6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਾਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
Friday, Jan 12, 2024 - 05:19 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਗਿਆਸਪੁਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਚਮਕੌਰ ਸਿੰਘ ਦੇ ਕਾਰਿੰਦਾ ਅਸ਼ੋਕ ਕੁਮਾਰ ਨੂੰ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ’ਚ ਮੌਕੇ ਤੋਂ ਫ਼ਰਾਰ ਹੋਏ ਪਟਵਾਰੀ ਅਤੇ ਉਸਦੇ ਕਾਰਿੰਦੇ ਖ਼ਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਾਕੇਸ਼ ਕੁਮਾਰ ਵਾਸੀ ਪਿੰਡ ਕੁਹਾੜਾ, ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਆਪਣੇ ਨਵੇਂ ਖਰੀਦੇ ਪਲਾਟ ਦਾ ਇੰਤਕਾਲ ਕਰਵਾਉਣ ਅਤੇ ਉਸ ਪਲਾਟ ਉੱਪਰ ਕਰਜ਼ਾ ਲੈਣ ਸਬੰਧੀ ਫਰਦਾਂ ਦੀਆਂ ਕਾਪੀਆਂ ਲੈਣ ਬਦਲੇ ਉਕਤ ਪਟਵਾਰੀ ਅਤੇ ਉਸ ਦੇ ਕਾਰਿੰਦੇ ਨੇ ਉਸ ਤੋਂ 6,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਧਾਰਮਿਕ ਸਥਾਨਾਂ ਤੋਂ ਪਰਤ ਰਹੇ 4 ਨੌਜਵਾਨਾਂ ਦੀ ਮੌਤ ਕਾਰਨ ਹਲਕਾ ਗੁਰੂਹਰਸਹਾਏ ’ਚ ਸੋਗ ਦੀ ਲਹਿਰ
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਯੂਨਿਟ ਲੁਧਿਆਣਾ ਨੇ ਜਾਲ ਵਿਛਾ ਕੇ ਪਟਵਾਰੀ ਚਮਕੌਰ ਸਿੰਘ ਦੇ ਪ੍ਰਾਈਵੇਟ ਸਹਾਇਕ ਅਸ਼ੋਕ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਦਫ਼ਤਰ ਤੋਂ ਫ਼ਰਾਰ ਹੋਏ ਸਹਿ ਮੁਲਜ਼ਮ ਪਟਵਾਰੀ ਨੂੰ ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ, ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ’ਚ ਮਰੀਜ਼ਾਂ ਲਈ ਵਿਸ਼ੇਸ਼ ਉਪਰਾਲਾ, ਖੋਲ੍ਹੇ ‘‘ਸਹੂਲਤ ਸੈਂਟਰ’’
‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8