ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ ਫਫੜੇ ਨੂੰ ਹਜ਼ਾਰਾਂ ਨਮ ਅੱਖਾਂ ਨੇ ਦਿੱਤੀ ਅੰਤਿਮ ਵਿਦਾਈ
Tuesday, Apr 18, 2023 - 06:07 PM (IST)

ਬੁਢਲਾਡਾ (ਬਾਂਸਲ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪੰਜਾਬ ਦੇ ਸੂਬਾ ਅਨੁਸ਼ਾਸ਼ਨ ਕਮੇਟੀ ਮੈਂਬਰ ਅਤੇ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ ਫਫੜੇ (83) ਦਾ ਅਚਾਨਕ ਦਿਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਉਹ ਪਿਛਲੇ ਕਈ ਮਹੀਨਿਆਂ ਤੋਂ ਬੀਮਾਰ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 4 ਵਜੇ ਪਿੰਡ ਫਫੜੇ ਭਾਈਕੇ (ਮਾਨਸਾ) ਵਿਖੇ ਹਜ਼ਾਰਾਂ ਨਮ ਅੱਖਾਂ ਦੀ ਹਾਜ਼ਰੀ ਵਿੱਚ ਕਰ ਦਿੱਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰ ਮਾਨਸਾ ਜੀਵਨ ਗਰਗ ਨੇ ਉਨ੍ਹਾਂ ਨੂੰ ਸ਼ਰਧਾਜਲੀ ਭੇਟ ਕੀਤੀ।
ਇਹ ਵੀ ਪੜ੍ਹੋ- ਬਰਨਾਲਾ 'ਚ ਨਹਾਉਣ ਸਮੇਂ ਵਿਅਕਤੀ ਨਾਲ ਵਾਪਰਿਆ ਭਾਣਾ, ਇੰਝ ਆਵੇਗੀ ਮੌਤ ਸੋਚਿਆ ਨਾ ਸੀ
ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਚਰਨਜੀਤ ਸਿੰਘ ਅੱਕਾਵਾਲੀ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ, ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ, ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਮਾਈਕਲ ਗਾਗੋਵਾਲ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ, ਐੱਸ. ਜੀ. ਪੀ. ਸੀ. ਮੈਂਬਰ ਮਿੱਠੂ ਸਿੰਘ ਕਾਹਨੇਕੇ ਤੋਂ ਇਲਾਵਾ ਸਿਆਸੀ ਅਤੇ ਧਾਰਮਿਕ ਲੋਕ ਹਾਜ਼ਰ ਸਨ।
ਇਹ ਵੀ ਪੜ੍ਹੋ- ਪੂਰੇ ਪੰਜਾਬ 'ਚ ਬਠਿੰਡਾ ਜ਼ਿਲ੍ਹੇ ਦੇ ਚਰਚੇ, ਇਸ ਸਕੀਮ 'ਚ ਹਾਸਲ ਕੀਤਾ ਪਹਿਲਾ ਸਥਾਨ
ਦੱਸ ਦੇਈਏ ਕਿ ਜਸਵੰਤ ਸਿੰਘ ਫਫੜੇ 1985 ‘ਚ ਹਲਕਾ ਮਾਨਸਾ ਤੋਂ ਅਕਾਲੀ ਦਲ ਦੇ ਵਿਧਾਇਕ ਬਣੇ ਅਤੇ ਸੁਰਜੀਤ ਸਿੰਘ ਬਰਨਾਲਾ ਦੀ ਸਰਕਾਰ ਸਮੇਂ ਡਿਪਟੀ ਸਪੀਕਰ ਬਣੇ। ਵਰਣਨਯੋਗ ਹੈ ਕਿ ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ ਫਫੜੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਾਂ ਕਾਂਗਰਸ ਵਿੱਚ ਸ਼ਾਮਲ ਹੋਏ ਸਨ। ਅੱਜ-ਕੱਲ੍ਹ ਉਹ ਬੁਢਲਾਡਾ ਹਲਕੇ 'ਚ ਕਾਂਗਰਸ ਵਿੱਚ ਸਰਗਰਮ ਨੇਤਾ ਵਜੋਂ ਕੰਮ ਕਰ ਰਹੇ ਸਨ। ਫਫੜੇ ਦੀ ਮੌਤ ਕਾਰਨ ਹਲਕੇ ਅੰਦਰ ਸੋਗ ਦੀ ਲਹਿਰ ਫੈਲੀ ਹੋਈ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।