ਵਿਜੀਲੈਂਸ ਨੇ ਪੰਚਾਇਤ ਸਕੱਤਰ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

07/01/2022 8:36:48 PM

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸਮਾਜ ’ਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਤਲਵਾੜਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਅਨਿਲ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਬਿਊਰੋ ਨੇ ਸੂਬੇ ਦੇ ਸਰਕਾਰੀ ਦਫਤਰਾਂ ਅਤੇ ਆਮ ਜਨਜੀਵਨ ’ਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਮੁਹਿੰਮ ਵਿੱਢੀ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਬਲਾਕ ਤਲਵਾੜਾ ਦੇ ਪਿੰਡ ਚੰਗਰਵਾਂ ਦੀ ਸਰਪੰਚ ਅਤੇ ਸ਼ਿਕਾਇਤਕਰਤਾ ਸੁਸ਼ਮਾ ਦੇਵੀ ਦੀ ਸ਼ਿਕਾਇਤ ’ਤੇ ਬੀ. ਡੀ. ਪੀ. ਓ. ਦਫਤਰ ਤਲਵਾੜਾ, ਹੁਸ਼ਿਆਰਪੁਰ ਅਧੀਨ ਪੈਂਦੇ ਪਿੰਡ ਚੰਗਰਵਾਂ ਵਿਖੇ ਤਾਇਨਾਤ ਪੰਚਾਇਤ ਸਕੱਤਰ ਅਨਿਲ ਕੁਮਾਰ ਨੂੰ ਰਿਸ਼ਵਤ ਲੈਣ ਦੇ ਦੋਸ਼ ਤਹਿਤ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ, ਬਿਜਲੀ ਬਿੱਲਾਂ ਨੂੰ ਲੈ ਕੇ ਕੀਤਾ ਨਵਾਂ ਐਲਾਨ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਕਥਿਤ ਦੋਸ਼ੀ ਪੰਚਾਇਤ ਸਕੱਤਰ ਅਨਿਲ ਕੁਮਾਰ ਗ੍ਰਾਮ ਪੰਚਾਇਤ ਫੰਡਾਂ ਦੇ ਆਡਿਟ ਦੇ ਨਾਂ ’ਤੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਜਿਸ ਦਾ ਨਿਪਟਾਰਾ ਆਡਿਟ ਟੀਮ ਵਲੋਂ ਪਹਿਲਾਂ ਹੀ ਕੀਤਾ ਜਾ ਚੁੱਕਾ ਸੀ। ਉਕਤ ਦੋਸ਼ੀ ਪੰਚਾਇਤ ਨੂੰ ਇਹ ਕਹਿ ਕੇ ਧਮਕਾ ਰਿਹਾ ਸੀ ਕਿ ਜੇ ਰਿਸ਼ਵਤ ਦੀ ਰਕਮ ਨਾ ਦਿੱਤੀ ਗਈ ਤਾਂ ਆਡੀਟਰਾਂ ਵੱਲੋਂ ਫੰਡਾਂ ਦੀ ਵਰਤੋਂ ਸਬੰਧੀ ਦੋਸ਼ਪੂਰਨ ਅਤੇ ਗ਼ਲਤ ਰਿਪੋਰਟ ਪੇਸ਼ ਕਰ ਦਿੱਤੀ ਜਾਵੇਗੀ। ਤੱਥਾਂ ਦੀ ਘੋਖ ਪੜਤਾਲ ਤੋਂ ਬਾਅਦ ਵਿਜੀਲੈਂਸ ਟੀਮ ਹਰਕਤ ’ਚ ਆਈ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਤੇ ਉਸ ਕੋਲੋਂ ਰਿਸ਼ਵਤ ਦੇ ਪੈਸੇ ਵੀ ਮੌਕੇ ’ਤੇ ਹੀ ਬਰਾਮਦ ਕੀਤੇ ਗਏ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ’ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਐੱਫ. ਆਈ. ਆਰ. ਨੰਬਰ 10, ਮਿਤੀ 01-07-2022 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਜਾਰੀ ਹੈ।

ਇਹ ਵੀ ਪੜ੍ਹੋ : ਖ਼ਾਲਿਸਤਾਨ ਦੇ ਨਾਅਰੇ ਲਿਖ ਕੇ ਦਹਿਸ਼ਤ ਫੈਲਾਉਣ ਵਾਲੀ ਰਿਸ਼ਤੇਦਾਰਾਂ ਦੀ ਜੁੰਡਲੀ ਗ੍ਰਿਫ਼ਤਾਰ


Manoj

Content Editor

Related News