ਵਿਜੀਲੈਂਸ ਦੀ ਵੱਡੀ ਕਾਰਵਾਈ : 10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਕੀਤਾ ਗ੍ਰਿਫ਼ਤਾਰ

02/25/2023 8:10:57 PM

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਮਾਲੇਰਕੋਟਲਾ ਜ਼ਿਲ੍ਹੇ ਦੇ ਥਾਣਾ ਸੰਦੌੜ ਵਿੱਚ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐੱਸ.ਆਈ) ਬਲਵਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਸ ਮੁਲਾਜ਼ਮ ਨੂੰ ਮੁਹੰਮਦ ਸਦੀਕ ਵਾਸੀ ਨੂਰ ਬਸਤੀ ਮਾਲੇਰਕੋਟਲਾ ਸ਼ਹਿਰ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਐਨਕਾਊਂਟਰ, ਨੌਜਵਾਨ ਦੀਆਂ ਉਂਗਲਾਂ ਵੱਢਣ ਵਾਲਿਆਂ ਦਾ ਪੁਲਸ ਨਾਲ ਹੋਇਆ ਮੁਕਾਬਲਾ (ਵੀਡੀਓ)

ਇਸ ਸਬੰਧੀ ਜਾਣਕਾਰੀ  ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਸ ਮੁਲਾਜ਼ਮ ਨੇ ਸੰਦੌੜ ਥਾਣੇ ਵਿੱਚ ਪਹਿਲਾਂ ਤੋਂ ਹੀ ਉਸਦੇ ਅਤੇ ਉਸਦੇ ਪਰਿਵਾਰਕ ਮੈਂਬਰਾਂ ਖਿਲਾਫ਼ ਦਰਜ ਮੁਕੱਦਮੇ ਨੂੰ ਕੈਂਸਲ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : DGP ਵੱਲੋਂ ਅਹਿਮ ਮੀਟਿੰਗ, ਕਾਨੂੰਨ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤੀ ਨਾਲ ਪੇਸ਼ ਆਉਣ ਦੇ ਦਿੱਤੇ ਨਿਰਦੇਸ਼

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਰੇਂਜ ਦੀ ਇੱਕ ਟੀਮ ਵੱਲੋਂ ਜਾਲ ਵਿਛਾਇਆ ਗਿਆ ਅਤੇ ਉਕਤ ਦੋਸ਼ੀ ਪੁਲਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ। ਇਸ ਸਬੰਧੀ ਏ.ਐੱਸ.ਆਈ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Mandeep Singh

This news is Content Editor Mandeep Singh