ਵਿਜੀਲੈਂਸ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਕਾਬੂ
Sunday, Mar 05, 2023 - 09:38 PM (IST)
ਬੁਢਲਾਡਾ (ਬਾਂਸਲ) : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਮਾਣਯੋਗ ਚੀਫ਼ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਦਰ ਮਾਨਸਾ ਵਿਖੇ ਤਾਇਨਾਤ ਏ. ਐੱਸ. ਆਈ. ਰਘਵੀਰ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਸ ਮੁਲਾਜ਼ਮ ਨੂੰ ਗੁਰਪ੍ਰੀਤ ਸਿੰਘ ਵਾਸੀ ਬੁਢਲਾਡਾ ਜ਼ਿਲ੍ਹਾ ਮਾਨਸਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਵੇਰਵਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਗਾਇਆ ਕਿ ਉਕਤ ਪੁਲਸ ਮੁਲਾਜ਼ਮ ਨੇ ਉਸ ਦੇ ਅਤੇ ਉਸ ਦੇ ਬੇਟੇ ਵਿਰੁੱਧ ਥਾਣਾ ਸਦਰ ਮਾਨਸਾ ਵਿੱਚ ਵਿਰੋਧੀ ਧਿਰ ਵੱਲੋਂ ਦਰਜ ਕਰਵਾਏ ਇਕ ਪੁਲਸ ਕੇਸ ਦਾ ਚਲਾਨ ਤਿਆਰ ਕਰਵਾ ਕੇ ਜਲਦ ਅਦਾਲਤ ’ਚ ਪੇਸ਼ ਕਰ ਕੇ ਉਸਦੀ ਮਦਦ ਕਰਨ ਦੇ ਬਦਲੇ 3 ਹਜ਼ਾਰ ਰੁਪਏ ਬਤੌਰ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਕਤ ਏ. ਐੱਸ. ਆਈ. ਪਹਿਲਾਂ ਵੀ ਉਕਤ ਪੁਲਸ ਕੇਸ ਵਿੱਚ ਉਸ ਕੋਲੋਂ ਉਸਦੇ ਕਿਸੇ ਹੋਰ ਪਰਿਵਾਰਕ ਮੈਂਬਰ ਨੂੰ ਨਾਮਜ਼ਦ ਨਾ ਕਰਨ ਬਦਲੇ 12 ਹਜ਼ਾਰ 500 ਰੁਪਏ ਬਤੌਰ ਰਿਸ਼ਵਤ ਲੈ ਚੁੱਕਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਮੁੱਢਲੀ ਪੜਤਾਲ ਉਪਰੰਤ ਯੂਨਿਟ ਮਾਨਸਾ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਦੋਸ਼ੀ ਪੁਲਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ ਹੈ। ਇਸ ਸਬੰਧੀ ਉਕਤ ਮੁਲਜ਼ਮ ਏ. ਐੱਸ. ਆਈ. ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।