ਸਦਨ ''ਚ ਬੋਲੇ ਕੈਪਟਨ, ਗੈਂਗਸਟਰਵਾਦ ਤੇ ਹਿੰਸਾ ਨੂੰ ਹੱਲਾਸ਼ੇਰੀ ਦੇਣ ਵਾਲੀ ਫਿਲਮ ਨਹੀਂ ਚੱਲਣ ਦੇਵਾਂਗੇ

Tuesday, Feb 25, 2020 - 06:29 PM (IST)

ਸਦਨ ''ਚ ਬੋਲੇ ਕੈਪਟਨ, ਗੈਂਗਸਟਰਵਾਦ ਤੇ ਹਿੰਸਾ ਨੂੰ ਹੱਲਾਸ਼ੇਰੀ ਦੇਣ ਵਾਲੀ ਫਿਲਮ ਨਹੀਂ ਚੱਲਣ ਦੇਵਾਂਗੇ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ ਵਿਚ ਆਖਿਆ ਕਿ ਸੂਬੇ ਵਿਚ ਗੈਂਗਸਟਰਵਾਦ ਅਤੇ ਹਿੰਸਾ ਨੂੰ ਹੱਲਾਸ਼ੇਰੀ ਦੇਣ ਵਾਲੀ ਕੋਈ ਵੀ ਫਿਲਮ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਸਰਕਾਰ ਇਸ ਸਬੰਧ ਵਿਚ ਸੈਂਸਰ ਬੋਰਡ ਕੋਲ ਪਹੁੰਚ ਕਰੇਗੀ। ਬਜਟ ਇਜਲਾਸ ਦੇ ਤੀਜੇ ਦਿਨ ਸਿਫਰ ਕਾਲ ਦੌਰਾਨ ਖੰਨਾ ਤੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਵੱਲੋਂ ਉਠਾਏ ਸਵਾਲ ਦੇ ਜਵਾਬ ਵਿਚ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਨੇ ਦਖਲ ਦਿੰਦਿਆਂ ਇਹ ਗੱਲ ਕਹੀ। ਕੋਟਲੀ ਨੇ ਹਾਲ ਹੀ ਵਿਚ ਬੈਨ ਕੀਤੀ 'ਸ਼ੂਟਰ' ਵਰਗੀਆਂ ਹੋਰ ਫਿਲਮਾਂ ਰਿਲੀਜ਼ ਹੋਣ ਦੀ ਕਤਾਰ 'ਚ ਹੋਣ 'ਤੇ ਚਿੰਤਾ ਜ਼ਾਹਰ ਕੀਤੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਬਹੁਤ ਘਾਲਣਾ ਘਾਲ ਕੇ ਅਮਨ-ਸ਼ਾਂਤੀ ਅਤੇ ਫਿਰਕੂ ਸਦਭਾਵਨਾ ਕਾਇਮ ਕੀਤੀ ਗਈ ਹੈ ਜਿਸ ਵਿੱਚ ਵਿਘਨ ਪਾਉਣ ਦੀ ਹਰਗਿਜ਼ ਆਗਿਆ ਨਹੀਂ ਦਿੱਤੀ ਜਾਵੇਗੀ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਜਿਹੀਆਂ ਫਿਲਮਾਂ ਬਾਰੇ ਸੈਂਸਰ ਬੋਰਡ ਨੂੰ ਪੱਤਰ ਲਿਖੇਗੀ ਕਿਉਂਕਿ ਇਹ ਮਾਮਲਾ ਬੋਰਡ ਦੇ ਅਧਿਕਾਰ ਖੇਤਰ ਹੇਠ ਆਉਂਦਾ ਹੈ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਮਹੀਨੇ ਦੀ ਸ਼ੁਰੂਆਤ ਵਿਚ ਮੁੱਖ ਮੰਤਰੀ ਨੇ ਗੈਂਗਸਟਰ ਸੁੱਖਾ ਕਾਹਲਵਾਂ ਦੇ ਜੀਵਨ ਤੇ ਜ਼ੁਰਮਾਂ ਦੇ ਆਧਾਰ 'ਤੇ ਬਣੀ 'ਸ਼ੂਟਰ' ਫਿਲਮ 'ਤੇ ਪਾਬੰਦੀ ਲਾਉਣ ਦੇ ਹੁਕਮ ਦਿੱਤੇ ਸਨ।


author

Gurminder Singh

Content Editor

Related News