ਵਾਅਦੇ ਕਰ ਕੇ ਵਾਰ-ਵਾਰ ਮੁੱਕਰ ਰਿਹਾ ਪ੍ਰਸ਼ਾਸਨ, ਅੱਜ ਤੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰਨਗੇ ਵੈਟਰਨਰੀ ਵਿਦਿਆਰਥੀ

Saturday, Oct 25, 2025 - 07:43 AM (IST)

ਵਾਅਦੇ ਕਰ ਕੇ ਵਾਰ-ਵਾਰ ਮੁੱਕਰ ਰਿਹਾ ਪ੍ਰਸ਼ਾਸਨ, ਅੱਜ ਤੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰਨਗੇ ਵੈਟਰਨਰੀ ਵਿਦਿਆਰਥੀ

ਲੁਧਿਆਣਾ (ਵਿੱਕੀ) : ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ’ਚ ਵੈਟਰਨਰੀ ਸਟੂਡੈਂਟਸ ਯੂਨੀਅਨ ਦੀ ਅਣਮਿਥੇ ਸਮੇਂ ਲਈ ਹੜਤਾਲ ਵੀਰਵਾਰ ਨੂੰ ਆਪਣੇ 30ਵੇਂ ਦਿਨ ਵਿਚ ਦਾਖਲ ਹੋ ਗਈ। ਲੰਬੇ ਸਮੇਂ ਤੋਂ ਚੱਲ ਰਹੇ ਇਸ ਸੰਘਰਸ਼ ਨੂੰ ਲੈ ਕੇ ਵਿਦਿਆਰਥੀਆਂ ’ਚ ਗਹਿਰਾ ਗੁੱਸਾ ਦੇਖਿਆ ਜਾ ਰਿਹਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਦੀ ਲਗਾਤਾਰ ਬੇਰੁਖੀ ਅਤੇ ਵਾਅਦਾ-ਖਿਲਾਫੀ ’ਤੇ ਗਹਿਰੀ ਨਿਰਾਸ਼ਾ ਜਤਾਈ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਸਰਕਾਰ ਲਗਾਤਾਰ ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਦੇ ਦਾਅਵੇ ਕਰਦੀ ਹੈ ਪਰ ਅਸਲੀਅਤ ਇਸ ਤੋਂ ਬਿਲਕੁਲ ਉਲਟ ਹੈ। ਯੂਨੀਅਨ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਮੁੱਖ ਮੰਗ ਹੈ ਇੰਟਰਨਸ਼ਿਪ ਭੱਤਾ 15 ਹਜ਼ਾਰ ਰੁਪਏ ਤੋਂ ਵਧਾ ਕੇ 24,310 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ, ਤਾਂ ਕਿ ਇਹ ਗੁਆਂਢੀ ਸੂਬਿਆਂ ਦੇ ਬਰਾਬਰ ਹੋ ਸਕੇ।

ਇਹ ਵੀ ਪੜ੍ਹੋ : ਭਲਕੇ Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut, ਸਾਰਾ ਦਿਨ...

ਯੂਨੀਅਨ ਦੇ ਪ੍ਰਤੀਨਿਧੀਆਂ ਨੇ ਦੱਸਿਆ ਕਿ 6 ਅਕਤੂਬਰ ਨੂੰ ਫਾਈਨਾਂਸ ਪ੍ਰਿੰਸੀਪਲ ਸੈਕਟਰੀ ਨਾਲ ਬੈਠਕ ਕੀਤੀ ਗਈ ਸੀ ਪਰ ਉਸ ਤੋਂ ਬਾਅਦ ਕੋਈ ਠੋਸ ਹੱਲ ਸਾਹਮਣੇ ਨਹੀਂ ਆਇਆ। ਇਸ ਤੋਂ ਬਾਅਦ 13 ਅਕਤੂਬਰ ਨੂੰ ਸੀਨੀਅਰ ਪੁਲਸ ਅਧਿਕਾਰੀ ਡੀ. ਐੱਸ. ਪੀ. ਜਤਿੰਦਰਪਾਲ, ਐੱਸ. ਐੱਚ. ਓ. ਵਿਜੇ ਕੁਮਾਰ, ਐੱਸ. ਐੱਚ. ਓ. ਆਦਿੱਤਿਆ ਸ਼ਰਮਾ ਅਤੇ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀ ਡੀਨ ਕਾਲਜ ਆਫ ਵੈਟਰਨਰੀ ਸਾਇੰਸ, ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਅਤੇ ਡਾਇਰੈਕਟਰ ਸਟੂਡੈਂਟ ਵੈੱਲਫੇਅਰ ਨੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਸੀ। ਉਸ ਸਮੇਂ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ 25 ਅਕਤੂਬਰ ਤੋਂ ਪਹਿਲਾਂ ਵਿੱਤ ਮੰਤਰੀ ਦੇ ਨਾਲ ਬੈਠਕ ਕਰਵਾਈ ਜਾਵੇਗੀ ਪਰ ਹੁਣ ਤੱਕ ਇਸ ਸਬੰਧੀ ਸਰਕਾਰ ਵਲੋਂ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਦੀ ਕਾਰ ਹੋਈ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਜਾਨ

ਵੈਟਰਨਰੀ ਸਟੂਡੈਂਟਸ ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ’ਤੇ ਹੁਣ ਵੀ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਯੂਨੀਅਨ ਨੇ ਦੱਸਿਆ ਕਿ ਕੱਲ ਤੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ, ਜੋ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਸਬੰਧੀ ਠੋਸ ਕਦਮ ਨਹੀਂ ਚੁੱਕਿਆ ਜਾਂਦਾ। ਵਿਦਿਆਰਥੀਆਂ ਨੇ ਕਿਹਾ ਕਿ ਉਹ ਪੂਰੀ ਤਰ੍ਹਾਂ ਅਨੁਸ਼ਾਸਿਤ ਅਤੇ ਸ਼ਾਂਤਮਈ ਤਰੀਕੇ ਨਾਲ ਸੰਘਰਸ਼ ਜਾਰੀ ਰੱਖਣਗੇ ਪਰ ਸਰਕਾਰ ਦੀ ਚੁੱਪ ਹੁਣ ਸਹਿਯੋਗ ਨਹੀਂ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News