ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਬਹਾਨੇ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਨੇ ਕੀਤਾ ਕਾਬੂ

Friday, Sep 30, 2022 - 08:41 PM (IST)

ਚੰਡੀਗੜ੍ਹ (ਬਿਊਰੋ) : ਸੂਬੇ ’ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ, ਪੰਜਾਬ ਵੱਲੋਂ ਅੱਜ ਇਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਸ ਅਧਿਕਾਰੀਆਂ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਤਲਾਸ਼ੀ ਦੌਰਾਨ ਉਸ ਕੋਲੋਂ .32 ਬੋਰ ਦਾ ਇਕ ਰਿਵਾਲਵਰ, 1 ਕਾਰ ਅਤੇ 2 ਮੋਬਾਈਲ ਬਰਾਮਦ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪ੍ਰਾਈਵੇਟ ਵਿਅਕਤੀ ਸੁਖਜਿੰਦਰ ਸਿੰਘ ਵਾਸੀ ਪਿੰਡ ਚੱਕ ਰੋੜੀਵਾਲਾ (ਤੰਬੂਵਾਲਾ), ਤਹਿਸੀਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਨੂੰ ਸੰਦੀਪ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : MP ਸਿਮਰਨਜੀਤ ਮਾਨ ਦੇ ਪੁੱਤਰ ਨੇ CM ਮਾਨ ਖ਼ਿਲਾਫ਼ ਦਾਇਰ ਕੀਤਾ ਮਾਣਹਾਨੀ ਦਾ ਕੇਸ

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਦੋਸ਼ੀ ਸੁਖਜਿੰਦਰ ਸਿੰਘ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਐੱਫ.ਆਈ.ਆਰ. ਨੰਬਰ 13, ਮਿਤੀ 04-08-2022 ਤਹਿਤ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਦਰਜ ਰਿਸ਼ਵਤਖੋਰੀ ਦੇ ਮਾਮਲੇ ’ਚ ਸ਼ਿਕਾਇਤਕਰਤਾ ਸੀ, ਜੋ ਸਵਰਨ ਰਾਣੀ, ਜੂਨੀਅਰ ਇੰਜੀਨੀਅਰ, ਮਗਨਰੇਗਾ, ਫਾਜ਼ਿਲਕਾ ਵਿਰੁੱਧ ਦਰਜ ਕੀਤਾ ਗਿਆ ਸੀ। ਇਸ ਮਾਮਲੇ ’ਚ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਸਵਰਨ ਰਾਣੀ ਨੂੰ ਇਸੇ ਪ੍ਰਾਈਵੇਟ ਵਿਅਕਤੀ ਤੋਂ 25,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ : ਮਿਡ-ਡੇ-ਮੀਲ ਵਰਕਰਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਸੰਦੀਪ ਸਿੰਘ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਕੇਸ ਦੇ ਨਿਪਟਾਰੇ ਲਈ ਦੋਸ਼ੀ ਸੁਖਜਿੰਦਰ ਸਿੰਘ ਪੁਲਸ ਅਧਿਕਾਰੀਆਂ ਵੱਲੋਂ ਉਸ ਕੋਲੋਂ 15 ਲੱਖ ਰੁਪਏ ਰਿਸ਼ਵਤ ਵਜੋਂ ਮੰਗ ਰਿਹਾ ਸੀ ਪਰ ਸੌਦਾ 11 ਲੱਖ ਰੁਪਏ ’ਚ ਤੈਅ ਹੋ ਗਿਆ। ਸ਼ਿਕਾਇਤਕਰਤਾ ਸੰਦੀਪ ਸਿੰਘ ਜੂਨੀਅਰ ਇੰਜੀਨੀਅਰ ਸਵਰਨ ਰਾਣੀ ਦਾ ਭਰਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸ਼ਾਖਾ (ਈ. ਓ. ਡਬਲਯੂ.), ਲੁਧਿਆਣਾ ਦੀ ਵਿਜੀਲੈਂਸ ਟੀਮ ਨੇ ਦੋਸ਼ੀ ਸੁਖਜਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ ਕਿਉਂਕਿ ਬਾਕੀ ਰਕਮ ਬਾਅਦ ’ਚ ਦਿੱਤੀ ਜਾਣੀ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਐੱਫ. ਆਈ. ਆਰ. ਨੰਬਰ 11, ਮਿਤੀ 30-09-2022 ਅਧੀਨ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7-ਏ ਤਹਿਤ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸ਼ਾਖਾ ਪੁਲਸ ਸਟੇਸ਼ਨ, ਲੁਧਿਆਣਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


Manoj

Content Editor

Related News