ਵਿਜੀਲੈਂਸ ਵੱਲੋਂ ਅਨਾਜ ਮੰਡੀਆਂ 'ਚ ਹੋਏ ਟੈਂਡਰ ਘਪਲਿਆਂ ਦੇ ਮਾਮਲੇ 'ਚ ਇਕ ਹੋਰ ਭਗੌੜਾ ਕਾਬੂ

Monday, Nov 13, 2023 - 08:02 PM (IST)

ਵਿਜੀਲੈਂਸ ਵੱਲੋਂ ਅਨਾਜ ਮੰਡੀਆਂ 'ਚ ਹੋਏ ਟੈਂਡਰ ਘਪਲਿਆਂ ਦੇ ਮਾਮਲੇ 'ਚ ਇਕ ਹੋਰ ਭਗੌੜਾ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਐੱਸ.ਬੀ.ਐੱਸ. ਨਗਰ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਧੋਖਾਧੜੀ ਕਰਨ ਵਾਲਿਆਂ ’ਚ ਸ਼ਾਮਲ ਇੱਕ ਹੋਰ ਭਗੌੜੇ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ। ਮੁਲਜ਼ਮ ਦੀ ਪਛਾਣ ਅਜੈਪਾਲ ਵਾਸੀ ਪਿੰਡ ਉਧਨਵਾਲ, ਜਿਲ੍ਹਾ ਐੱਸ.ਬੀ.ਐੱਸ. ਨਗਰ ਵਜੋਂ ਹੋਈ ਹੈ ਜੋ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਖਰੀਦ ਏਜੰਸੀਆਂ ਸਮੇਤ ਹੋਰ ਠੇਕੇਦਾਰਾਂ ਅਤੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ ਲੇਬਰ ਕਾਰਟੇਜ ਅਤੇ ਢੋਆ-ਢੁਆਈ  ਦੇ ਟੈਂਡਰਾਂ ਵਿੱਚ ਘਪਲਾ ਕਰਨ ਵਿੱਚ ਲੋੜੀਂਦਾ ਸੀ। ਉਹ ਕਾਫੀ ਸਮੇਂ ਤੋਂ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ ਪਰ ਵਿਜੀਲੈਂਸ ਬਿਊਰੋ ਵੱਲੋਂ ਲਗਾਤਾਰ ਉਸ ਦੇ ਟਿਕਾਣਿਆਂ ਉੱਤੇ ਦਿੱਤੀ ਜਾ ਰਹੀ ਦਬਿਸ਼ ਕਾਰਨ ਅੱਜ ਉਸ ਨੇ ਸਮਰੱਥ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਜਿਸ ਉਪਰੰਤ ਵਿਜੀਲੈਂਸ ਬਿਊਰੋ ਵੱਲੋਂ ਉਸਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਤੋਂ ਉਸਦਾ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ।

ਇਹ ਵੀ ਪੜ੍ਹੋ : ਕਾਰ ਸਵਾਰ ਬਾਰਾਤੀਆਂ ਵੱਲੋਂ ਟਰੱਕ ਡਰਾਈਵਰ ਤੇ ਸਾਥੀ ਨਾਲ ਕੁੱਟਮਾਰ, ਖੋਹੇ ਪੈਸੇ ਤੇ ਚਾਬੀਆਂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਘਪਲੇ ਦੇ ਸਬੰਧ ਵਿੱਚ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਉਨ੍ਹਾਂ ਦੇ ਨਿੱਜੀ ਸਹਾਇਕ ਪੰਕਜ ਕੁਮਾਰ ਉਰਫ਼ ਮੀਨੂੰ ਮਲਹੋਤਰਾ, ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ, ਡੀ.ਐੱਫ.ਐੱਸ.ਸੀ. ਰਾਕੇਸ਼ ਭਾਸਕਰ ਤੋਂ ਇਲਾਵਾ ਇਸ ਧੋਖਾਧੜੀ ਅਤੇ ਗਬਨ ਰਾਹੀਂ ਸਰਕਾਰੀ ਖਜ਼ਾਨੇ ਨੂੰ ਚੂਨਾ ਲਾਉਣ ਵਾਲੇ ਤਿੰਨ ਠੇਕੇਦਾਰਾਂ ਤੇਲੂ ਰਾਮ, ਯਸ਼ਪਾਲ ਤੇ ਅਜੈਪਾਲ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਬਿਊਰੋ ਨੇ ਐੱਸ.ਬੀ.ਐੱਸ. ਨਗਰ ਜਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਹੋਏ ਇਸ ਘਪਲੇ ਦੀ ਜਾਂਚ ਕਰਨ ਉਪਰੰਤ ਉਕਤ ਦੋਸ਼ੀਆਂ ਖਿਲਾਫ ਧਾਰਾ 420, 409, 467 ਅਤੇ 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7, 8, 12, 13 (2) ਤਹਿਤ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਵਿਖੇ 22-09-22 ਨੂੰ ਮੁਕੱਦਮਾ ਨੰਬਰ 18 ਦਰਜ ਕੀਤਾ ਸੀ।

ਇਹ ਵੀ ਪੜ੍ਹੋ : ਦੀਵਾਲੀ ਦੀ ਰਾਤ ਪਟਾਕਿਆਂ ਪਿੱਛੇ ਹੋ ਗਈ ਵੱਡੀ ਵਾਰਦਾਤ, ਕੁੱਟ-ਕੁੱਟ ਕੇ ਮਾਰ'ਤਾ ਬਜ਼ੁਰਗ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ ਪੰਜ ਮੁਲਜ਼ਮਾਂ ਭਾਰਤ ਭੂਸ਼ਣ ਆਸ਼ੂ, ਮੀਨੂੰ ਮਲਹੋਤਰਾ, ਤੇਲੂ ਰਾਮ, ਯਸ਼ਪਾਲ ਅਤੇ ਅਜੈਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਮੁਲਜ਼ਮ ਡੀ.ਐੱਫ.ਐੱਸ.ਸੀ. ਰਾਕੇਸ਼ ਭਾਸਕਰ ਦਾ ਪਹਿਲਾਂ ਹੀ ਦਿਹਾਂਤ ਹੋ ਗਿਆ ਹੈ ਜਦਕਿ ਮੁਅੱਤਲ ਹੋ ਚੁੱਕੇ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਨੂੰ ਵਿਜੀਲੈਂਸ ਬਿਊਰੋ ਦੀ ਚਾਰਾਜੋਈ ਸਦਕਾ ਲੁਧਿਆਣਾ ਦੀ ਸਮਰੱਥ ਅਦਾਲਤ ਭਗੌੜਾ ਮੁਜਰਮ ਕਰਾਰ ਦੇ ਦਿੱਤਾ ਗਿਆ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harpreet SIngh

Content Editor

Related News