ਪੰਜਾਬੀਆਂ ਦੀ ਸਿਹਤ ਨਾਲ ਖਿਲਵਾੜ! ਵਿਜੀਲੈਂਸ ਬਿਊਰੋ ਨੇ ਗ੍ਰਿਫ਼ਤਾਰ ਕੀਤੇ 3 ਪ੍ਰਿੰਸੀਪਲ ਤੇ ਕਾਲਜ ਮਾਲਕ

Monday, Jan 15, 2024 - 10:26 PM (IST)

ਪੰਜਾਬੀਆਂ ਦੀ ਸਿਹਤ ਨਾਲ ਖਿਲਵਾੜ! ਵਿਜੀਲੈਂਸ ਬਿਊਰੋ ਨੇ ਗ੍ਰਿਫ਼ਤਾਰ ਕੀਤੇ 3 ਪ੍ਰਿੰਸੀਪਲ ਤੇ ਕਾਲਜ ਮਾਲਕ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐੱਸ.ਪੀ.ਸੀ.) ਦੇ ਰਜਿਸਟਰਾਰਾਂ ਅਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਘਪਲੇਬਾਜ਼ੀ ਕਰਕੇ ਅਯੋਗ ਉਮੀਦਵਾਰਾਂ ਨੂੰ ਦਾਖ਼ਲਾ ਦੇਣ ਅਤੇ ਡੀ-ਫਾਰਮੇਸੀ ਦੀਆਂ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਦਾਖਲੇ, ਰਜਿਸਟ੍ਰੇਸ਼ਨ ਵਿਚ ਬੇਨਿਯਮੀਆਂ ਕਰਨ ਅਤੇ ਪ੍ਰਾਈਵੇਟ ਕਾਲਜਾਂ ਵਿਚ ਪੜ੍ਹ ਰਹੇ ਅਯੋਗ ਵਿਦਿਆਰਥੀਆਂ ਨੂੰ ਡੀ-ਫਾਰਮੇਸੀ ਦੇ ਲਾਇਸੈਂਸ ਜਾਰੀ ਕਰਨ ਦੇ ਦੋਸ਼ ਹੇਠ ਪੀ.ਐਸ.ਪੀ.ਸੀ. ਦੇ ਸਾਬਕਾ ਰਜਿਸਟਰਾਰਾਂ ਅਤੇ ਅਧਿਕਾਰੀਆਂ ਵਿਰੁੱਧ ਐੱਫ.ਆਈ.ਆਰ. ਨੰਬਰ 17 ਮਿਤੀ 8.12.2023 ਨੂੰ ਆਈ.ਪੀ.ਸੀ. ਦੀ ਧਾਰਾ 420, 465, 466, 468, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਅਪਰਾਧਿਕ ਮੁਕੱਦਮਾ ਦਰਜ ਕੀਤਾ ਜਾ ਚੁੱਕਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਆਉਣਗੇ PM ਮੋਦੀ, ਅਮਿਤ ਸ਼ਾਹ, ਜੇ.ਪੀ. ਨੱਡਾ ਤੇ ਰਾਜਨਾਥ ਸਿੰਘ, ਇਸ ਤਾਰੀਖ਼ ਤੋਂ ਕਰਨਗੇ ਰੈਲੀਆਂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿਚ ਅੱਜ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਚ ਆਦੇਸ਼ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ ਬਠਿੰਡਾ ਦੇ ਮਾਲਕ ਗੁਰਪ੍ਰੀਤ ਸਿੰਘ ਗਿੱਲ ਅਤੇ ਪ੍ਰਿੰਸੀਪਲ ਸਰਬਜੀਤ ਸਿੰਘ ਬਰਾੜ, ਸਾਲ 2013 ਵਿੱਚ ਬਰਨਾਲਾ ਜ਼ਿਲ੍ਹੇ ਦੇ ਲਾਲਾ ਲਾਜਪਤ ਰਾਏ ਕਾਲਜ, ਸਹਿਣਾ ਵਿਖੇ ਬਤੌਰ ਪ੍ਰਿੰਸੀਪਲ ਰਹੇ ਆਰ.ਐੱਸ. ਰਾਮਾਕੋੜੀ ਅਤੇ 2011 ਵਿੱਚ ਲਾਲਾ ਲਾਜਪਤ ਕਾਲਜ ਆਫ਼ ਫਾਰਮੇਸੀ ਮੋਗਾ ਦੇ ਪ੍ਰਿੰਸੀਪਲ ਰਹੇ ਬਲਜਿੰਦਰ ਸਿੰਘ ਬਾਜਵਾ ਸ਼ਾਮਲ ਹਨ। ਇਸ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਪੀ.ਐੱਸ.ਪੀ.ਸੀ. ਦੇ ਸਾਬਕਾ ਰਜਿਸਟਰਾਰ ਮੁਲਜ਼ਮ ਪਰਵੀਨ ਕੁਮਾਰ ਭਾਰਦਵਾਜ ਅਤੇ ਡਾ. ਤੇਜਵੀਰ ਸਿੰਘ ਅਤੇ ਸੁਪਰਡੈਂਟ ਅਸ਼ੋਕ ਕੁਮਾਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਇਸ ਮਾਮਲੇ 'ਚ 9 ਫਾਰਮਾਸਿਸਟਾਂ ਨੂੰ ਵੀ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਆਈ.ਪੀ.ਸੀ. ਦੀ ਧਾਰਾ 409, ਅਤੇ 467 ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ, 8, 13(1) ਸਮੇਤ 13 (2)  ਨੂੰ ਵੀ ਸ਼ਾਮਿਲ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਹਰਿਆਣਾ ਦੀ ਯੋਜਨਾ ਨਾਲ ਦੂਰ ਹੋਵੇਗੀ ਪੰਜਾਬ ਦੇ ਪਾਣੀ ਦੀ ਸਮੱਸਿਆ! ਪੂਰੇ ਦੇਸ਼ ਵਿਚ ਵਹੇਗੀ ਸਰਸਵਤੀ ਨਦੀ

ਬੁਲਾਰੇ ਨੇ ਅੱਗੇ ਦੱਸਿਆ ਕਿ ਡੀ-ਫਾਰਮੇਸੀ ਸੰਸਥਾਵਾਂ ਵਿਚ ਖਾਲੀ ਪਈਆਂ ਸੀਟਾਂ ਨੂੰ ਭਰਨ ਲਈ ਪ੍ਰਾਈਵੇਟ ਕਾਲਜਾਂ ਦੇ ਮਾਲਕਾਂ ਨੇ ਉਕਤ ਰਜਿਸਟਰਾਰਾਂ ਅਤੇ ਪੀ.ਐਸ.ਪੀ.ਸੀ. ਦੇ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਲਾਜ਼ਮੀ ਮਾਈਗ੍ਰੇਸ਼ਨ ਸਰਟੀਫ਼ਿਕੇਟ ਲਏ ਬਿਨਾਂ ਹੋਰਨਾਂ ਸੂਬਿਆਂ ਦੇ ਵਿਦਿਆਰਥੀਆਂ ਤੋਂ ਵੱਡੀਆਂ ਰਿਸ਼ਵਤਾਂ ਲੈ ਕੇ ਨੂੰ ਉਹਨਾਂ ਨੂੰ ਦਾਖ਼ਲ ਕੀਤਾ। ਇਸ ਤੋਂ ਇਲਾਵਾ, ਬਹੁਤ ਸਾਰੇ ਵਿਦਿਆਰਥੀਆਂ ਨੇ ਡੀ-ਫਾਰਮੇਸੀ ਕੋਰਸ ਵਿਚ ਦਾਖ਼ਲਾ ਲੈਣ ਲਈ ਮੈਡੀਕਲ ਜਾਂ ਨਾਨ-ਮੈਡੀਕਲ ਸਟ੍ਰੀਮ ਵਿੱਚ ਲੋੜੀਂਦੀ 10+2 ਵਿਦਿਅਕ ਯੋਗਤਾ ਪ੍ਰਾਈਵੇਟ ਤੌਰ 'ਤੇ ਪਾਸ ਕੀਤੀ ਹੋਈ ਸੀ, ਜਦੋਂ ਕਿ ਇਸ ਲਈ ਰੈਗੂਲਰ ਕਲਾਸਾਂ ਅਤੇ ਵਿਗਿਆਨ ਦੇ ਪ੍ਰੈਕਟੀਕਲ ਲਗਾ ਕੇ ਪਾਸ ਹੋਣਾ ਲਾਜ਼ਮੀ ਹੁੰਦਾ ਹੈ।

ਇਹ ਖ਼ਬਰ ਵੀ ਪੜ੍ਹੋ - ਸਰਕਾਰਾਂ ਨੇ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਫ਼ੌਜੀ ਜਵਾਨ ਨੂੰ ਲਾਭ ਦੇਣ ਤੋਂ ਕੀਤੀ ਨਾਂਹ, ਹਾਈਕੋਰਟ ਪੁੱਜੀ ਮਾਂ

ਇਹ ਮੁਲਾਜ਼ਮ ਨਿੱਜੀ ਫਾਰਮੇਸੀ ਕਾਲਜਾਂ ਦੇ ਮਾਲਕਾਂ/ਪ੍ਰਿੰਸੀਪਲਾਂ ਨੂੰ ਵੱਖ-ਵੱਖ ਸੰਸਥਾਵਾਂ ਤੋਂ 10+2 ਅਤੇ ਡੀ-ਫਾਰਮੇਸੀ ਦੇ ਜਾਅਲੀ ਸਰਟੀਫਿਕੇਟ ਅਤੇ ਪੀ.ਐੱਸ.ਪੀ.ਸੀ. ਤੋਂ ਜਾਅਲੀ ਰਜਿਸਟ੍ਰੇਸ਼ਨ ਸਰਟੀਫ਼ਿਕੇਟ ਜਾਰੀ ਕਰਨ ਲਈ ਰਿਸ਼ਵਤ ਲੈਣ ਵਿਚ ਸ਼ਾਮਲ ਪਾਏ ਗਏ। ਉਨ੍ਹਾਂ ਅੱਗੇ ਦੱਸਿਆ ਕਿ ਫੜੇ ਗਏ ਸਾਰੇ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਪੀ.ਐੱਸ.ਪੀ.ਸੀ. ਦੇ ਹੋਰਨਾਂ ਅਧਿਕਾਰੀਆਂ, ਕਰਮਚਾਰੀਆਂ ਅਤੇ ਕਲਰਕਾਂ ਦੇ ਨਾਲ-ਨਾਲ ਪ੍ਰਾਈਵੇਟ ਕਾਲਜਾਂ ਨਾਲ ਸਬੰਧਤ ਵਿਅਕਤੀਆਂ ਦੀਆਂ ਭੂਮਿਕਾਵਾਂ ਦੀ ਵੀ ਜਾਂਚ ਕੀਤੀ ਜਾ ਸਕੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News