ਸਪੀਕਰ ਸੰਧਵਾਂ ਵੱਲੋਂ ਬੁੱਢੇ ਦਰਿਆ ਦੀ ਸਫ਼ਾਈ ਸਬੰਧੀ ਵਿਧਾਨ ਸਭਾ ਕਮੇਟੀ ਬਣਾਉਣ ਦਾ ਐਲਾਨ
Wednesday, Jul 20, 2022 - 10:02 PM (IST)
ਲੁਧਿਆਣਾ (ਵਿੱਕੀ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬੁੱਢੇ ਨਾਲੇ ਦੇ ਕਾਇਆ-ਕਲਪ ਪ੍ਰਾਜੈਕਟ ਨੂੰ ਜੰਗੀ ਪੱਧਰ 'ਤੇ ਪੂਰਾ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਬੁੱਢੇ ਨਾਲੇ ਨੂੰ ਬੁੱਢੇ ਦਰਿਆ 'ਚ ਤਬਦੀਲ ਕਰਨ ਲਈ ਵਿਧਾਨ ਸਭਾ ਦੀ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਤੇ ਨਾਲ ਹੀ ਪਾਣੀ ਵਿੱਚ ਪ੍ਰਦੂਸ਼ਣ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ। ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਹੇਠ ਬਣੀ 7 ਮੈਂਬਰੀ ਕਮੇਟੀ ਘੱਗਰ ਦਰਿਆ ਦੀ ਸਫ਼ਾਈ ਨੂੰ ਵੀ ਯਕੀਨੀ ਬਣਾਏਗੀ। ਵਿਧਾਇਕ ਮਦਨ ਲਾਲ ਬੱਗਾ, ਗੁਰਪ੍ਰੀਤ ਸਿੰਘ ਬਣਾਂਵਾਲੀ, ਬੀਰਇੰਦਰ ਗੋਇਲ, ਕੁਲਵੰਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਇਯਾਲੀ ਅਤੇ ਸੰਦੀਪ ਜਾਖੜ ਕਮੇਟੀ ਦੇ ਮੈਂਬਰ ਹੋਣਗੇ।
ਇਹ ਵੀ ਪੜ੍ਹੋ : ਬਿਸ਼ਨੋਈ ਗਰੁੱਪ ਦੇ ਸ਼ੂਟਰ ਮਨਪ੍ਰੀਤ ਮਨੂੰ ਦੇ ਇਨਕਾਊਂਟਰ 'ਚ ਮਾਰੇ ਜਾਣ 'ਤੇ ਕੁੱਸਾ ਪਿੰਡ ਆਇਆ ਫਿਰ ਚਰਚਾ 'ਚ
ਵਲੀਪੁਰ, ਗੌਂਸਪੁਰ ਤੇ ਹੋਰ ਪਿੰਡਾਂ ਵਿੱਚ ਬੁੱਢੇ ਨਾਲੇ ਦੇ ਨਾਲ-ਨਾਲ ਵੱਖ-ਵੱਖ ਪੁਆਇੰਟਾਂ ਦਾ ਨਿਰੀਖਣ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਪ੍ਰਦੂਸ਼ਣ ਕਿਸੇ ਵੀ ਰੂਪ ਵਿੱਚ ਮਨੁੱਖਤਾ ਵਿਰੁੱਧ ਅਪਰਾਧ ਹੈ ਅਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ 'ਚੋਂ ਵਾਤਾਵਰਣ ਦੀ ਸੰਭਾਲ ਪ੍ਰਮੁੱਖ ਹੈ। ਸੂਬੇ ਭਰ ਦੇ ਜਲ ਸਰੋਤਾਂ ਨੂੰ ਸਾਫ਼ ਕਰਨ ਦੇ ਨਾਲ-ਨਾਲ ਕੀਮਤੀ ਕੁਦਰਤੀ ਸਰੋਤਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।
ਇਹ ਵੀ ਪੜ੍ਹੋ : ਲੁਧਿਆਣਾ ਜੇਲ੍ਹ 'ਚ ਸਿਮਰਜੀਤ ਬੈਂਸ ਨੂੰ ਖ਼ਤਰਾ, ਸੁਰੱਖਿਆ ਕਾਰਨਾਂ ਕਰਕੇ ਭੇਜਿਆ ਗਿਆ ਬਰਨਾਲਾ
ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਮਦਨ ਲਾਲ ਬੱਗਾ, ਜੀਵਨ ਸਿੰਘ ਸੰਗੋਵਾਲ, ਹਰਦੀਪ ਸਿੰਘ ਮੁੰਡੀਆ ਦੇ ਨਾਲ ਸਪੀਕਰ ਨੇ ਕਿਹਾ ਕਿ ਵਿਧਾਨ ਸਭਾ ਦੀ ਕਮੇਟੀ ਜਿੱਥੇ ਬੁੱਢੇ ਨਾਲੇ ਅਤੇ ਘੱਗਰ ਦਰਿਆ ਦੀ ਸਥਿਤੀ ਦਾ ਬਾਰੀਕੀ ਨਾਲ ਮੁਆਇਨਾ ਕਰੇਗੀ, ਉੱਥੇ ਇਸ ਦੇ ਕੰਮਕਾਜ ਅਤੇ ਐੱਸ.ਟੀ.ਪੀਜ਼ ਦੀ ਸਥਾਪਨਾ ਤੇ ਹੋਰ ਪ੍ਰਾਜੈਕਟਾਂ ਦੀ ਸਮੀਖਿਆ ਕਰੇਗੀ ਅਤੇ ਦੋਵਾਂ ਜਲ ਸਰੋਤਾਂ ਨੂੰ ਮੁੜ ਸੁਰਜੀਤ ਕਰਨ ਲਈ ਆਪਣੀਆਂ ਸਿਫ਼ਾਰਸ਼ਾਂ ਸਮੇਤ ਵਿਸਤ੍ਰਿਤ ਰਿਪੋਰਟ ਸਰਕਾਰ ਨੂੰ ਸੌਂਪੇਗੀ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਗੰਧਲਾ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਮਿਸਾਲੀ ਸਜ਼ਾ ਵੀ ਯਕੀਨੀ ਬਣਾਈ ਜਾਵੇਗੀ।
ਇਹ ਵੀ ਪੜ੍ਹੋ : ਜੀਂਦ ਤੋਂ ਫਿਰੋਜ਼ਪੁਰ ਲਾਈਨ 'ਤੇ ਨਵੀਂ ਪੈਸੰਜਰ ਰੇਲ ਗੱਡੀ ਅਗਸਤ ਦੇ ਪਹਿਲੇ ਹਫਤੇ ਸ਼ੁਰੂ, ਸਮਾਂ ਸਾਰਣੀ ਜਾਰੀ
ਸੰਧਵਾਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੂੰ ਬੁੱਢੇ ਦਰਿਆ ਨੂੰ ਪ੍ਰਦੂਸ਼ਿਤ ਕਰਨ ਵਾਲੇ ਉਦਯੋਗਾਂ ਦੀ ਸ਼ਨਾਖਤ ਕਰਨ ਅਤੇ ਇਕ ਮਹੀਨੇ ਵਿੱਚ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਗੌਂਸਪੁਰ ਪਿੰਡ ਵਿੱਚ ਪੀ.ਜੀ.ਆਈ. ਦੁਆਰਾ ਲੋਕਾਂ, ਖੇਤੀਬਾੜੀ, ਪਸ਼ੂਆਂ ਅਤੇ ਹੋਰਾਂ ਦੀ ਸਿਹਤ 'ਤੇ ਦੂਸ਼ਿਤ ਪਾਣੀ ਦੇ ਪ੍ਰਭਾਵਾਂ ਬਾਰੇ ਵਾਤਾਵਰਣ ਅਧਿਐਨ ਕਰਨ ਦਾ ਵੀ ਐਲਾਨ ਕੀਤਾ। ਸਪੀਕਰ ਨੇ ਬੁੱਢਾ ਦਰਿਆ ਅਤੇ ਘੱਗਰ ਦਰਿਆ ਦੇ ਕਾਇਆ-ਕਲਪ ਨੂੰ ਇਕ ਲੋਕ ਲਹਿਰ ਬਣਾਉਣ ਦਾ ਵੀ ਸੱਦਾ ਦਿੱਤਾ ਅਤੇ ਕਿਹਾ ਕਿ ਦੋਵੇਂ ਜਲ ਸਰੋਤਾਂ ਦੀ ਸਫ਼ਾਈ ਲਈ ਸਮਾਜ ਦੇ ਵੱਖ-ਵੱਖ ਵਰਗਾਂ ਤੋਂ ਮਿਲ ਰਹੇ ਸੁਝਾਵਾਂ ਦਾ ਧਿਆਨ ਨਾਲ ਅਧਿਐਨ ਕੀਤਾ ਜਾਵੇਗਾ। ਬਾਅਦ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ 650 ਕਰੋੜ ਰੁਪਏ ਦੇ ਬੁੱਢੇ ਨਾਲੇ ਦੇ ਕਾਇਆ-ਕਲਪ ਪ੍ਰਾਜੈਕਟ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ 'ਤੇ CM ਮਾਨ ਨੇ ਥਾਪੜੀ ਪੰਜਾਬ ਪੁਲਸ ਦੀ ਪਿੱਠ
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ, ਪੁਲਸ ਕਮਿਸ਼ਨਰ ਡਾ. ਕੌਸਤਭ ਸ਼ਰਮਾ, ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐੱਸ.ਐੱਸ.ਪੀ. ਲੁਧਿਆਣਾ ਦਿਹਾਤੀ ਦੀਪਕ ਹਿਲੋਰੀ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ, ਵਧੀਕ ਨਗਰ ਨਿਗਮ ਕਮਿਸ਼ਨਰ ਆਦਿਤਿਆ ਡਚਲਵਾਲ, ਨਰੋਆ ਪੰਜਾਬ ਦੇ ਮੁਖੀ ਗੁਰਪ੍ਰੀਤ ਸਿੰਘ ਚੰਦਬਾਜਾ, ਇੰਜ. ਜਸਕੀਰਤ ਸਿੰਘ, ਕਪਿਲ ਅਰੋੜਾ ਤੇ ਹੋਰ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।