ਪੰਚਾਇਤੀ ਚੋਣਾਂ ''ਚ ਲੈ ਲਈ 15,00,000 ਦੀ ਰਿਸ਼ਵਤ, ਫ਼ਿਰ ਰੱਦ ਹੋ ਗਏ ਕਾਗਜ਼, ਹੁਣ ਚੜ੍ਹਿਆ ਵਿਜੀਲੈਂਸ ਦੇ ਅੜਿੱਕੇ

Friday, Nov 22, 2024 - 05:52 AM (IST)

ਪੰਚਾਇਤੀ ਚੋਣਾਂ ''ਚ ਲੈ ਲਈ 15,00,000 ਦੀ ਰਿਸ਼ਵਤ, ਫ਼ਿਰ ਰੱਦ ਹੋ ਗਏ ਕਾਗਜ਼, ਹੁਣ ਚੜ੍ਹਿਆ ਵਿਜੀਲੈਂਸ ਦੇ ਅੜਿੱਕੇ

ਚੰਡੀਗੜ੍ਹ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਟਾਲਰੈਂਸ ਦੀ ਨੀਤੀ ਦੇ ਤਹਿਤ, ਪੰਜਾਬ ਵਿਜੀਲੈਂਸ ਬਿਊਰੋ ਨੇ ਨਹਿਰੀ ਵਿਭਾਗ ਫਿਰੋਜ਼ਪੁਰ ਦੇ ਐੱਸ.ਡੀ.ਓ. ਗੁਲਾਬ ਸਿੰਘ ਅਤੇ ਖੇਤੀਬਾੜੀ ਵਿਭਾਗ ਫਿਰੋਜ਼ਪੁਰ ਦੇ ਸਬ-ਇੰਸਪੈਕਟਰ ਦਵਿੰਦਰ ਸਿੰਘ ਖਿਲਾਫ਼ 15,00,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। 

ਇਸ ਮਾਮਲੇ ਵਿੱਚ ਦੋਵੇਂ ਮੁਲਜ਼ਮ ਹਾਲ ਹੀ ਦੌਰਾਨ ਹੋਈਆਂ ਪੰਚਾਇਤ ਚੋਣਾਂ ਵੇਲੇ ਕ੍ਰਮਵਾਰ ਰਿਟਰਨਿੰਗ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰ ਵਜੋਂ ਤਾਇਨਾਤ ਸਨ, ਜਿਨ੍ਹਾਂ ਨੇ ਇਕ ਸਰਪੰਚੀ ਦੇ ਉਮੀਦਵਾਰ ਤੋਂ ਇਹ ਰਿਸ਼ਵਤ ਲਈ ਸੀ। ਇਸ ਕੇਸ ਦੇ ਮੁੱਖ ਮੁਲਜ਼ਮ ਐੱਸ.ਡੀ.ਓ. ਗੁਲਾਬ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਦੂਸਰੇ ਮੁਲਜ਼ਮ ਦੀ ਤਲਾਸ਼ ਕਰ ਰਹੀਆਂ ਹਨ।

ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਫਿਰੋਜ਼ਪੁਰ ਜ਼ਿਲ੍ਹੇ ਦੇ ਬਲਾਕ ਘੱਲ ਖੁਰਦ ਦੇ ਪਿੰਡ ਮਾਨਾ ਸਿੰਘ ਵਾਲਾ ਦੇ ਕਿਸਾਨ ਗੁਰਪ੍ਰੀਤ ਸਿੰਘ ਵਲੋਂ ਮੁੱਖ ਮੰਤਰੀ ਦੀ ਐਂਟੀ-ਕੁਰੱਪਸ਼ਨ ਐਕਸ਼ਨ ਲਾਈਨ ’ਤੇ ਦਰਜ ਕੀਤੀ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਦਰਜ ਕੀਤਾ ਗਿਆ ਹੈ।

PunjabKesari

ਇਹ ਵੀ ਪੜ੍ਹੋ- ਸਨਸਨੀਖੇਜ਼ ਵਾਰਦਾਤ ; ਕਾਲਜ ਤੋਂ ਘਰ ਜਾਂਦੇ ਸਮੇਂ ਸਿਰ 'ਚ ਪੱਥਰ ਮਾਰ ਕਤਲ ਕਰ'ਤਾ ਆਪਣੀ ਹੀ ਕਲਾਸ ਦਾ ਮੁੰਡਾ

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਨੇ ਹਾਲ ਹੀ ਵਿੱਚ ਹੋਈਆਂ ਪੰਚਾਇਤ ਚੋਣਾਂ-2024 ਵਿੱਚ ਸਰਪੰਚ ਦੇ ਅਹੁਦੇ ਲਈ ਆਪਣੇ ਨਾਮਜ਼ਦਗੀ ਪੱਤਰ ਭਰੇ ਸਨ। ਸ਼ਿਕਾਇਤ ਅਨੁਸਾਰ, ਘੱਲ ਖੁਰਦ ਬਲਾਕ ਵਿੱਚ ਰਿਟਰਨਿੰਗ ਅਫਸਰ ਵਜੋਂ ਤਾਇਨਾਤ ਐੱਸ.ਡੀ.ਓ. ਗੁਲਾਬ ਸਿੰਘ ਨੇ 04 ਨਵੰਬਰ 2024 ਨੂੰ ਉਕਤ ਸਬ-ਇੰਸਪੈਕਟਰ ਦਵਿੰਦਰ ਸਿੰਘ, ਸਹਾਇਕ ਰਿਟਰਨਿੰਗ ਅਫਸਰ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,00,000 ਰੁਪਏ ਰਿਸ਼ਵਤ ਲਈ। ਇਸ ਤੋਂ ਇਲਾਵਾ, 05 ਨਵੰਬਰ 2024 ਨੂੰ ਗੁਲਾਬ ਸਿੰਘ ਵੱਲੋਂ ਇਕ ਅਣਪਛਾਤੇ ਵਿਅਕਤੀ ਨੇ ਬਾਗੀ ਰੋਡ ਫਿਰੋਜ਼ਪੁਰ ਨੇੜੇ ਪੈਟਰੋਲ ਪੰਪ ’ਤੇ 5,00,000 ਰੁਪਏ ਹੋਰ ਲੈ ਲਏ।

ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਰਿਸ਼ਵਤ ਦੇ ਬਾਵਜੂਦ ਉਸ ਦੇ ਸਰਪੰਚੀ ਦੇ ਕਾਗਜ਼ 06 ਨਵੰਬਰ 2024 ਨੂੰ ਰੱਦ ਕਰ ਦਿੱਤੇ ਗਏ। ਬਾਅਦ ਵਿੱਚ, ਉਪਰੋਕਤ ਸਬ-ਇੰਸਪੈਕਟਰ ਦਵਿੰਦਰ ਸਿੰਘ ਨੇ ਐੱਸ.ਡੀ.ਓ. ਗੁਲਾਬ ਸਿੰਘ ਨਾਲ ਪੈਸੇ ਵਾਪਸ ਕਰਨ ਸਬੰਧੀ ਗੱਲ ਕੀਤੀ। ਇਹ ਗੱਲਬਾਤ ਦਵਿੰਦਰ ਸਿੰਘ ਨੇ ਆਪਣੇ ਮੋਬਾਈਲ ’ਤੇ ਰਿਕਾਰਡ ਕਰਕੇ ਸ਼ਿਕਾਇਤਕਰਤਾ ਨੂੰ ਭੇਜ ਦਿੱਤੀ, ਜਿਸ ਨੂੰ ਉਸ ਨੇ ਵਿਜੀਲੈਂਸ ਬਿਊਰੋ ਨੂੰ ਬਤੌਰ ਸਬੂਤ ਵਜੋਂ ਸੌਂਪ ਦਿੱਤਾ।

ਇਹ ਵੀ ਪੜ੍ਹੋ- ਜਦੋਂ ਥਾਣੇ ਦੱਸੇ ਬਗ਼ੈਰ ਬੱਚੀ ਨੂੰ ਗੱਡੀ 'ਚ ਪਾ ਕੇ ਲੈ ਗਈ ਪੁਲਸ...

ਬੁਲਾਰੇ ਨੇ ਦੱਸਿਆ ਕਿ ਰਿਕਾਰਡਿੰਗ ’ਚ ਇਹ ਸਾਹਮਣੇ ਆਇਆ ਕਿ ਮੁਲਜ਼ਮ ਗੁਲਾਬ ਸਿੰਘ ਅਤੇ ਦਵਿੰਦਰ ਸਿੰਘ ਨੇ ਮਿਲੀਭੁਗਤ ਕਰਕੇ ਸ਼ਿਕਾਇਤਕਰਤਾ ਤੋਂ ਇਹ ਰਿਸ਼ਵਤ ਦੀ ਰਕਮ ਲੈਣ ਦੀ ਸਾਜ਼ਿਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਪੜਤਾਲ ਦੇ ਆਧਾਰ ’ਤੇ ਦੋਵੇਂ ਮੁਲਜ਼ਮਾਂ, ਗੁਲਾਬ ਸਿੰਘ ਐੱਸ.ਡੀ.ਓ. ਅਤੇ ਦਵਿੰਦਰ ਸਿੰਘ ਸਬ-ਇੰਸਪੈਕਟਰ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਵਿਜੀਲੈਂਸ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਦੋਸ਼ੀ ਐੱਸ.ਡੀ.ਓ. ਗੁਲਾਬ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਦੂਸਰੇ ਦੋਸ਼ੀ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇਗਾ। ਇਸ ਮੁਕੱਦਮੇ ਦੀ ਹੋਰ ਜਾਂਚ ਜਾਰੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News