ਐਕਸ਼ਨ ਵਿਚ ਵਿਜੀਲੈਂਸ ਬਿਊਰੋ, 14 ਕੇਸਾਂ ''ਚ 15 ਮੁਲਾਜ਼ਮ ਤੇ 5 ਹੋਰ ਗ੍ਰਿਫ਼ਤਾਰ

Monday, Aug 19, 2024 - 05:30 PM (IST)

ਐਕਸ਼ਨ ਵਿਚ ਵਿਜੀਲੈਂਸ ਬਿਊਰੋ, 14 ਕੇਸਾਂ ''ਚ 15 ਮੁਲਾਜ਼ਮ ਤੇ 5 ਹੋਰ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜੁਲਾਈ ਮਹੀਨੇ ਦੌਰਾਨ 14 ਵੱਖ-ਵੱਖ ਮੁਕੱਦਮਿਆਂ ਵਿਚ 15 ਮੁਲਾਜ਼ਮਾਂ ਅਤੇ 5 ਹੋਰ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿਚ ਮੁਲਾਜ਼ਮਾਂ ਅਤੇ ਹੋਰਨਾਂ ਦਰਮਿਆਨ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਆਪਣੀ ਪੂਰੀ ਵਾਹ ਲਾਈ। ਉਨ੍ਹਾਂ ਦੱਸਿਆ ਕਿ ਬਿਊਰੋ ਵੱਲੋਂ ਪਿਛਲੇ ਮਹੀਨੇ ਦੌਰਾਨ 8 ਵਿਜੀਲੈਂਸ ਕੇਸਾਂ ਸਬੰਧੀ ਵੱਖ-ਵੱਖ ਸਮਰੱਥ ਅਦਾਲਤਾਂ ਵਿਚ ਚਲਾਨ ਪੇਸ਼ ਕੀਤੇ ਗਏ। 

ਇਸ ਤੋਂ ਇਲਾਵਾ ਮੁਲਾਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 7 ਕੇਸਾਂ ਵਿਚ ਵਿਜੀਲੈਂਸ ਜਾਂਚ ਵੀ ਦਰਜ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸੇ ਸਮੇਂ ਦੌਰਾਨ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਜਿਨ੍ਹਾਂ ਵਿਚ 13 ਮੁਲਾਜ਼ਮ ਤੇ 6 ਹੋਰ ਵਿਅਕਤੀ ਸ਼ਾਮਲ ਹਨ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਜਲੰਧਰ ਦੀ ਇਕ ਅਦਾਲਤ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਰਿਸ਼ਵਤਖੋਰੀ ਦੇ ਇਕ ਕੇਸ ਦਾ ਫ਼ੈਸਲਾ ਸੁਣਾਇਆ ਹੈ ਜਿਸ ਵਿਚ ਇੰਪਰੂਵਮੈਂਟ ਟਰੱਸਟ ਜਲੰਧਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਸੰਦੀਪ ਮਿੱਤਰ ਨੂੰ ਦੋਸ਼ੀ ਕਰਾਰ ਦਿੰਦਿਆਂ 5 ਸਾਲ ਦੀ ਕੈਦ ਅਤੇ 20, 000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।


author

Gurminder Singh

Content Editor

Related News