ਵਿਜੀਲੈਂਸ ਵੱਲੋਂ ਆਰ. ਟੀ. ਏ ਦਫਤਰ ਸੰਗਰੂਰ ’ਚ ਵਾਹਨਾਂ ਦੇ ਫਿਟਨੈੱਸ ਸਰਟੀਫਿਕੇਟ ਘੁਟਾਲੇ ਦਾ ਪਰਦਾਫਾਸ਼

Friday, Aug 19, 2022 - 10:36 AM (IST)

ਵਿਜੀਲੈਂਸ ਵੱਲੋਂ ਆਰ. ਟੀ. ਏ ਦਫਤਰ ਸੰਗਰੂਰ ’ਚ ਵਾਹਨਾਂ ਦੇ ਫਿਟਨੈੱਸ ਸਰਟੀਫਿਕੇਟ ਘੁਟਾਲੇ ਦਾ ਪਰਦਾਫਾਸ਼

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਮੁਹਿੰਮ ਤਹਿਤ ਰਿਜ਼ਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫਤਰ ਸੰਗਰੂਰ ਵਿਚ ਇੱਕ ਵੱਡੇ ਘੁਟਾਲੇ ਦਾ ਪਰਦਾਫਾਸ਼ ਕਰਦਿਆਂ ਆਰ.ਟੀ.ਏ., ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.), ਦੋ ਕਲਰਕਾਂ, ਦੋ ਵਿਚੋਲਿਆਂ ਅਤੇ ਪ੍ਰਾਈਵੇਟ ਏਜੰਟਾਂ ਖ਼ਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਵਿਚ ਵਿਜੀਲੈਂਸ ਨੇ ਇਸ ਦਫਤਰ ਦੇ ਦੋ ਮੁਲਾਜ਼ਮਾਂ ਅਤੇ ਇੱਕ ਵਿਚੋਲੇ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਘਪਲੇ ਵਿਚ ਆਰ.ਟੀ.ਏ. ਸੰਗਰੂਰ, ਐੱਮ.ਵੀ.ਆਈ., ਉਨ੍ਹਾਂ ਦਾ ਅਮਲਾ ਅਤੇ ਪ੍ਰਾਈਵੇਟ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ ਜੋ ਰਾਜ ਸਰਕਾਰ ਦੇ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨ ਦੀ ਥਾਂ ਇਕ ਦੂਜੇ ਨਾਲ ਮਿਲ ਕੇ ਵੱਖ-ਵੱਖ ਕਿਸਮਾਂ ਦੇ ਵਾਹਨਾਂ ਨੂੰ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਬਦਲੇ ਰਾਜ ਵਿਚ ਕੰਮ ਕਰ ਰਹੇ ਵੱਖ-ਵੱਖ ਏਜੰਟਾਂ ਤੋਂ ਰਿਸ਼ਵਤਾਂ ਲੈਂਦੇ ਸਨ।

ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੇ ਨਿਯਮਾਂ ਅਨੁਸਾਰ ਸਾਰੇ ਵਪਾਰਕ ਵਾਹਨਾਂ ਨੂੰ ਸੜਕਾਂ ’ਤੇ ਚੱਲਣ ਲਈ ਆਰ. ਟੀ. ਏ. ਦਫਤਰ ਤੋਂ ਫਿਟਨੈੱਸ ਸਰਟੀਫਿਕੇਟ ਲੈਣਾ ਪੈਂਦਾ ਹੈ ਅਤੇ ਅਜਿਹੇ ਸਾਰੇ ਵਾਹਨਾਂ ਨੂੰ ਦਸਤਾਵੇਜਾਂ ਸਮੇਤ ਐੱਮ.ਵੀ.ਆਈ. ਦੁਆਰਾ ਆਪਣੇ ਦਫਤਰ ਵਿਖੇ ਮੌਕੇ ’ਤੇ ਨਿਰੀਖਣ ਕਰਨਾ ਹੁੰਦਾ ਹੈ। ਘਪਲੇ ਦੀ ਰੂਪਰੇਖਾ ਦਾ ਖੁਲਾਸਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਅਧਿਕਾਰੀ ਏਜੰਟਾਂ ਅਤੇ ਵਿਚੋਲਿਆਂ ਦੀ ਮਿਲੀਭੁਗਤ ਨਾਲ ਵਾਹਨਾਂ ਦੀ ਮੌਕੇ ’ਤੇ ਫਿਜ਼ੀਕਲ ਵੈਰੀਫਿਕੇਸਨ ਕੀਤੇ ਬਿਨਾਂ ਹੀ ਵਾਹਨ ਦੇ ਮਾਡਲ ਦੇ ਹਿਸਾਬ ਨਾਲ 2800 ਰੁਪਏ ਤੋਂ ਲੈ ਕੇ 1000 ਰੁਪਏ ਪ੍ਰਤੀ ਵਾਹਨ ਰਿਸ਼ਵਤ ਦੇ ਬਦਲੇ ਫਿਟਨੈੱਸ ਸਰਟੀਫਿਕੇਟ ਜਾਰੀ ਕਰਦੇ ਆ ਰਹੇ ਹਨ। ਇਸ ਤਰ੍ਹਾਂ ਆਰ.ਟੀ.ਏ ਅਤੇ ਐੱਮ.ਵੀ.ਆਈ. ਵੱਲੋਂ ਨਿਰਧਾਰਿਤ ਸਥਾਨ ’ਤੇ ਵਾਹਨ ਖੜ੍ਹੇ ਕਰਵਾਉਣ ਦੀ ਥਾਂ ਅਤੇ ਉਨ੍ਹਾਂ ਦੀ ਮੌਕੇ ’ਤੇ ਭੌਤਿਕ ਜਾਂਚ ਕੀਤੇ ਬਿਨਾਂ ਹੀ ਦਸਤਾਵੇਜਾਂ ਦੇ ਆਧਾਰ ’ਤੇ ਵਾਹਨਾਂ ਨੂੰ ਪਾਸ ਕੀਤਾ ਜਾ ਰਿਹਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਆਧਾਰ ’ਤੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਐੱਮ.ਵੀ.ਆਈ ਸੰਗਰੂਰ ਦੇ ਦਫਤਰ ਦੀ ਅਚਨਚੇਤ ਜਾਂਚ ਕੀਤੀ ਜਿਸ ਵਿਚ ਇਸ ਘੁਟਾਲੇ ਦੀਆਂ ਪਰਤਾਂ ਖੁੱਲ੍ਹੀਆਂ। ਇਸ ਮਾਮਲੇ ’ਚ ਵਿਜੀਲੈਂਸ ਬਿਊਰੋ ਨੇ ਮੌਕੇ ’ਤੇ ਹੀ 3 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਿਨਾਂ ’ਚ ਧਰਮਿੰਦਰ ਪਾਲ ਉਰਫ ਬੰਟੀ (ਏਜੰਟ) ਵਾਸੀ ਸੰਗਰੂਰ, ਕਲਰਕ ਗੁਰਚਰਨ ਸਿੰਘ ਅਤੇ ਡਾਟਾ ਐਂਟਰੀ ਆਪਰੇਟਰ ਜਗਸੀਰ ਸਿੰਘ ਤੋਂ ਇਲਾਵਾ ਕਰੀਬ 40 ਹਜਾਰ ਰੁਪਏ ਰਿਸ਼ਵਤ ਦੀ ਰਾਸ਼ੀ ਅਤੇ ਘੁਟਾਲੇ ਨਾਲ ਸਬੰਧਤ ਕਈ ਦਸਤਾਵੇਜ ਵੀ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਰਵਿੰਦਰ ਸਿੰਘ ਗਿੱਲ ਆਰ.ਟੀ.ਏ., ਮਹਿੰਦਰ ਪਾਲ ਐੱਮ.ਵੀ.ਆਈ., ਗੁਰਚਰਨ ਸਿੰਘ ਕਲਰਕ, ਜਗਸੀਰ ਸਿੰਘ ਡਾਟਾ ਐਂਟਰੀ ਆਪਰੇਟਰ, ਧਰਮਿੰਦਰ ਪਾਲ ਉਰਫ ਬੰਟੀ ਅਤੇ ਸੁਖਵਿੰਦਰ ਸੁੱਖੀ ਦੋਵੇਂ ਵਿਚੋਲੇ ਅਤੇ ਹੋਰ ਪ੍ਰਾਈਵੇਟ ਏਜੰਟਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿੱਚ ਐੱਫ.ਆਈ.ਆਰ ਨੰਬਰ 19 ਮਿਤੀ 18-08-2022 ਧਾਰਾ 420, 120-ਬੀ ਆਈ.ਪੀ.ਸੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਕੀਤੀ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਘੁਟਾਲਾ ਪਿਛਲੇ 7-8 ਸਾਲਾਂ ਤੋਂ ਚੱਲ ਰਿਹਾ ਸੀ ਅਤੇ ਹਰ ਮਹੀਨੇ 2000-2500 ਤੋਂ ਵੱਧ ਵਾਹਨਾਂ ਨੂੰ ਫਿਟਨੈੱਸ ਸਰਟੀਫਿਕੇਟ ਜਾਰੀ ਕੀਤੇ ਜਾ ਰਹੇ ਸਨ ਜਦਕਿ ਕਿ ਇਕ ਵਿਅਕਤੀ ਵੱਲੋਂ ਇੰਨੇ ਸਮੇਂ ਵਿਚ ਇੰਨੀ ਵੱਡੀ ਗਿਣਤੀ ’ਚ ਵਾਹਨਾਂ ਦਾ ਮੌਕੇ ’ਤੇ ਮੁਆਇਨਾ ਕਰਨਾ ਸੰਭਵ ਨਹੀਂ ਹੈ। ਇਸ ਤਰ੍ਹਾਂ ਇਸ ਸਮੇਂ ਦੌਰਾਨ ਹਰ ਮਹੀਨੇ ਅੰਦਾਜ਼ਨ 35-40 ਲੱਖ ਰੁਪਏ ਦੀ ਰਿਸ਼ਵਤ ਦੀ ਰਕਮ ਹਾਸਲ ਕੀਤੀ ਗਈ ਜਿਸ ਨਾਲ ਇਹ ਮਾਮਲਾ ਕਰੋੜਾਂ ਰੁਪਏ ਵਿਚ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਦਫਤਰ ਵਿਚ ਪਹਿਲਾਂ ਤੋਂ ਤਾਇਨਾਤ ਸਾਰੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ ਅਤੇ ਕਾਨੂੰਨ ਅਨੁਸਾਰ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।


author

Gurminder Singh

Content Editor

Related News