ਵਿਜੀਲੈਂਸ ਨੇ ਵਾਹਨ ਫਿੱਟਨੈੱਸ ਸਰਟੀਫਿਕੇਟ ਘਪਲੇ ’ਚ ਸ਼ਾਮਲ ਇਕ ਹੋਰ ਏਜੰਟ ਨੂੰ ਕੀਤਾ ਕਾਬੂ
Sunday, Dec 11, 2022 - 12:21 AM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿੱਟਨੈੱਸ ਸਰਟੀਫਿਕੇਟ ਘਪਲੇ ’ਚ ਜਲੰਧਰ ਵਿਖੇ ਤਾਇਨਾਤ ਮੋਟਰ ਵ੍ਹੀਕਲ ਇੰਸਪੈਕਟਰ (ਐੱਮ. ਵੀ. ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੇ ਇਕ ਹੋਰ ਭਗੌੜੇ ਏਜੰਟ ਲਵਲੀਨ ਸਿੰਘ ਲਵੀ ਵਾਸੀ ਸੈਂਟਰਲ ਟਾਊਨ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ, ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ਔਰਤਾਂ ਨੂੰ 1 ਹਜ਼ਾਰ ਰੁਪਏ ਦੀ ਗਾਰੰਟੀ ’ਤੇ CM ਮਾਨ ਦਾ ਵੱਡਾ ਬਿਆਨ, ਤਰਨਤਾਰਨ ’ਚ ਥਾਣੇ ’ਤੇ ਹਮਲਾ, ਪੜ੍ਹੋ Top 10
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐੱਮ. ਵੀ. ਆਈ., ਜਲੰਧਰ ਦੇ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ ਅਤੇ ਵੱਡੇ ਪੱਧਰ ’ਤੇ ਪ੍ਰਾਈਵੇਟ ਏਜੰਟਾਂ ਨਾਲ ਮਿਲੀਭੁਗਤ ਕਰਕੇ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਫਿੱਟਨੈੱਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਸੀ।
ਇਹ ਖ਼ਬਰ ਵੀ ਪੜ੍ਹੋ : ਹਿਮਾਚਲ ਦੇ ਨਵੇਂ CM ਬਣੇ ਸੁਖਵਿੰਦਰ ਸੁੱਖੂ, ਉਪ ਮੁੱਖ ਮੰਤਰੀ ਦੇ ਨਾਂ ਦਾ ਵੀ ਹੋਇਆ ਐਲਾਨ
ਬੁਲਾਰੇ ਨੇ ਅੱਗੇ ਦੱਸਿਆ ਕਿ ਪੁਖਤਾ ਸਬੂਤਾਂ ਦੇ ਆਧਾਰ ’ਤੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਨੰਬਰ 14 ਮਿਤੀ 23-08-2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈ.ਪੀ.ਸੀ. ਦੀ ਧਾਰਾ 420, 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ’ਚ ਕੁੱਲ 11 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ, ਜੋ ਜੇਲ੍ਹ ਵਿਚ ਬੰਦ ਹਨ, ਜਿਨ੍ਹਾਂ ’ਚ ਨਰੇਸ਼ ਕਲੇਰ, ਰਾਮਪਾਲ ਉਰਫ਼ ਰਾਧੇ, ਮੋਹਨ ਲਾਲ ਉਰਫ਼ ਕਾਲੂ, ਪਰਮਜੀਤ ਸਿੰਘ ਬੇਦੀ, ਸੁਰਜੀਤ ਸਿੰਘ ਅਤੇ ਹਰਵਿੰਦਰ ਸਿੰਘ, ਪੰਕਜ ਢੀਂਗਰਾ ਉਰਫ਼ ਭੋਲੂ, ਬ੍ਰਿਜਪਾਲ ਸਿੰਘ ਉਰਫ਼ ਰਿੱਕੀ, ਅਰਵਿੰਦ ਕੁਮਾਰ ਉਰਫ਼ ਬਿੰਦੂ, ਵਰਿੰਦਰ ਸਿੰਘ ਉਰਫ ਦੀਪੂ ਅਤੇ ਸਪਨਾ (ਸਾਰੇ ਪ੍ਰਾਈਵੇਟ ਏਜੰਟ) ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ‘ਆਪ’ ਆਗੂ ਡਾ. ਕੰਗ ਨੇ ਕੀਤਾ ਸਟਿੰਗ ਆਪ੍ਰੇਸ਼ਨ, ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ