ਰਿਸ਼ਵਤ ਲੈਂਦਾ ਸਿਕਿਓਰਿਟੀ ਗਾਰਡ ਰੰਗੇ ਹੱਥੀਂ ਕਾਬੂ

Tuesday, May 05, 2026 - 11:43 AM (IST)

ਰਿਸ਼ਵਤ ਲੈਂਦਾ ਸਿਕਿਓਰਿਟੀ ਗਾਰਡ ਰੰਗੇ ਹੱਥੀਂ ਕਾਬੂ

ਮੁੱਲਾਂਪੁਰ ਦਾਖਾ (ਕਾਲੀਆ)- ਪੰਜਾਬ ਵਿਜੀਲੈਂਸ ਬਿਊਰੋ ਨੇ ਗਲਾਡਾ, ਲੁਧਿਆਣਾ ਦੇ ਦਫ਼ਤਰ ਵਿਚ ਤਾਇਨਾਤ ਸਿਕਿਓਰਿਟੀ ਗਾਰਡ ਜਸਵਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਖਾਸੀ ਕਲਾਂ ਜ਼ਿਲ੍ਹਾ ਲੁਧਿਆਣਾ ਦੇ ਇਕ ਨਿਵਾਸੀ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਪਿੰਡ ਭਾਮੀਆ ਕਲਾਂ ਜ਼ਿਲ੍ਹਾ ਲੁਧਿਆਣਾ ਵਿਚ ਆਪਣੀ ਦੁਕਾਨ ਬਣਾ ਰਿਹਾ ਸੀ। ਇਸ ਦੌਰਾਨ ਉਕਤ ਸੁਰੱਖਿਆ ਗਾਰਡ ਉਸ ਦੀ ਉਸਾਰੀ ਅਧੀਨ ਦੁਕਾਨ ’ਤੇ ਆਇਆ ਅਤੇ ਉਸ ਨੂੰ ਦੱਸਿਆ ਕਿ ਇਹ ਉਸਾਰੀ ਗ਼ੈਰ-ਪ੍ਰਮਾਣਿਤ ਹੈ ਅਤੇ ਉਸ ਨੂੰ ਧਮਕੀ ਦਿੱਤੀ ਕਿ ਉਸ ਦੀ ਦੁਕਾਨ ਢਾਹ ਦਿੱਤੀ ਜਾਵੇਗੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਸੁਰੱਖਿਆ ਗਾਰਡ ਨੇ 12000 ਰੁਪਏ ਦੀ ਰਿਸ਼ਵਤ ਮੰਗੀ ਅਤੇ ਪ੍ਰਾਪਤ ਕੀਤੀ। ਜਦੋਂ ਦੋਸ਼ੀ ਨੇ ਹੋਰ 5000 ਰੁਪਏ ਦੀ ਮੰਗ ਕੀਤੀ ਤਾਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਯੂਨਿਟ ਲੁਧਿਆਣਾ ਨਾਲ ਸੰਪਰਕ ਕੀਤਾ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਉਸ ਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸੁਰੱਖਿਆ ਗਾਰਡ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਦੇ ਪੁਲਿਸ ਸਟੇਸ਼ਨ ਲੁਧਿਆਣਾ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


author

Anmol Tagra

Content Editor

Related News