ਵਿਜੀਲੈਂਸ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ, ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ

05/26/2023 1:20:20 AM

ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਫੁਟਕਲ ਸ਼ਾਖ਼ਾ, ਤਹਿਸੀਲ ਦਫ਼ਤਰ, ਸੰਗਰੂਰ ਵਿਖੇ ਤਾਇਨਾਤ ਕਲਰਕ ਅੰਕਿਤ ਗਰਗ ਨੂੰ 7 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਮਾਮਲੇ ਵਿਚ ਉਸ ਦੇ ਸਾਥੀ ਅਤੇ ਸਹਿ ਮੁਲਜ਼ਮ ਕ੍ਰਿਸ਼ਨ ਕੁਮਾਰ ਜੂਨੀਅਰ ਸਹਾਇਕ ਵਿਰੁੱਧ ਵੀ ਰਿਸ਼ਵਤ ਮੰਗਣ ਦਾ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਨਵੀਂ ਖੇਤੀ ਨੀਤੀ ਨੂੰ ਲੈ ਕੇ ਬੋਲੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ, ਕਹੀਆਂ ਅਹਿਮ ਗੱਲਾਂ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮਾਂ ਵਿਰੁੱਧ ਰਿਸ਼ਵਤਖੋਰੀ ਦਾ ਇਹ ਮਾਮਲਾ ਸੰਗਰੂਰ ਦੇ ਇਕ ਆਈਲੈਟਸ ਇੰਸਟੀਚਿਊਟ ਦੇ ਮਾਲਕ ਹਰਕੀਰਤ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਦਫ਼ਤਰ ਦੇ ਕਲਰਕ ਅੰਕਿਤ ਗਰਗ ਅਤੇ ਜੂਨੀਅਰ ਸਹਾਇਕ ਕ੍ਰਿਸ਼ਨ ਕੁਮਾਰ ਨੇ ਉਸ ਦੇ ਇੰਸਟੀਚਿਊਟ ਲਈ ਜ਼ਿਲ੍ਹਾ ਪ੍ਰਸ਼ਾਸਨ ਤੋਂ ਲਾਇਸੈਂਸ ਪ੍ਰਾਪਤ ਕਰਨ ਸਬੰਧੀ ਰਿਪੋਰਟ ਉਸ ਦੇ ਪੱਖ ਵਿਚ ਦੇਣ ਬਦਲੇ ਰਿਸ਼ਵਤ ਵਜੋਂ 20,000 ਰੁਪਏ ਦੀ ਮੰਗ ਕੀਤੀ ਪਰ ਸੌਦਾ 12,000 ਰੁਪਏ ਵਿਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5,000 ਰੁਪਏ ਪਹਿਲਾਂ ਹੀ ਲੈ ਚੁੱਕੇ ਹਨ ਅਤੇ ਬਾਕੀ ਰਕਮ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ : ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਲੈ ਕੇ ਹਾਈਕੋਰਟ ਹੋਇਆ ਸਖ਼ਤ, ਜਾਰੀ ਕੀਤੇ ਇਹ ਹੁਕਮ

ਬੁਲਾਰੇ ਨੇ ਅੱਗੇ ਦੱਸਿਆ ਕਿ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਦੋਸ਼ਾਂ ਦੀ ਮੁੱਢਲੀ ਜਾਂਚ ਉਪਰੰਤ ਜਾਲ ਵਿਛਾ ਕੇ ਮੁਲਜ਼ਮ ਅੰਕਿਤ ਗਰਗ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਉਪਰੋਕਤ ਦੋਵਾਂ ਮੁਲਾਜ਼ਮਾਂ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Manoj

This news is Content Editor Manoj