ਵਿਜੀਲੈਂਸ ਨੇ 5,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਦਬੋਚਿਆ

03/06/2021 6:02:38 PM

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਡਿਵੀਜ਼ਨ ਨੰਬਰ 6, ਜਲੰਧਰ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ-ਇੰਪੈਕਟਰ (ਏ.ਐੱਸ.ਆਈ.) ਮਨਮੋਹਣ ਕ੍ਰਿਸ਼ਨ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐੱਸ.ਆਈ. ਨੂੰ ਸ਼ਿਕਾਇਤਕਰਤਾ ਰੋਬਿਨ ਵਰਮਾ ਵਾਸੀ ਗੁਰਦਾਸਪੁਰ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਟੋਲ ਫਰੀ ਨੰਬਰ ਉਤੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਇਕ ਕੇਸ ਵਿਚ ਉਸ ਦੀ ਜ਼ਬਤ ਕੀਤੀ ਗਈ ਕਾਰ ਨੂੰ ਸੁਪਰਦਦਾਰੀ 'ਤੇ ਪ੍ਰਾਪਤ ਕਰਨ ਬਦਲੇ ਉਕਤ ਏ.ਐੱਸ.ਆਈ. ਵਲੋਂ 5,000 ਰੁਪਏ ਦੀ ਮੰਗ ਕੀਤੀ ਗਈ ਹੈ।

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐੱਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਜਲੰਧਰ ਤੋਂ ਵਿਜੀਲੈਂਸ ਦੀ ਟੀਮ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਜਲੰਧਰ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Gurminder Singh

This news is Content Editor Gurminder Singh