ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਤਹਿਸੀਲਦਾਰ ਦਫ਼ਤਰ ਦਾ ਬਿੱਲ ਕਲਰਕ ਰਿਸ਼ਵਤ ਲੈਂਦਾ ਗ੍ਰਿਫ਼ਤਾਰ

04/25/2023 8:27:29 PM

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਤਹਿਤ ਮੰਗਲਵਾਰ ਨੂੰ ਤਹਿਸੀਲਦਾਰ ਦਫ਼ਤਰ ਤਲਵੰਡੀ ਸਾਬੋ ਦੇ ਬਿੱਲ ਕਲਰਕ ਹਰਜੀਤ ਸਿੰਘ ਨੂੰ 4500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਹੈ। ਅੱਜ ਇਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਗੁਰਸੇਵਕ ਸਿੰਘ ਵਾਸੀ ਜਗਾ ਰਾਮ ਤੀਰਥ, ਤਹਿਸੀਲ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ : ਡਿਊਟੀ ਤੋਂ ਪਰਤ ਰਹੇ ਪੁਲਸ ਮੁਲਾਜ਼ਮ ਨਾਲ ਵਾਪਰਿਆ ਦਰਦਨਾਕ ਹਾਦਸਾ, ਘਰ ’ਚ ਵਿਛੇ ਸੱਥਰ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਗੁਰਸੇਵਕ ਸਿੰਘ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਬਿੱਲ ਕਲਰਕ ਹਰਜੀਤ ਸਿੰਘ ਨੇ ਉਸ ਦੇ ਵਿਆਹ ਦਾ ਸਰਟੀਫਿਕੇਟ ਬਣਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਉਸ ਵੱਲੋਂ ਮਿੰਨਤ-ਤਰਲਾ ਕਰਨ ’ਤੇ ਉਹ 6000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ ਅਤੇ 1500 ਰੁਪਏ ਬਤੌਰ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ ਰਹਿੰਦੀ ਰਿਸ਼ਵਤ ਦੀ ਰਕਮ ਲੈਣ ਲਈ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨੇ ਜਾਲ ਵਿਛਾਇਆ ਤੇ ਉਕਤ ਮੁਲਜ਼ਮ ਨੂੰ ਸ਼ਿਕਾਇਤਕਰਤਾ ਕੋਲੋਂ ਦੂਜੀ ਕਿਸ਼ਤ ਵਜੋਂ 4500 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ : ਮੋਰਿੰਡਾ ਬੇਅਦਬੀ ਮਾਮਲੇ ’ਚ ਪੁਲਸ ਨੇ ਕੀਤੀ ਵੱਡੀ ਕਾਰਵਾਈ

Manoj

This news is Content Editor Manoj