ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ 'ਚ 2 ਪੁਲਸ ਕਰਮਚਾਰੀਆਂ ਸਮੇਤ CIA ਸਟਾਫ਼ ਇੰਚਾਰਜ ਕਾਬੂ
Wednesday, Jun 14, 2023 - 09:46 PM (IST)
ਚੰਡੀਗੜ੍ਹ/ਪਟਿਆਲਾ : ਸੂਬੇ 'ਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀ.ਆਈ.ਏ. ਸਟਾਫ਼ ਰਾਜਪੁਰਾ ਦੇ ਇੰਚਾਰਜ ਇੰਸਪੈਕਟਰ ਰਾਕੇਸ਼ ਕੁਮਾਰ ਨੂੰ ਉਸ ਦੇ 2 ਸਾਥੀ ਪੁਲਸ ਕਰਮਚਾਰੀਆਂ ਸਮੇਤ ਇਕ ਹੋਟਲ ਦੇ ਮਾਲਕ ਤੋਂ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ। ਬਾਕੀ 2 ਮੁਲਜ਼ਮਾਂ ਦੀ ਪਛਾਣ ਹੈੱਡ ਕਾਂਸਟੇਬਲ ਕੁਲਦੀਪ ਸਿੰਘ ਤੇ ਪੰਜਾਬ ਹੋਮ ਗਾਰਡ (ਪੀ.ਐੱਚ.ਜੀ.) ਕੁਲਦੀਪ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ : CM ਮਾਨ ਦੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਵਿਸ਼ੇਸ਼ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਸ ਮੁਲਾਜ਼ਮਾਂ ਨੂੰ ਸ਼ਹੀਦ ਭਗਤ ਸਿੰਘ ਕਾਲੋਨੀ, ਰਾਜਪੁਰਾ (ਪਟਿਆਲਾ) ਦੇ ਰਹਿਣ ਵਾਲੇ ਤੇਜਿੰਦਰਪਾਲ ਸਿੰਘ, ਜੋ ਰਾਜਪੁਰਾ ਵਿਖੇ ਹੋਟਲ ਕੈਨੇਡੀਅਨ ਗੈਸਟ ਹਾਊਸ ਚਲਾ ਰਿਹਾ ਹੈ, ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਸ ਥਾਣਾ ਫਲਾਇੰਗ ਸਕੁਐਡ-1 ਪੰਜਾਬ (ਮੋਹਾਲੀ) ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੀ.ਆਈ.ਏ. ਸਟਾਫ਼ ਇੰਚਾਰਜ ਇੰਸਪੈਕਟਰ ਰਾਕੇਸ਼ ਕੁਮਾਰ ਨੇ ਉਸ ਤੋਂ ਹੋਟਲ ਦੇ ਕਾਰੋਬਾਰ ਨੂੰ ਚੱਲਦਾ ਰੱਖਣ ਬਦਲੇ 15,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਐਕਸ਼ਨ 'ਚ ਪੰਚਾਇਤ ਮੰਤਰੀ ਭੁੱਲਰ, ਹੁਣ ਤੱਕ ਦੇ ਦੂਜੇ ਸਭ ਤੋਂ ਵੱਡੇ ਨਾਜਾਇਜ਼ ਕਬਜ਼ੇ ਨੂੰ ਛੁਡਵਾਇਆ
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਫਲਾਇੰਗ ਸਕੁਐਡ-1 ਪੰਜਾਬ (ਮੋਹਾਲੀ) ਦੀ ਟੀਮ ਨੇ ਜਾਲ ਵਿਛਾਇਆ ਅਤੇ ਇੰਸਪੈਕਟਰ ਰਾਕੇਸ਼ ਕੁਮਾਰ ਵੱਲੋਂ ਸ਼ਿਕਾਇਤਕਰਤਾ ਤੋਂ 17,000 ਰੁਪਏ ਦੀ ਰਿਸ਼ਵਤ ਲੈਂਦਿਆਂ ਹੈੱਡ ਕਾਂਸਟੇਬਲ ਕੁਲਦੀਪ ਸਿੰਘ ਨੂੰ 2 ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ। ਇਸ ਸਮੇਂ ਮੁਲਜ਼ਮ ਹੈੱਡ ਕਾਂਸਟੇਬਲ ਦੇ ਨਾਲ ਪੀ.ਐੱਚ.ਜੀ. ਕੁਲਦੀਪ ਸਿੰਘ ਵੀ ਮੌਜੂਦ ਸਨ। ਇਸ ਸਬੰਧੀ ਪੁਲਸ ਥਾਣਾ ਫਲਾਇੰਗ ਸਕੁਐਡ-1 ਮੋਹਾਲੀ ਵਿਖੇ ਉਕਤ ਇੰਸਪੈਕਟਰ, ਹੈੱਡ ਕਾਂਸਟੇਬਲ ਅਤੇ ਪੀ.ਐੱਚ.ਜੀ. ਖ਼ਿਲਾਫ਼ ਭ੍ਰਿਸ਼ਟਾਚਾਰ ਦੀ ਰੋਕਥਾਮ ਸਬੰਧੀ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਤੇ ਅਗਲੀ ਜਾਂਚ ਜਾਰੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।