ਵਿਜੀਲੈਂਸ ਨੇ ਰਿਸ਼ਵਤ ਲੈਂਦਿਆਂ SHO ਨੂੰ ਰੰਗੇ ਹੱਥੀਂ ਕੀਤਾ ਕਾਬੂ

03/02/2023 7:49:37 PM

ਫਿਰੋਜ਼ਪੁਰ (ਕੁਮਾਰ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਫਿਰੋਜ਼ਪੁਰ ਛਾਉਣੀ ਦੇ ਐੱਸ.ਐੱਚ.ਓ. ਵਜੋਂ ਤਾਇਨਾਤ ਇੰਸਪੈਕਟਰ ਨਵੀਨ ਕੁਮਾਰ ਅਤੇ ਪੰਜਾਬ ਹੋਮ ਗਾਰਡ (ਪੀ.ਐੱਚ.ਜੀ.) ਵਾਲੰਟੀਅਰ ਜਤਿੰਦਰ ਗਿੱਲ ਵਿਰੁੱਧ 15,000 ਰੁਪਏ ਰਿਸ਼ਵਤ ਮੰਗਣ ਤੇ ਹਾਸਲ ਕਰਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਐੱਸ.ਐੱਚ.ਓ. ਨਵੀਨ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਟੀਮਾਂ ਗਠਿਤ ਕਰਕੇ ਹੋਮ ਗਾਰਡ ਵਾਲੰਟੀਅਰ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੇ ਅਧਿਕਾਰੀ ਨੇ ਦੱਸਿਆ ਕਿ ਉਕਤ ਇੰਸਪੈਕਟਰ ਨੂੰ ਫਿਰੋਜ਼ਪੁਰ ਛਾਉਣੀ ਦੇ ਵਾਸੀ ਲਲਿਤ ਕੁਮਾਰ ਪਾਸੀ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਇਟਲੀ 'ਚ ਪੰਜਾਬੀਆਂ ਦੀਆਂ ਆਪਸੀ ਰੰਜਿਸ਼ਾਂ ਸਮੁੱਚੇ ਭਾਈਚਾਰੇ ਲਈ ਬਣ ਰਹੀਆਂ ਸ਼ਰਮਿੰਦਗੀ ਦਾ ਵੱਡਾ ਕਾਰਨ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਐੱਸ.ਐੱਚ.ਓ. ਨੇ ਦੂਸਰੀ ਧਿਰ ਖ਼ਿਲਾਫ਼ ਦਰਜ ਕੀਤੇ ਪੁਲਸ ਕੇਸ ਵਿੱਚ ਉਸ ਦੀ ਮਦਦ ਕਰਨ ਬਦਲੇ 20,000 ਰੁਪਏ ਰਿਸ਼ਵਤ ਵਜੋਂ ਮੰਗੇ ਹਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦੇ ਸਮੇਂ ਕੀਤੀ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਦੋਸ਼ੀ 'ਤੇ ਮੁਕੱਦਮਾ ਦਰਜ ਕਰਵਾਉਣ ਲਈ ਇਸ ਨੂੰ ਸਬੂਤ ਵਜੋਂ ਵਿਜੀਲੈਂਸ ਬਿਊਰੋ ਅੱਗੇ ਪੇਸ਼ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਯੂਨਿਟ ਦੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਯੋਜਨਾ ਬਣਾ ਕੇ ਐੱਸ.ਐੱਚ.ਓ. ਨੂੰ 2 ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਉਸ ਦੇ ਗੰਨਮੈਨ ਰਾਹੀਂ 15,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕਰ ਲਿਆ।

ਇਹ ਵੀ ਪੜ੍ਹੋ : ਤ੍ਰਿਪੁਰਾ-ਨਾਗਾਲੈਂਡ 'ਚ ਲਹਿਰਾਇਆ ਭਾਜਪਾ ਦਾ ਝੰਡਾ, ਕੇਵਲ ਸਿੰਘ ਢਿੱਲੋਂ ਨੇ ਟਵੀਟ ਕਰ ਦਿੱਤੀ ਵਧਾਈ

ਉਕਤ ਹੋਮ ਗਾਰਡ ਵਾਲੰਟੀਅਰ ਨੇ ਐੱਸ.ਐੱਚ.ਓ. ਵੱਲੋਂ ਰਿਸ਼ਵਤ ਦੀ ਰਾਸ਼ੀ ਪ੍ਰਾਪਤ ਕੀਤੀ ਅਤੇ ਖੁਦ ਗ੍ਰਿਫ਼ਤਾਰ ਹੋਣ ਤੋਂ ਬਚ ਕੇ ਨਿਕਲ ਗਿਆ। ਇਸ ਸਬੰਧੀ ਉਕਤ ਦੋਵਾਂ ਪੁਲਸ ਕਰਮਚਾਰੀਆਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News