ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ

Friday, Jun 28, 2024 - 06:32 PM (IST)

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਐੱਸ. ਬੀ. ਐੱਸ. ਨਗਰ ਦੇ ਥਾਣਾ ਬੰਗਾ ਸਿਟੀ ਵਿਖੇ ਤਾਇਨਾਤ ਹੈੱਡ ਕਾਂਸਟੇਬਲ (ਹੌਲਦਾਰ) ਅਵਤਾਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਸੂਬਾ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬੰਗਾ ਸ਼ਹਿਰ ਦੀ ਰਹਿਣ ਵਾਲੀ ਰੇਖਾ ਦੇਵੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸ ਦੇ ਲੜਕੇ ਵਿਰੁੱਧ ਥਾਣਾ ਬੰਗਾ ਵਿਖੇ ਮੁਕੱਦਮਾ ਦਰਜ ਹੈ ਅਤੇ ਉਕਤ ਪੁਲਸ ਮੁਲਾਜ਼ਮ ਅਦਾਲਤ ਵਿੱਚ ਚਲਾਣ ਪੇਸ਼ ਕਰਨ ਮੌਕੇ ਉਸ ਦੇ ਲੜਕੇ ਦਾ ਪੱਖ ਲੈਣ ਅਤੇ ਅਦਾਲਤ ਵਿਚੋਂ ਉਸ ਨੂੰ ਇਸ ਕੇਸ ਵਿੱਚੋਂ ਬਰੀ ਕਰਵਾਉਣ  ਬਦਲੇ 10,000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਪੁਲਸ ਮੁਲਾਜ਼ਮ ਉਸ ਕੋਲੋਂ ਪਹਿਲਾਂ ਹੀ ਰਿਸ਼ਵਤ ਵਜੋਂ ਕਿਸ਼ਤਾਂ ਵਿੱਚ 5500 ਰੁਪਏ ਲੈ ਚੁੱਕਾ ਹੈ।

ਇਹ ਵੀ ਪੜ੍ਹੋ- ਅਕਾਲੀ ਦਲ ਵੱਲੋਂ ਬਸਪਾ ਨੂੰ ਸਮਰਥਨ ਦੇਣ 'ਤੇ ਭੜਕੇ ਬੀਬੀ ਜਗੀਰ ਕੌਰ ਤੇ ਗੁਰ ਪ੍ਰਤਾਪ ਵਡਾਲਾ, ਚੁੱਕੇ ਸਵਾਲ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਪੁਲਸ ਮੁਲਾਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

ਇਹ ਵੀ ਪੜ੍ਹੋ- ਪਤਨੀ ਗੁਰਪ੍ਰੀਤ ਕੌਰ ਤੇ ਧੀ ਨਿਆਮਤ ਨਾਲ ਡੇਰਾ ਸੱਚਖੰਡ ਬੱਲਾਂ ਪਹੁੰਚੇ CM ਭਗਵੰਤ ਮਾਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News