ਵਿਜੀਲੈਂਸ ਬਿਊਰੋ ਨੇ ਏ.ਐੱਸ.ਆਈ ਅਵਤਾਰ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Monday, Aug 01, 2022 - 05:38 PM (IST)

ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟਾਲਰੈਂਸ ਦੀ ਨੀਤੀ ਨੂੰ ਮੁੱਖ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਅਦਾਲਤੀ ਕੰਪਲੈਕਸ ਸਮਰਾਲਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਏ.ਐੱਸ.ਆਈ. ਅਵਤਾਰ ਸਿੰਘ ਨਾਇਬ ਕੋਰਟ ਨੂੰ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏ.ਐੱਸ.ਆਈ. ਅਵਤਾਰ ਸਿੰਘ ਨੂੰ ਸੰਦੀਪ ਕੁਮਾਰ ਵਾਸੀ ਗਿਆਨਪੁਰਾ, ਉੱਤਰ ਪ੍ਰਦੇਸ਼, ਜੋ ਕਿ ਹੁਣ ਮਾਛੀਵਾੜਾ ਦੀ ਨਾਗਰਾ ਕਲੋਨੀ ਵਿਚ ਰਹਿ ਰਿਹਾ ਹੈ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। 

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਦੇ ਦਫ਼ਤਰ ਲੁਧਿਆਣਾ ਵਿਖੇ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਖ਼ਿਲਾਫ਼ ਅਦਾਲਤ ਵਿਚ ਚੱਲਦੇ ਇੱਕ ਦੁਰਘਟਨਾ ਦੇ ਕੇਸ ਵਿੱਚ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਹੋ ਗਿਆ ਹੈ ਪਰ ਉਕਤ ਨਾਇਬ ਕੋਰਟ ਇਸ ਸਮਝੌਤੇ ਨੂੰ ਨੇਪਰੇ ਚੜ੍ਹਾਉਣ ਲਈ ਅਦਾਲਤ ਵਿਚ ਉਸਦੇ ਬਿਆਨ ਦਰਜ ਕਰਵਾਉਣ ਖਾਤਰ ਸਹਾਇਕ ਸਰਕਾਰੀ ਵਕੀਲ ਦੇ ਨਾਂ ’ਤੇ 20,000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਸੌਦਾ 7,000 ਰੁਪਏ ਵਿਚ ਤੈਅ ਹੋ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਵਿਚ ਦਰਜ ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਇਕ ਟੀਮ ਨੇ ਜੁਡੀਸ਼ੀਅਲ ਕੰਪਲੈਕਸ ਸਮਰਾਲਾ ਵਿਚ ਨਾਇਬ ਕੋਰਟ ਅਵਤਾਰ ਸਿੰਘ ਏ.ਐਸ.ਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ ਮੁਕੱਦਮਾ ਨੰ : 10 ਮਿਤੀ 01.08.2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।


Gurminder Singh

Content Editor

Related News