ਵਿਜੀਲੈਂਸ ਵੱਲੋਂ 18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਤੇ ਉਸਦਾ ਨਿੱਜੀ ਸਹਾਇਕ ਕਾਬੂ

Tuesday, Jun 27, 2023 - 06:12 PM (IST)

 ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਾਲ ਹਲਕਾ ਭੁੱਲਰ ਵਿਖੇ ਤਾਇਨਾਤ ਪਟਵਾਰੀ ਗੁਰਪ੍ਰੀਤ ਸਿੰਘ ਅਤੇ ਉਸਦੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ 18 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਪਟਵਾਰੀ ਤੇ ਉਸਦੇ ਪੀਏ ਨੂੰ ਗੁਰਪਾਲ ਸਿੰਘ ਵਾਸੀ ਪਿੰਡ ਭੁੱਲਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਪਾਲ ਸਿੰਘ ਨੇ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਦੇ ਸ੍ਰੀ ਮੁਕਤਸਰ ਸਾਹਿਬ ਯੂਨਿਟ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਟਵਾਰੀ ਨੇ ਉਸਦੇ ਪਿਤਾ ਦੀ ਮੌਤ ਤੋਂ ਬਾਅਦ ਜੱਦੀ ਜ਼ਮੀਨ ਗੁਰਪਾਲ ਸਿੰਘ (ਸ਼ਿਕਾਇਤਕਰਤਾ) ਅਤੇ ਉਸਦੇ ਭਰਾ ਦੇ ਨਾਮ ਤਬਦੀਲ ਕਰਨ ਬਦਲੇ 18 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ। 

ਪਟਵਾਰੀ ਨੇ ਇਹ ਕੰਮ ਕਰਵਾਉਣ ਲਈ ਉਕਤ ਰਕਮ ਆਪਣੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ ਸੌਂਪਣ ਲਈ ਕਿਹਾ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੰਸਪੈਕਟਰ ਅਮਨਦੀਪ ਸਿੰਘ ਦੀ ਅਗਵਾਈ ਵਿੱਚ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਐੱਸ. ਡੀ. ਓ. ਜਲ ਸਪਲਾਈ ਪੁਸ਼ਪਿੰਦਰ ਸਿੰਘ ਅਤੇ ਵਣ ਮੰਡਲ ਵਿਭਾਗ ਦੇ ਸੁਪਰਡੈਂਟ ਗੁਰਪ੍ਰੀਤ ਸਿੰਘ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 18,000 ਰੁਪਏ ਰਿਸ਼ਵਤ ਲੈਂਦਿਆਂ ਦੋਵੇਂ ਮੁਲਜ਼ਮਾਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ। 


Gurminder Singh

Content Editor

Related News