ਵਿਜੀਲੈਂਸ ਨੇ 80,000 ਰੁਪਏ ਰਿਸ਼ਵਤ ਲੈਂਦਿਆਂ ASI ਤੇ ਡਰਾਈਵਰ ਨੂੰ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
Tuesday, Nov 15, 2022 - 07:49 PM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਇੰਡੀਅਨ ਰਿਜ਼ਰਵ ਬਟਾਲੀਅਨ ਦੇ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਅਤੇ ਇਕ ਡਰਾਈਵਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਹਾਲੀ ਵਿਖੇ ਤਾਇਨਾਤ ਏ. ਐੱਸ. ਆਈ. ਗੁਰਜਿੰਦਰ ਸਿੰਘ ਅਤੇ ਵਿਚੋਲਗਿਰੀ ਕਰ ਰਹੇ ਡਰਾਈਵਰ ਪਿਊਸ਼ ਆਨੰਦ ਨੂੰ ਮੁੱਦਈ ਕੈਲਾਸ਼ ਕੁਮਾਰ ਵਾਸੀ ਜਨਕਪੁਰੀ, ਲੁਧਿਆਣਾ ਸ਼ਹਿਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ਦੇ ਹਾਲਾਤ ਹੋਏ ਡਾਵਾਂਡੋਲ, ਮੁੱਖ ਮੰਤਰੀ ਮਾਨ ਗੁਆਂਢੀ ਸੂਬਿਆਂ ’ਚ ਪਾ ਰਹੇ ਭੰਗੜੇ : ਬਿਕਰਮ ਮਜੀਠੀਆ
ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਾਇਆ ਕਿ ਉਕਤ ਪੁਲਸ ਮੁਲਾਜ਼ਮ ਅਤੇ ਡਰਾਈਵਰ ਵੱਲੋਂ ਲੋਹੇ ਦੇ ਸਕਰੈਪ ਨਾਲ ਲੱਦੇ ਉਸ ਦੇ ਵਾਹਨਾਂ ਨੂੰ ਅੰਤਰਰਾਜੀ ਚੈੱਕ ਪੋਸਟ, ਸ਼ੰਭੂ, ਜ਼ਿਲ੍ਹਾ ਪਟਿਆਲਾ ਵਿਖੇ ਐਂਟਰੀ ਟੈਕਸ ਅਦਾ ਕੀਤੇ ਬਿਨਾਂ ਲੰਘਾਉਣ ਬਦਲੇ 80,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਹੈ ਕਿ ਉਪਰੋਕਤ ਏ. ਐੱਸ. ਆਈ. ਨੇ ਉਸ ਨੂੰ ਕਿਹਾ ਕਿ ਉਹ ਇਸ ਕੰਮ ਲਈ ਡਰਾਈਵਰ ਪਿਊਸ਼ ਆਨੰਦ ਅਤੇ ਸਬੰਧਤ ਕਰਮਚਾਰੀਆਂ ਨਾਲ ਮਿਲ ਕੇ ਇਹ ਮਹੀਨਾਵਾਰ ਰਿਸ਼ਵਤ ਲੈਂਦਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਸ ਮੁਲਾਜ਼ਮ ਨੂੰ ਵਿਚੋਲਗਿਰੀ ਕਰ ਰਹੇ ਡਰਾਈਵਰ ਸਮੇਤ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਦੋਸ਼ੀ ਪੁਲਸ ਮੁਲਾਜ਼ਮ ਅਤੇ ਡਰਾਈਵਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈ. ਪੀ. ਸੀ. ਦੀ ਧਾਰਾ 120-ਬੀ ਤਹਿਤ ਵਿਜੀਲੈਂਸ ਬਿਊਰੋ ਥਾਣਾ, ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ : ਚਾਈਨਾ ਡੋਰ ਨਾਲ ਵਾਪਰੀ ਦੁਖਦਾਇਕ ਘਟਨਾ ਦਾ CM ਮਾਨ ਨੇ ਲਿਆ ਗੰਭੀਰ ਨੋਟਿਸ, ਸਖ਼ਤ ਕਾਰਵਾਈ ਦੇ ਦਿੱਤੇ ਹੁਕਮ