ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਣ ਦੇ ਦੋਸ਼ 'ਚ ASI ਗ੍ਰਿਫ਼ਤਾਰ

05/17/2023 9:19:25 PM

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਥਾਣਾ ਸਮਰਾਲਾ ਪੁਲਸ ਜ਼ਿਲ੍ਹਾ ਖੰਨਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਬਲਦੇਵ ਰਾਜ (648/ਖੰਨਾ) ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 2 ਕਿਸ਼ਤਾਂ 'ਚ 9,000 ਰੁਪਏ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਮ ਸਿੰਘ ਵਾਸੀ ਪਿੰਡ ਭੱਲ ਮਾਜਰਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਏ.ਐੱਸ.ਆਈ. ਬਲਦੇਵ ਰਾਜ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਧਰਮਸੋਤ ਨੂੰ ਵੱਡੀ ਰਾਹਤ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਹਾਈ ਕੋਰਟ ਨੇ ਦਿੱਤੀ ਜ਼ਮਾਨਤ

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪੁਲਸ ਮੁਲਾਜ਼ਮ ਉਸ ਦੀ ਲੜਕੀ ਅਤੇ ਜਵਾਈ ਵਿਰੁੱਧ ਕੋਈ ਪੁਲਸ ਮੁਕੱਦਮਾ ਦਰਜ ਨਾ ਕਰਨ ਬਦਲੇ ਰਿਸ਼ਵਤ ਵਜੋਂ ਪਹਿਲਾਂ ਹੀ 2 ਕਿਸ਼ਤਾਂ 'ਚ 9000 ਰੁਪਏ ਲੈ ਚੁੱਕਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਰਿਸ਼ਵਤ ਲੈਣ ਦੇ ਬਾਵਜੂਦ ਉਕਤ ਪੁਲਸ ਮੁਲਾਜ਼ਮ ਨੇ ਉਨ੍ਹਾਂ ਖ਼ਿਲਾਫ਼ ਅਪਰਾਧਿਕ ਕਾਰਵਾਈ ਕੀਤੀ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੇਣ ਸਬੰਧੀ ਏਐੱਸਆਈ ਨਾਲ ਹੋਈ ਸਾਰੀ ਗੱਲਬਾਤ ਰਿਕਾਰਡ ਕਰ ਲਈ ਤੇ ਇਹ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤੀ।

ਇਹ ਵੀ ਪੜ੍ਹੋ : NIA ਦਾ ਵੱਡਾ ਐਕਸ਼ਨ, ਪਿੰਡ ਗੜ੍ਹੀ ਕਾਨੂੰਗੋ ਵਿਖੇ ਛਾਪੇਮਾਰੀ, ਪੜ੍ਹੋ ਪੂਰਾ ਮਾਮਲਾ

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਉਕਤ ਪੁਲਸ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਤੋਂ 9,000 ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ੀ ਪਾਏ ਜਾਣ ਉਪਰੰਤ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਦੋਸ਼ੀ ਪੁਲਸ ਮੁਲਾਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News