ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਦਾ ਘਿਰਾਓ ਕਰਨਗੇ ਸੀ.ਪੀ.ਐੱਫ. ਕਾਮੇ

Tuesday, Feb 13, 2018 - 04:38 PM (IST)

ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਦਾ ਘਿਰਾਓ ਕਰਨਗੇ ਸੀ.ਪੀ.ਐੱਫ. ਕਾਮੇ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ)- ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਵੱਲੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਕੀਤੇ ਜਾ ਰਹੇ ਸੰਘਰਸ਼ ਦੀ ਲੜੀ ਤਹਿਤ ਸਥਾਨਕ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਜ਼ਿਲਾ ਪ੍ਰਧਾਨ ਗੁਰਮੇਲ ਸਿੰਘ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ 'ਚ ਵੱਖ-ਵੱਖ ਵਿਭਾਗਾਂ ਤੋਂ ਵੱਡੀ ਗਿਣਤੀ 'ਚ ਕਰਮਚਾਰੀ ਹਾਜ਼ਰ ਹੋਏ। ਇਸ ਮੌਕੇ ਪੰਜਾਬ ਰਾਜ ਜ਼ਿਲਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਜ਼ਿਲਾ ਪ੍ਰਧਾਨ ਵਰਿੰਦਰ ਢੋਸੀਵਾਲ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਸਿੱਧੂ, ਪੰਜਾਬ ਰਾਜ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਜ਼ਿਲਾ ਪ੍ਰਧਾਨ ਕਰਮਜੀਤ ਸ਼ਰਮਾ ਅਤੇ ਕਾਲਾ ਸਿੰਘ ਬੇਦੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਬੁਲਾਰਿਆਂ ਨੇ ਕਰਮਚਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ 2004 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਤੋਂ ਪੈਨਸ਼ਨ ਦਾ ਜਮਹੂਰੀ ਹੱਕ ਖੋਹ ਕੇ ਉਨ੍ਹਾਂ ਦੇ ਭਵਿੱਖ ਨੂੰ ਨਿੱਜੀ ਕੰਪਨੀਆਂ ਦੇ ਹਵਾਲੇ ਕੀਤਾ ਗਿਆ ਹੈ, ਜੋ ਕਿ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦਾ ਹਿੱਸਾ ਹਨ। 
ਇਸ ਮੌਕੇ ਜ਼ਿਲਾ ਪ੍ਰਧਾਨ ਗੁਰਮੇਲ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਸੀ.ਪੀ.ਐੱਫ. ਕਰਮਚਾਰੀਆਂ ਦੀ ਮੰਗ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ, ਜਿਸ ਕਾਰਨ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਭਰ ਦੇ ਸੀ.ਪੀ.ਐੱਫ. ਕਰਮਚਾਰੀਆਂ ਵੱਲੋਂ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਰੋਸ ਪ੍ਰਦਰਸ਼ਨ 'ਚ ਸ਼ਾਮਲ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੇ ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਵੱਲੋਂ ਵਿੱਢੇ ਗਏ ਇਸ ਸੰਘਰਸ਼ ਦੀ ਪੂਰਨ ਹਮਾਇਤ ਦਾ ਭਰੋਸਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਸਿੰਚਾਈ ਵਿਭਾਗ ਦੇ ਜਸਵੰਤ ਸਿੰਘ, ਪੰਜਾਬ ਰੋਡਵੇਜ਼ ਤੋਂ ਸੰਜੀਵ ਕੁਮਾਰ, ਦਫ਼ਤਰ ਡਿਪਟੀ ਕਮਿਸ਼ਨਰ ਤੋਂ ਰਾਜਿੰਦਰ ਕੁਮਾਰ, ਪੁਸ਼ਪਿੰਦਰ ਸਿੰਘ, ਰਾਜੇਸ਼ ਕੁਮਾਰ, ਨਸੀਬ ਕੌਰ, ਰਜਨੀ ਬਾਲਾ, ਬਲਜੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਤੋਂ ਵੱਡੀ ਗਿਣਤੀ ਵਿੱਚ ਕਰਮਚਾਰੀ ਮੌਜੂਦ ਸਨ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸੀ.ਪੀ.ਐੱਫ. ਕਰਮਚਾਰੀਆਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।


Related News