ਵਿਜੀਲੈਂਸ ਵੱਲੋਂ 1500 ਰੁਪਏ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ

Saturday, Jan 02, 2021 - 12:33 PM (IST)

ਚੰਡੀਗੜ੍ਹ (ਅਸ਼ਵਨੀ) : ਪੰਜਾਬ ਵਿਜੀਲੈਂਸ ਬਿਓਰੋ ਨੇ ਪੀ. ਐੱਸ. ਪੀ. ਸੀ. ਐੱਲ. ਦਫ਼ਤਰ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਕਲਰਕ ਜਗਜੀਤ ਸਿੰਘ ਨੂੰ 1500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਕਲਰਕ ਨੂੰ ਹਰਮਨਪ੍ਰੀਤ ਸਿੰਘ ਵਾਸੀ ਬਟਾਲਾ ਸ਼ਹਿਰ ਜ਼ਿਲ੍ਹਾ ਗੁਰਦਾਸਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਦੱਸਿਆ ਹੈ ਕਿ ਦੋਸ਼ੀ ਕਲਰਕ ਪੱਛੜੇ ਵਰਗ ਦੇ ਖ਼ਪਤਕਾਰਾਂ ਲਈ ਬਿਜਲੀ ਬਿੱਲ 'ਚ 200 ਯੂਨਿਟ ਮੁਆਫ਼ ਕਰਨ 'ਚ ਸ਼ਿਕਾਇਤਕਰਤਾ ਦੀ ਮੱਦਦ ਕਰਨ ਲਈ 2 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਪੱਛੜੇ ਵਰਗ ਨਾਲ ਸਬੰਧਿਤ ਬਿਜਲੀ ਖ਼ਪਤਕਾਰਾਂ ਦੇ ਬਿੱਲ 'ਚ 200 ਯੂਨਿਟਾਂ ਦੀ ਛੋਟ ਦੇਣ ਸਬੰਧੀ ਭਲਾਈ ਸਕੀਮ ਲਾਗੂ ਕੀਤੀ ਹੋਈ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਦੋਸ਼ੀ ਕਲਰਕ ਸ਼ਿਕਾਇਤ ਕਰਤਾ ਤੋਂ ਪਹਿਲੀ ਕਿਸ਼ਤ ਵੱਜੋਂ 500 ਰੁਪਏ ਰਿਸ਼ਵਤ ਲੈ ਚੁੱਕਾ ਸੀ। ਸ਼ਿਕਾਇਤ ਕਰਤਾ ਦੀ ਜਾਣਕਾਰੀ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਦੀ ਟੀਮ ਨੇ ਦੋਸ਼ੀ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ 'ਚ ਮੌਕੇ ’ਤੇ ਹੀ ਰਿਸ਼ਵਤ ਦੀ ਦੂਜੀ ਕਿਸ਼ਤ ਵੱਜੋਂ 1500 ਰੁਪਏ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
 


Babita

Content Editor

Related News