ਵਿਜੀਲੈਂਸ ਬਿਊਰੋ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਥਾਣੇਦਾਰ ਗ੍ਰਿਫ਼ਤਾਰ

Wednesday, Feb 22, 2023 - 06:28 PM (IST)

ਫ਼ਿਰੋਜ਼ਪੁਰ(ਕੁਮਾਰ) : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਦੌਰਾਨ ਇੱਕ ਸਬ-ਇੰਸਪੈਕਟਰ (ਐਸ.ਆਈ.) ਜਰਨੈਲ ਸਿੰਘ, ਇੰਚਾਰਜ ਪੁਲਿਸ ਚੌਕੀ, ਮੁੱਦਕੀ, ਜ਼ਿਲ੍ਹਾ ਫਿਰੋਜ਼ਪੁਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੇ ਅਧਿਕਾਰੀ ਨੇ ਦੱਸਿਆ ਕਿ ਉਕਤ ਪੁਲਸ ਕਰਮਚਾਰੀ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਇਹ ਮੁਕੱਦਮਾ ਪਿੰਡ ਪੱਕਾ ਜ਼ਿਲ੍ਹਾ ਫ਼ਰੀਦਕੋਟ ਦੇ ਰਹਿਣ ਵਾਲੇ ਸੇਵਕ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਭ੍ਰਿਸ਼ਟਾਚਾਰ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਗੁਰੂਹਰਸਹਾਏ ਦਾ BDPO ਤੇ ਪੰਚਾਇਤ ਸਕੱਤਰ ਮੁਅੱਤਲ

ਵਿਸਤਾਰ ਪੂਰਵਕ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਥਾਣੇਦਾਰ ਨੇ ਇੱਕ ਪੁਲਸ ਸ਼ਿਕਾਇਤ ਦੇ ਮਾਮਲੇ ਵਿੱਚ ਦੋ ਧਿਰਾਂ ਵਿਚਾਲੇ ਸਮਝੌਤਾ ਕਰਵਾਉਣ ਲਈ 30,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ, ਜਿਸ ਵਿੱਚ ਉਸਦਾ ਮੁੰਡਾ ਵੀ ਸ਼ਾਮਲ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿਚ ਸੌਦਾ 28,000 ਰੁਪਏ ਵਿਚ ਹੋਇਆ ਅਤੇ ਦੋਸ਼ੀ ਨੇ ਸਮਝੌਤੇ ਦੀ ਕਾਪੀ ਦੇਣ ਲਈ ਮੌਕੇ 'ਤੇ ਹੀ 8,000 ਰੁਪਏ ਲੈ ਲਏ।  ਸ਼ਿਕਾਇਤਕਰਤਾ ਨੇ ਥਾਣੇਦਾਰ ਨੂੰ ਇਹ ਪੈਸੇ ਸੌਂਪਦੇ ਸਮੇਂ ਸਬੂਤ ਵਜੋਂ ਆਪਣੇ ਫੋਨ 'ਤੇ ਹੋਈ ਸਾਰੀ ਗੱਲਬਾਤ ਨੂੰ ਰੀਕਾਰਡ ਕਰ ਲਿਆ।

ਇਹ ਵੀ ਪੜ੍ਹੋ- ਗੁਰੂਹਰਸਹਾਏ 'ਚ ਹੈੱਡ ਕਾਂਸਟੇਬਲ ਨੇ ਕੀਤੀ ਖ਼ੁਦਕੁਸ਼ੀ, Suicide ਕਰਨ ਤੋਂ ਪਹਿਲਾਂ ਪਰਿਵਾਰ ਨਾਲ ਫੋਨ 'ਤੇ ਕੀਤੀ ਗੱਲ

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਜਾਂਚ ਕਰਕੇ ਇੱਕ ਜਾਲ ਵਿਛਾਇਆ ਹੈ ਜਿਸ ਵਿੱਚ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਐਸਆਈ ਜਰਨੈਲ ਸਿੰਘ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News