ਵਿਜੀਲੈਂਸ ਨੇ ਵਾਹਨ ਫਿੱਟਨੈੱਸ ਸਰਟੀਫਿਕੇਟ ਘਪਲੇ ’ਚ ਸ਼ਾਮਲ ਮਹਿਲਾ ਏਜੰਟ ਨੂੰ ਕੀਤਾ ਗ੍ਰਿਫ਼ਤਾਰ
Sunday, Dec 04, 2022 - 07:51 PM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿੱਟਨੈੱਸ ਸਰਟੀਫਿਕੇਟ ਘਪਲੇ ’ਚ ਜਲੰਧਰ ਵਿਖੇ ਤਾਇਨਾਤ ਮੋਟਰ ਵ੍ਹੀਕਲ ਇੰਸਪੈਕਟਰ (ਐੱਮ. ਵੀ. ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੀ ਇਕ ਭਗੌੜੀ ਮਹਿਲਾ ਮੁਲਜ਼ਮ ਏਜੰਟ ਸਪਨਾ ਵਾਸੀ ਵਿਜੇ ਨਗਰ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ, ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐੱਮ. ਵੀ. ਆਈ., ਜਲੰਧਰ ਦੇ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ ਅਤੇ ਵੱਡੇ ਪੱਧਰ ’ਤੇ ਪ੍ਰਾਈਵੇਟ ਏਜੰਟਾਂ ਨਾਲ ਮਿਲੀਭੁਗਤ ਕਰਕੇ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਫਿੱਟਨੈੱਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਸੀ।
ਇਹ ਖ਼ਬਰ ਵੀ ਪੜ੍ਹੋ : ਖ਼ੁਸ਼ੀਆਂ ਵਿਚਾਲੇ ਪਰਿਵਾਰ ’ਚ ਪਿਆ ਭੜਥੂ, ਦੋ ਔਰਤਾਂ ਨੇ ਫਿਲਮੀ ਅੰਦਾਜ਼ ’ਚ ਨਵਜੰਮਿਆ ਬੱਚਾ ਕੀਤਾ ਚੋਰੀ
ਬੁਲਾਰੇ ਨੇ ਅੱਗੇ ਦੱਸਿਆ ਕਿ ਪੁਖਤਾ ਸਬੂਤਾਂ ਦੇ ਆਧਾਰ ’ਤੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਨੰਬਰ 14 ਮਿਤੀ 23-08-2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈ.ਪੀ.ਸੀ. ਦੀ ਧਾਰਾ 420, 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ’ਚ ਕੁਲ 10 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ, ਜੋ ਜੇਲ੍ਹ ’ਚ ਬੰਦ ਹਨ, ਜਿਨ੍ਹਾਂ ’ਚ ਨਰੇਸ਼ ਕਲੇਰ, ਰਾਮਪਾਲ ਉਰਫ਼ ਰਾਧੇ, ਮੋਹਨ ਲਾਲ ਉਰਫ਼ ਕਾਲੂ, ਪਰਮਜੀਤ ਸਿੰਘ ਬੇਦੀ, ਸੁਰਜੀਤ ਸਿੰਘ ਅਤੇ ਹਰਵਿੰਦਰ ਸਿੰਘ, ਪੰਕਜ ਢੀਂਗਰਾ ਉਰਫ਼ ਭੋਲੂ, ਬ੍ਰਿਜਪਾਲ ਸਿੰਘ ਉਰਫ਼ ਰਿੱਕੀ ਅਤੇ ਅਰਵਿੰਦ ਕੁਮਾਰ ਉਰਫ਼ ਬਿੰਦੂ ਅਤੇ ਵਰਿੰਦਰ ਸਿੰਘ ਉਰਫ ਦੀਪੂ (ਸਾਰੇ ਪ੍ਰਾਈਵੇਟ ਏਜੰਟ) ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ CM ਖੱਟੜ, SYL ਨੂੰ ਲੈ ਕੇ ਦਿੱਤਾ ਅਹਿਮ ਬਿਆਨ