ਵਿਜੀਲੈਂਸ ਦੀ ਵੱਡੀ ਕਾਰਵਾਈ: 34 ਲੱਖ ਤੋਂ ਵੱਧ ਰਿਸ਼ਵਤ ਲੈਣ ਦੇ ਮਾਮਲੇ ''ਚ ਪਟਵਾਰੀ ਸਣੇ 4 ਖ਼ਿਲਾਫ਼ ਕੇਸ ਦਰਜ

Friday, Nov 24, 2023 - 09:27 PM (IST)

ਚੰਡੀਗੜ੍ਹ/ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਤੇ ਉਸ ਦੇ ਨਿੱਜੀ ਏਜੰਟ ਨਿੱਕੂ ਵਿਰੁੱਧ 34.70 ਲੱਖ ਰੁਪਏ ਰਿਸ਼ਵਤ ਲੈਣ ਲਈ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਕੇਸ 'ਚ ਪਟਵਾਰੀ ਦੇ ਭਰਾ ਅਤੇ ਪਿਤਾ ਨੂੰ ਵੀ ਰਿਸ਼ਵਤ ਲੈਣ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਸ਼ਾਮਲ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਬੱਬੂ ਤੰਵਰ ਵਾਸੀ ਕਸਬਾ ਰਾਮਪੁਰਾ ਫੂਲ, ਜ਼ਿਲ੍ਹਾ ਬਠਿੰਡਾ ਨੇ ਉਕਤ ਪਟਵਾਰੀ ਅਤੇ ਉਸ ਦੇ ਨਿੱਜੀ ਏਜੰਟ ਖ਼ਿਲਾਫ਼ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਕਤ ਦੋਵਾਂ ਮੁਲਜ਼ਮਾਂ ਨੇ ਸਾਲ 1994 ਵਿੱਚ ਰਜਿਸਟਰੀ ਹੋਈ ਆਪਣੇ ਪਿਤਾ ਦੀ ਜਾਇਦਾਦ ਦਾ ਇੰਤਕਾਲ ਮਨਜ਼ੂਰ ਕਰਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲਈ ਹੈ।

ਇਹ ਵੀ ਪੜ੍ਹੋ : ਲੋਕਾਂ ਨੂੰ ਮਿਲੀ ਵੱਡੀ ਰਾਹਤ; ਕਿਸਾਨਾਂ ਨੇ ਚੁੱਕਿਆ ਧਰਨਾ, ਖਾਲੀ ਕੀਤਾ ਨੈਸ਼ਨਲ ਹਾਈਵੇ

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਦੀ ਟੀਮ ਵੱਲੋਂ ਆਨਲਾਈਨ ਸ਼ਿਕਾਇਤ ਦੀ ਪੜਤਾਲ ਕੀਤੀ ਗਈ, ਜਿਸ ਦੌਰਾਨ ਸਾਹਮਣੇ ਆਇਆ ਕਿ ਉਕਤ ਪਟਵਾਰੀ, ਉਸ ਦੇ ਏਜੰਟ ਨਿੱਕੂ, ਪਿਤਾ ਪਰਮਜੀਤ ਸਿੰਘ ਅਤੇ ਉਕਤ ਪਟਵਾਰੀ ਦੇ ਭਰਾ ਨੇ ਆਪਸ ਵਿੱਚ ਮਿਲੀਭੁਗਤ ਕਰਕੇ ਉਸ ਦੇ ਪਿਤਾ ਦੀ ਲੁਧਿਆਣਾ ਦੇ ਬੱਸ ਸਟੈਂਡ ਨੇੜੇ ਸਥਿਤ ਜਾਇਦਾਦ ਦੇ ਇੰਤਕਾਲ ਨੂੰ ਮਨਜ਼ੂਰੀ ਦੇਣ ਬਦਲੇ ਵੱਖ-ਵੱਖ ਸਮਿਆਂ 'ਤੇ 4 ਵਾਰ ਕੁਲ 27,50,000 ਰੁਪਏ ਰਿਸ਼ਵਤ ਲਈ ਹੈ।

ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਉਂਦਿਆਂ ਕਿਹਾ ਕਿ ਉਕਤ ਪਟਵਾਰੀ ਅਤੇ ਉਸ ਦੇ ਏਜੰਟ ਨੇ ਉਸ ਤੋਂ ਸਮਾਰਟ ਘੜੀਆਂ ਸਮੇਤ 2 ਆਈਫੋਨ ਤੇ 3 ਲੱਖ ਰੁਪਏ ਕੀਮਤ ਵਾਲੀਆਂ ਪਾਕਿਸਤਾਨੀ ਜੁੱਤੀਆਂ ਖਰੀਦਣ ਲਈ 3,40,000 ਰੁਪਏ ਵੀ ਲਏ ਸਨ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਵੱਲੋਂ ਉਕਤ ਪਟਵਾਰੀ ਦੇ ਵਿਚੋਲੀਏ ਨਿੱਕੂ ਦੀ ਜਨਮ ਦਿਨ ਪਾਰਟੀ ਮੌਕੇ ਵੀ 80,000 ਰੁਪਏ ਖਰਚ ਕੀਤੇ ਸਨ। ਬੁਲਾਰੇ ਨੇ ਦੱਸਿਆ ਕਿ ਤਫ਼ਤੀਸ਼ ਮੁਤਾਬਕ ਉਕਤ ਪਟਵਾਰੀ ਨੇ ਨਾ ਤਾਂ ਇਸ ਜਾਇਦਾਦ ਦਾ ਇੰਤਕਾਲ ਦਰਜ ਕੀਤਾ ਤੇ ਨਾ ਹੀ ਸ਼ਿਕਾਇਤਕਰਤਾ ਤੋਂ ਪ੍ਰਾਪਤ ਕੀਤੀ ਰਕਮ ਵਾਪਸ ਕੀਤੀ, ਜਿਸ ਤੋਂ ਸਿੱਧ ਹੁੰਦਾ ਹੈ ਕਿ ਦੋਵਾਂ ਮੁਲਜ਼ਮਾਂ ਨੇ ਰਿਸ਼ਵਤ ਲੈ ਕੇ ਵੀ ਉਸ ਨਾਲ ਠੱਗੀ ਕੀਤੀ ਹੈ।

ਇਹ ਵੀ ਪੜ੍ਹੋ : ਕਿਸਾਨਾਂ ਦੇ ਧਰਨੇ ਕਾਰਨ 25 ਟ੍ਰੇਨਾਂ ਰੱਦ, 9 ਸ਼ਾਰਟ ਟਰਮੀਨੇਟ ਤੇ 15 ਨੂੰ ਕਰਨਾ ਪਿਆ ਡਾਇਵਰਟ, ਯਾਤਰੀ ਪ੍ਰੇਸ਼ਾਨ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ 'ਚ ਪਟਵਾਰੀ ਗੁਰਵਿੰਦਰ ਸਿੰਘ ਤੇ ਉਸ ਦੇ ਸਾਥੀ ਨਿੱਕੂ ਸਮੇਤ ਪਟਵਾਰੀ ਦੇ ਭਰਾ ਅਤੇ ਪਿਤਾ ਨੂੰ ਰਿਸ਼ਵਤ ਮੰਗਣ ਅਤੇ ਲੈਣ ਤੇ ਆਪਸੀ ਮਿਲੀਭੁਗਤ ਨਾਲ ਸਾਜ਼ਿਸ਼ ਰਚਣ 'ਚ ਦੋਸ਼ੀ ਪਾਉਂਦਿਆਂ ਇਨ੍ਹਾਂ ’ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਅਤੇ ਆਈ.ਪੀ.ਸੀ. ਦੀ ਧਾਰਾ 420, 120-ਬੀ ਦੇ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਐੱਫ.ਆਈ.ਆਰ. ਨੰਬਰ 29 ਮਿਤੀ 24-11-2023 ਨੂੰ ਮੁਕੱਦਮਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪੁੱਛਗਿੱਛ ’ਚ ਸ਼ਾਮਲ ਹੋਣ ਲਈ ਨਹੀਂ ਆਏ ਤੇ ਇਸ ਮਾਮਲੇ ’ਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News