ਵਿਜੀਲੈਂਸ ਬਿਊਰੋ ਨੇ ਵਣ ਗਾਰਡ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Friday, Feb 10, 2023 - 11:30 PM (IST)

ਵਿਜੀਲੈਂਸ ਬਿਊਰੋ ਨੇ ਵਣ ਗਾਰਡ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਮਾਲੇਰਕੋਟਲਾ ਵਿਖੇ ਤਾਇਨਾਤ ਵਣ (ਫਾਰੈਸਟ) ਗਾਰਡ ਮੁਨੀਸ਼ ਕੁਮਾਰ ਵਾਸੀ ਸੁਨਾਮ ਰੋਡ ਸੰਗਰੂਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੰਗਲਾਤ ਮੁਲਾਜ਼ਮ ਨੂੰ ਨਿਰਭੈ ਸਿੰਘ ਵਾਸੀ ਪਿੰਡ ਬੁਰਜ, ਜ਼ਿਲ੍ਹਾ ਮਾਲੇਰਕੋਟਲਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਬਠਿੰਡਾ 'ਚ ਚੱਲਦੀ ਸਕੂਲ ਵੈਨ 'ਚੋਂ ਡਿੱਗੀ ਮਾਸੂਮ ਬੱਚੀ, ਵੀਡੀਓ ਦੇਖ ਖੜ੍ਹੇ ਹੋ ਜਾਣਗੇ ਰੌਂਗਟੇ

ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਾਜ਼ਮ ਉਸ ਦੇ ਪਲਾਟ ਦੇ ਨਾਲ ਲੱਗਦੇ ਜੰਗਲਾਤ ਪਾਰਕ ਦੇ ਨੁਕਸਾਨ ਦੀ ਰਿਪੋਰਟ ਨਾ ਕਰਨ ਲਈ ਉਸਦੇ ਕੋਲੋਂ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਸ ਦੀ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ, ਵਿਜੀਲੈਂਸ ਦੇ ਆਰਥਿਕ ਅਪਰਾਧ ਵਿੰਗ ਲੁਧਿਆਣਾ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਜੰਗਲਾਤ ਗਾਰਡ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਤੋਂ ਰਿਸ਼ਵਤ ਵਜੋਂ  ਲਈ ਰਕਮ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਬਰਾਮਦ ਕੀਤੀ ਗਈ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਰਮਚਾਰੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਬਹਿਬਲ ਕਲਾਂ ਇਨਸਾਫ਼ ਮੋਰਚੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਕੀਤਾ ਟਵੀਟ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News