ਬਠਿੰਡਾ : 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ
Thursday, Nov 21, 2019 - 05:20 PM (IST)
![ਬਠਿੰਡਾ : 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ](https://static.jagbani.com/multimedia/2019_11image_11_10_090765281bribe67.jpg)
ਬਠਿੰਡਾ/ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਮਨ ਸਟਾਫ, ਬਠਿੰਡਾ ਪੁਲਸ ਵਿਖੇ ਤਾਇਨਾਤ ਏ.ਐੱਸ.ਆਈ. ਤੇਜਿੰਦਰ ਕੁਮਾਰ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐੱਸ.ਆਈ ਨੂੰ ਸ਼ਿਕਾਇਤ ਕਰਤਾ ਜਸਵਿੰਦਰ ਸਿੰਘ ਵਾਸੀ ਬਠਿੰਡਾ ਦੀ ਸ਼ਿਕਾਇਤ 'ਤੇ ਫੜਿਆ ਗਿਆ ਹੈ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਕਤ ਏ.ਐੱਸ.ਆਈ ਵੱਲੋਂ ਇਕ ਮੁਕੱਦਮੇ ਵਿਚ ਸੰਮਨ ਤਾਮੀਲ ਕਰਵਾ ਕੇ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਨ ਬਦਲੇ 10,000 ਰੁਪਏ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵਲੋਂ ਦੋਸ਼ੀ ਏ.ਐੱਸ.ਆਈ ਨੂੰ ਪਹਿਲਾਂ ਹੀ 3000 ਰੁਪਏ ਅਦਾ ਕੀਤੇ ਜਾ ਚੁੱਕੇ ਹਨ।
ਵਿਜੀਲੈਂਸ ਵੱਲੋਂ ਸ਼ਕਾਇਤ ਦੀ ਪੜਤਾਲ ਉਪਰੰਤ ਉਕਤ ਏ.ਐੱਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ ਗਿਆ। ਉਨ੍ਹਾਂ ਦੱਸਿਆ ਕਿ ਉਕਤ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।