ਦਰਜਾ ਚਾਰ ਮੁਲਾਜ਼ਮ ਨੇ SDM ਤੋਂ ਕੰਮ ਕਰਵਾਉਣ ਲਈ ਮੰਗੀ 10 ਹਜ਼ਾਰ ਰੁਪਏ ਦੀ ਰਿਸ਼ਵਤ, ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
Wednesday, Jul 19, 2023 - 06:43 PM (IST)
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਗਰੂਪ ਸਿੰਘ ਸੰਧੂ ਵਾਸੀ ਮਰਗਿੰਦਪੁਰਾ ਦੀ ਸ਼ਿਕਾਇਤ ’ਤੇ ਤਰਨਤਾਰਨ ਜ਼ਿਲ੍ਹੇ ਦੇ ਤਹਿਸੀਲ ਦਫ਼ਤਰ ਪੱਟੀ ਵਿਖੇ ਤਾਇਨਾਤ ਦਰਜਾ ਚਾਰ ਮੁਲਾਜ਼ਮ ਸੁਖਦੇਵ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਅੱਜ ਇੱਥੇ ਵੇਰਵੇ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੇ ਦਾਦਾ ਜੀ ਦੀ 12-08-2021 ਨੂੰ ਮੌਤ ਹੋ ਗਈ ਸੀ ਅਤੇ ਉਸ ਨੇ ਤਹਿਸੀਲਦਾਰ ਪੱਟੀ ਵਿਖੇ ਦਸੰਬਰ 2022 ਵਿਚ ਨੰਬਰਦਾਰ ਦੇ ਅਹੁਦੇ ਲਈ ਦਫ਼ਤਰ ਵਿਖੇ ਅਰਜ਼ੀ ਦਿੱਤੀ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਫਿਰ ਪਈਆਂ ਛੁੱਟੀਆਂ, 4 ਦਿਨ ਰਹਿਣਗੇ ਬੰਦ
ਉਨ੍ਹਾਂ ਦੱਸਿਆ ਕਿ ਦੋਸ਼ੀ ਮੁਲਾਜ਼ਮ ਨੇ ਅਗਲੇਰੀ ਕਾਰਵਾਈ ਲਈ ਫਾਈਲ ਐਸ.ਡੀ.ਐਮ ਪੱਟੀ ਨੂੰ ਭੇਜ ਦਿੱਤੀ। ਉਸ (ਮੁਲਾਜ਼ਮ) ਨੇ ਐਸ.ਡੀ.ਐਮ. ਦਫ਼ਤਰ ਤੋਂ ਉਸਦੀ ਫਾਈਲ ਕਲੀਅਰ ਕਰਵਾਉਣ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਤਰਨਤਾਰਨ ਦੀ ਟੀਮ ਨੇ ਜਾਲ ਵਿਛਾ ਕੇ ਸਰਕਾਰੀ ਗਵਾਹ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਦੋਸ਼ੀ ਕਰਮਚਾਰੀ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਪੁਲਸ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਦੋਸ਼ੀ ਦਰਜਾ ਚਾਰ ਕਰਮਚਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8