ਵਿਜੀਲੈਂਸ ਨੇ ਸੀਨੀਅਰ ਸਿਪਾਹੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Tuesday, Oct 11, 2022 - 06:40 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਕੋਤਵਾਲੀ  ਅਧੀਨ ਪੈਂਦੀ ਪੁਲਸ ਚੌਕੀ ਸਿਵਲ ਹਸਪਤਾਲ ਬਠਿੰਡਾ ’ਚ ਤਾਇਨਾਤ ਸੀਨੀਅਰ ਸਿਪਾਹੀ ਬਿਕਰਮ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਸੀਨੀਅਰ ਸਿਪਾਹੀ ਬਿਕਰਮ ਸਿੰਘ ਨੂੰ ਕੁਲਵਿੰਦਰ ਸਿੰਘ ਵਾਸੀ ਨਛੱਤਰ ਨਗਰ, ਬਠਿੰਡਾ ਦੀ ਸ਼ਿਕਾਇਤ ਉੱਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਸਕੂਲ ਅਧਿਆਪਕਾਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਪੰਜਾਬ ਨੇ ਸ਼ੁਰੂ ਕੀਤਾ ਆਨਲਾਈਨ ਤਬਾਦਲਾ ਪੋਰਟਲ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਬਠਿੰਡਾ ਕੋਲ ਪਹੁੰਚ ਕੇ ਦੋਸ਼ ਲਗਾਇਆ ਕਿ ਉਹ ਆਪਣੀ ਗੱਡੀ ਟਾਟਾ 407 ਰਾਹੀਂ ਕਿਰਾਏ ਦਾ ਕੰਮ ਕਰਦਾ ਹੈ ਅਤੇ ਤਕਰੀਬਨ ਤਿੰਨ ਮਹੀਨੇ ਪਹਿਲਾਂ ਉਹ ਆਪਣੀ ਗੱਡੀ ’ਚ ਸਵਾਰੀਆਂ ਨੂੰ ਪਿੰਡ ਝੁੰਬਾਂ ਤੋਂ ਮਾਤਾ ਚਿੰਤਪੁਰਨੀ ਲੈ ਕੇ ਜਾਂਦੇ ਸਮੇਂ ਸਵਾਰੀਆਂ ਨਾਲ ਝਗੜਾ ਹੋ ਗਿਆ ਸੀ। ਇਸ ਝਗੜੇ ਦਾ ਰਾਜ਼ੀਨਾਮਾ ਕਰਵਾਉਣ ਸੰਬੰਧੀ ਉਕਤ ਸਿਪਾਹੀ 5000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਦਿੱਤੀ ਗਈ ਸੂਚਨਾ ਤੇ ਤੱਥਾਂ ਦੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਦੀ ਟੀਮ ਨੇ ਉਕਤ ਮੁਲਜ਼ਮ ਸੀਨੀਅਰ ਸਿਪਾਹੀ ਬਿਕਰਮ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ : CM ਮਾਨ ਨੇ ਮਜ਼ਦੂਰਾਂ ਤੇ ਉਸਾਰੀ ਮਜ਼ਦੂਰਾਂ ਨੂੰ ਦੀਵਾਲੀ ਦਾ ਦਿੱਤਾ ਤੋਹਫ਼ਾ


Manoj

Content Editor

Related News