1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
Sunday, Sep 25, 2022 - 08:53 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਕਲਰਕ ਕਿਰਨਦੀਪ ਸਿੰਘ ਨੂੰ 1 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਲਰਕ ਨੂੰ ਪਵਨ ਕੁਮਾਰ ਵਾਸੀ ਸੁਨਾਮ ਸ਼ਹਿਰ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਨੇ ਆਪਣੇ ਪਲਾਟ ’ਤੇ ਬਣਨ ਵਾਲੀ ਰਿਹਾਇਸ਼ੀ ਇਮਾਰਤ ਦੇ ਨਕਸ਼ੇ ਦੀ ਪ੍ਰਵਾਨਗੀ ਲੈਣ ਲਈ ਮਿਊਂਸੀਪਲ ਕਮੇਟੀ ’ਚ ਦਰਖ਼ਾਸਤ ਦਿੱਤੀ ਸੀ ਪਰ ਉਕਤ ਕਲਰਕ ਉਸ ਦੀ ਫਾਈਲ ਸਬੰਧੀ ਮਨਜ਼ੂਰੀ ਦੇ ਬਦਲੇ 1 ਲੱਖ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ PGI ਤੋਂ ਮਿਲੀ ਛੁੱਟੀ
ਸ਼ਿਕਾਇਤਕਰਤਾ ਵੱਲੋਂ ਦਿੱਤੀ ਗਈ ਜਾਣਕਾਰੀ ਅਤੇ ਪ੍ਰਾਪਤ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਦੋਸ਼ੀ ਕਲਰਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ ’ਚ ਜ਼ਖ਼ਮੀ ਪੰਜਾਬਣ ਦੀ ਹੋਈ ਮੌਤ