ਸਪੈਸ਼ਲ ਮੁੱਖ ਸਕੱਤਰ ਵਜੋਂ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਹੜ੍ਹ ਨਾਲ ਪੰਜਾਬ ਦੀ ਮਾਲੀ ਹਾਲਤ ਨੂੰ ਲੱਗਾ ਵੱਡਾ ਧੱਕਾ, ਗੜਬੜਾ ਸਕਦਾ ਹੈ ਫ਼ਸਲੀ ਚੱਕਰ
ਜਿੱਥੋਂ ਤੱਕ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਉਨ੍ਹਾਂ ਦੀ ਭੂਮਿਕਾ ਦਾ ਸਵਾਲ ਹੈ, ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ਵਾਸ ਪਾਤਰ ਅਧਿਕਾਰੀਆਂ ’ਚੋਂ ਇਕ ਮੰਨਿਆ ਜਾਂਦਾ ਹੈ, ਜਿਸ ਦਾ ਸਬੂਤ ਇਹ ਹੈ ਕਿ ਸਰਕਾਰ ਦੇ ਸਹੁੰ ਚੁੱਕ ਸਮਾਗਮ ਤੋਂ ਕਈ ਦਿਨ ਪਹਿਲਾਂ ਹੀ ਸੀ. ਐੱਮ. ਦੇ ਪ੍ਰਿੰਸੀਪਲ ਸਕੱਤਰ ਦੇ ਰੂਪ ’ਚ ਵੇਣੂ ਪ੍ਰਸਾਦ ਦੀ ਚੋਣ ਕਰ ਲਈ ਗਈ ਸੀ ਪਰ ਉਹ 31 ਜੁਲਾਈ ਨੂੰ ਰਿਟਾਇਰ ਹੋਣ ਜਾ ਰਹੇ ਹਨ ਪਰ ਉਨ੍ਹਾਂ ਦੀ ਜਗ੍ਹਾ ਹੁਣ ਤੱਕ ਸੀ. ਐੱਮ. ਦੇ ਪ੍ਰਿੰਸੀਪਲ ਸਕੱਤਰ ਦੇ ਰੂਪ ’ਚ ਕਿਸੇ ਅਧਿਕਾਰੀ ਦੀ ਨਿਯੁਕਤੀ ਨਹੀਂ ਕੀਤੀ ਗਈ।
ਜਿਸ ਸਬੰਧੀ ਚਰਚਾ ਸੁਣਨ ਨੂੰ ਮਿਲ ਰਹੀ ਹੈ ਕਿ ਵੇਣੂ ਪ੍ਰਸਾਦ ਲਈ ਸੁਰੇਸ਼ ਕੁਮਾਰ ਦਾ ਫਾਰਮੂਲਾ ਦੁਹਰਾਇਆ ਜਾ ਸਕਦਾ ਹੈ, ਜਿਨ੍ਹਾਂ ਨੂੰ ਰਿਟਾਇਰ ਹੋਣ ਤੋਂ ਬਾਅਦ ਵੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੀਫ਼ ਪ੍ਰਿੰਸੀਪਲ ਸਕੱਤਰ ਦੇ ਰੂਪ ’ਚ ਆਪਣੇ ਨਾਲ ਅਟੈਚ ਕੀਤਾ ਗਿਆ ਸੀ। ਹਾਲਾਂਕਿ ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਕੋਰਟ ’ਚ ਚੁਣੌਤੀ ਵੀ ਦਿੱਤੀ ਗਈ ਸੀ ਪਰ ਉਨ੍ਹਾਂ ਨੇ ਆਪਣਾ ਕਾਰਜਕਾਲ ਪੂਰਾ ਕੀਤਾ। ਇਸ ਤਰਜ਼ ’ਤੇ ਮੁੱਖ ਮੰਤਰੀ ਵਲੋਂ ਵੇਣੂ ਪ੍ਰਸਾਦ ਨੂੰ ਆਪਣੀ ਟੀਮ ’ਚ ਸ਼ਾਮਲ ਰੱਖਣ ਲਈ ਐਕਸਟੈਂਸ਼ਨ ਦਿੱਤੀ ਜਾ ਸਕਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ