ਵਿਧਾਨ ਸਭਾ ''ਚ ਖੇਤੀ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਤੋਂ ਇਲਾਵਾ ਨਾਮੀਂ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀ

03/01/2021 6:23:15 PM

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਫੌਤ ਹੋਏ ਕਿਸਾਨਾਂ ਤੇ ਖੇਤ ਕਾਮਿਆਂ, ਆਜ਼ਾਦੀ ਘੁਲਾਟੀਏ ਤੇ ਰਾਜਨੀਤਿਕ ਸਖ਼ਸ਼ੀਅਤਾਂ ਤੋਂ ਇਲਾਵਾ ਕੋਰੋਨਾ ਯੋਧਿਆਂ ਨੂੰ ਸ਼ਰਧਾਂਜਲੀ ਦਿੱਤੀ ਗਈ, ਜੋ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਅਕਾਲ ਚਲਾਣਾ ਕਰ ਗਏ। 15ਵੀਂ ਵਿਧਾਨ ਸਭਾ ਦੇ ਬਜਟ ਸੈਸ਼ਨ (14ਵੇਂ ਸੈਸ਼ਨ) ਦੇ ਪਹਿਲੇ ਦਿਨ ਸਦਨ ਵੱਲੋਂ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ, ਸਾਬਕਾ ਮੰਤਰੀ ਮਹਿੰਦਰ ਸਿੰਘ ਗਿੱਲ, ਮੇਜਰ ਸਿੰਘ ਉਬੋਕੇ, ਬਾਲ ਮੁਕੰਦ ਸ਼ਰਮਾ, ਸੱਤਪਾਲ ਗੋਸਾਈਂ ਤੇ ਸਤਵੰਤ ਕੌਰ ਸੰਧੂ, ਸਾਂਝੇ ਪੰਜਾਬ ਦੇ ਸਾਬਕਾ ਡਿਪਟੀ ਮੰਤਰੀ ਚੰਦਰਾਵਤੀ ਤੇ ਸਾਬਕਾ ਵਿਧਾਇਕ ਬ੍ਰਿਜ ਲਾਲ ਗੋਇਲ ਨੂੰ ਸ਼ਰਧਾਂਜਲੀ ਦਿੱਤੀ ਗਈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪ੍ਰਸ਼ਾਂਤ ਕਿਸ਼ੋਰ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਿੰਸੀਪਲ ਐਡਵਾਈਜ਼ਰ ਨਿਯੁਕਤ

ਹਾਊਸ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਅਤੇ ਖੇਤੀ ਕਾਮਿਆਂ ਨੂੰ ਵੀ ਭਾਵਪੂਰਨ ਸਰਧਾਂਜਲੀ ਦਿੱਤੀ ਗਈ। ਇਸ ਮੌਕੇ ਮਹਾਨ ਪੰਜਾਬੀ ਗਾਇਕ ਸਰਦੂਲ ਸਿਕੰਦਰ, ਭਜਨ ਗਾਇਕ ਨਰਿੰਦਰ ਚੰਚਲ ਅਤੇ ਪੱਤਰਕਾਰ ਸਤਬੀਰ ਸਿੰਘ ਦਰਦੀ ਨੂੰ ਸ਼ਰਧਾਂਜਲੀ ਦਿੱਤੀ ਗਈ। ਹਾਊਸ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ, ਆਜ਼ਾਦੀ ਘੁਲਾਟੀਆਂ ਅਜੀਤ ਸਿੰਘ, ਜਥੇਦਾਰ ਗੋਹਲ ਸਿੰਘ ਤੁੜ, ਬਲਵੰਤ ਸਿੰਘ ਤੇ ਹਰਬੰਸ ਸਿੰਘ ਨੂੰ ਵੀ ਯਾਦ ਕੀਤਾ ਗਿਆ। ਸਦਨ ਵੱਲੋਂ ਉਨ੍ਹਾਂ ਵਿਅਕਤੀਆਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ, ਜਿਨ੍ਹਾਂ ਦੀ ਕੋਰੋਨਾ ਮਹਾਮਾਰੀ ਕਾਰਨ ਜਾਨ ਗਈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੇ ਆਖਰੀ ਬਜਟ ਇਜਲਾਸ 'ਚ ਪੁੱਜੇ ਨਵਜੋਤ ਸਿੰਘ ਸਿੱਧੂ

ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਦੀ ਬੇਨਤੀ 'ਤੇ ਨਾਮੀਂ ਰੰਗਕਰਮੀ ਮੋਹਨ ਮਿੱਢਾ ਤੇ ਪ੍ਰਸਿੱਧ ਲੇਖਕ ਦਰਸ਼ਨ ਦਰਵੇਸ਼ ਦਾ ਨਾਮ ਵੀ ਸ਼ਰਧਾਂਜਲੀਆਂ ਵਾਲੀ ਸੂਚੀ ਵਿਚ ਸ਼ਾਮਲ ਕੀਤਾ ਗਿਆ। ਇਸ ਮੌਕੇ ਵਿਛੜੀਆਂ ਰੂਹਾਂ ਦੀ ਯਾਦ ਵਿਚ ਸਤਿਕਾਰ ਵਜੋਂ 2 ਮਿੰਟ ਦਾ ਮੌਨ ਧਾਰਿਆ ਗਿਆ। ਇਸ ਦੌਰਾਨ ਸਪੀਕਰ ਰਾਣਾ ਕੰਵਰ ਪਾਲ ਸਿੰਘ ਵੱਲੋਂ ਉਨ੍ਹਾਂ ਮੈਂਬਰਾਂ ਨੂੰ ਸ਼ਰਧਾਂਜਲੀ ਦਾ ਪ੍ਰਸਤਾਵ ਪੇਸ਼ ਕੀਤਾ ਗਿਆ, ਜੋ ਪਿਛਲੇ ਸੈਸ਼ਨ ਤੋਂ ਬਾਅਦ ਅਕਾਲ ਚਲਾਣਾ ਕਰ ਗਏ। ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਉਪਰੰਤ ਸਬੰਧਤ ਪਰਿਵਾਰਾਂ ਨੂੰ ਸਦਨ ਵੱਲੋਂ ਪ੍ਰਗਟਾਏ ਸ਼ੋਕ ਬਾਰੇ ਜਾਣੂੰ ਕਰਵਾਉਣ ਲਈ ਮਤਾ ਪਾਸ ਕੀਤਾ ਗਿਆ। ਇਹ ਮਤਾ ਜ਼ੁਬਾਨੀ ਵੋਟ ਨਾਲ ਪਾਸ ਕੀਤਾ ਗਿਆ।

ਇਹ ਵੀ ਪੜ੍ਹੋ : 16 ਸਾਲਾ ਕੁੜੀ ਨੇ ਘਰ ਵਿਚ ਸ਼ੱਕੀ ਹਾਲਾਤ 'ਚ ਫਾਹਾ ਲੈ ਕੀਤੀ ਖ਼ੁਦਕੁਸ਼ੀ, ਡੂੰਘੇ ਸਦਮੇ 'ਚ ਪਰਿਵਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Gurminder Singh

This news is Content Editor Gurminder Singh