ਵਿਜੀਲੈਂਸ ਦੀ ਵੱਡੀ ਕਾਰਵਾਈ, PSPCL ਦਾ ਜੇ.ਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ (ਵੀਡੀਓ)

03/15/2023 9:38:19 PM

ਬਠਿੰਡਾ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਵਿਜੀਲੈਂਸ ਬਿਉਰੋ ਪੰਜਾਬ ਵੱਲੋਂ ਸਬ ਡਵੀਜ਼ਨ ਭਾਈਰੂਪਾ, ਜ਼ਿਲ੍ਹਾ ਬਠਿੰਡਾ ਦੇ ਪੀ.ਐੱਸ.ਪੀ.ਸੀ.ਐੱਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਪੁਨੀਤ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਦੁੱਲੇਵਾਲਾ, ਜ਼ਿਲ੍ਹਾ ਬਠਿੰਡਾ ਦੇ ਵਾਸੀ ਗੁਰਤੇਜ ਸਿੰਘ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਇਕ ਸਾਲ ਪੂਰਾ ਹੋਣ 'ਤੇ ਮੰਤਰੀ ਮੀਤ ਹੇਅਰ ਨੇ ਗਿਣਾਈਆਂ ਮਾਨ ਸਰਕਾਰ ਦੀਆਂ ਪ੍ਰਾਪਤੀਆਂ, ਕਹੀ ਇਹ ਗੱਲ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਗੁਰਤੇਜ ਸਿੰਘ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਬਿਜਲੀ ਮੁਲਾਜ਼ਮ ਨੇ ਉਸਦੇ ਖੇਤ ਦੀ ਮੋਟਰ ਦੇ ਬਿਜਲੀ ਕੁਨੈਕਸ਼ਨ ਲਈ ਨਵਾਂ ਟਰਾਂਸਫਾਰਮਰ ਜਾਰੀ ਕਰਵਾਉਣ ਬਦਲੇ 12,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਇਹ ਜੇ.ਈ. ਪਹਿਲਾਂ ਹੀ ਉਸ ਕੋਲੋਂ 4,000 ਰੁਪਏ ਬਤੌਰ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ ਰਹਿੰਦੀ ਰਿਸ਼ਵਤ ਦੀ ਰਕਮ ਲੈਣ ਲਈ ਵਾਰ-ਵਾਰ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਉਰੋ ਦੇ ਬਠਿੰਡਾ ਯੂਨਿਟ ਨੇ ਜਾਲ ਵਿਛਾਇਆ ਤੇ ਉਕਤ ਮੁਲਜ਼ਮ ਨੂੰ ਸ਼ਿਕਾਇਤਕਰਤਾ ਕੋਲੋਂ ਦੂਜੀ ਕਿਸ਼ਤ ਵਜੋਂ 8,000 ਰੁਪਏ ਦੀ ਰਿਸ਼ਵਤ ਦੀ ਰਕਮ ਹਾਸਲ ਕਰਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਉਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਵਿਖੇ G20 ਸੰਮੇਲਨ 'ਚ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਆਖੀਆਂ ਇਹ ਗੱਲਾਂ


Mandeep Singh

Content Editor

Related News