ਬਹੁ-ਕਰੋੜੀ ਘਪਲੇ 'ਚ ਵਿਜੀਲੈਂਸ ਵੱਲੋਂ 17ਵੀਂ ਗ੍ਰਿਫ਼ਤਾਰੀ, ਇਸ ਬਾਗ਼ਬਾਨੀ ਅਧਿਕਾਰੀ ਨੂੰ ਕੀਤਾ ਕਾਬੂ

Wednesday, Jun 21, 2023 - 07:49 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ੇ 'ਚ ਹੋਏ ਘਪਲੇ ਸਬੰਧੀ ਅੱਜ ਬਾਗ਼ਬਾਨੀ ਵਿਕਾਸ ਅਫ਼ਸਰ (ਐੱਚਡੀਓ) ਖਰੜ ਵੈਸ਼ਾਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਬਹੁ-ਕਰੋੜੀ ਘਪਲੇ ਵਿੱਚ ਵਿਜੀਲੈਂਸ ਵੱਲੋਂ ਅੱਜ ਇਹ 17ਵੀਂ ਗ੍ਰਿਫ਼ਤਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਅੱਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਏਅਰਪੋਰਟ ਰੋਡ, ਐੱਸਏਐੱਸ ਨਗਰ (ਮੋਹਾਲੀ) ਦੇ ਨੇੜੇ ਐਰੋਟ੍ਰੋਪੋਲਿਸ ਪ੍ਰਾਜੈਕਟ ਲਈ ਜ਼ਮੀਨ ਐਕੁਆਇਰ ਕੀਤੀ ਗਈ ਸੀ। ਇਸ ਪ੍ਰਾਜੈਕਟ ਲਈ ਗ੍ਰਹਿਣ ਕੀਤੀ ਜ਼ਮੀਨ ਦਾ ਮੁਆਵਜ਼ਾ ਗਮਾਡਾ ਦੀ ਲੈਂਡ ਪੂਲਿੰਗ ਨੀਤੀ ਅਨੁਸਾਰ ਦਿੱਤਾ ਜਾਣਾ ਸੀ।

ਇਹ ਵੀ ਪੜ੍ਹੋ : ਪੰਜਾਬੀ ਗਾਇਕ ਹਨੀ ਸਿੰਘ ਨੂੰ ਗੋਲਡੀ ਬਰਾੜ ਗੈਂਗ ਵੱਲੋਂ ਮਿਲੀ ਜਾਨੋਂ ਮਾਰਨ ਦੀ ਧਮਕੀ

ਉਨ੍ਹਾਂ ਕਿਹਾ ਕਿ ਉਕਤ ਜ਼ਮੀਨ ਵਿੱਚ ਲੱਗੇ ਫਲਾਂ/ਅਮਰੂਦਾਂ ਦੇ ਦਰੱਖਤਾਂ ਦੀ ਕੀਮਤ ਜ਼ਮੀਨ ਦੀ ਕੀਮਤ ਤੋਂ ਵੱਖਰੇ ਤੌਰ 'ਤੇ ਅਦਾ ਕੀਤੀ ਜਾਣੀ ਸੀ ਅਤੇ ਫ਼ਲਦਾਰ ਰੁੱਖਾਂ ਦੀ ਕੀਮਤ ਬਾਗ਼ਬਾਨੀ ਵਿਭਾਗ ਵੱਲੋਂ ਨਿਰਧਾਰਤ ਕੀਤੀ ਜਾਣੀ ਸੀ। ਇਸ ਤੋਂ ਬਾਅਦ ਜ਼ਮੀਨ ਗ੍ਰਹਿਣ ਕੁਲੈਕਟਰ (ਐੱਲਏਸੀ), ਗਮਾਡਾ ਨੇ ਫ਼ਲਦਾਰ ਰੁੱਖਾਂ ਵਾਲੀ ਜ਼ਮੀਨ ਦੀ ਇਕ ਸਰਵੇਖਣ ਸੂਚੀ ਡਾਇਰੈਕਟਰ ਬਾਗ਼ਬਾਨੀ ਨੂੰ ਭੇਜ ਕੇ ਦਰੱਖਤਾਂ ਦੀ ਮੁਲਾਂਕਣ ਰਿਪੋਰਟ ਤਿਆਰ ਕਰਨ ਦੀ ਬੇਨਤੀ ਕੀਤੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਸਭ ਤੋਂ ਪਹਿਲਾਂ 'ਪਾਕੇਟ ਏ' (ਪਿੰਡ ਬਾਕਰਪੁਰ) ਦੇ ਮੁਲਾਂਕਣ ਦਾ ਕੰਮ ਡਿਪਟੀ ਡਾਇਰੈਕਟਰ ਮੋਹਾਲੀ ਵੱਲੋਂ ਜਸਪ੍ਰੀਤ ਸਿੰਘ ਸਿੱਧੂ ਐੱਚਡੀਓ ਡੇਰਾਬੱਸੀ ਨੂੰ ਸੌਂਪਿਆ ਗਿਆ, ਜਦੋਂਕਿ ਇਹ ਖੇਤਰ ਐੱਚਡੀਓ ਖਰੜ ਵੈਸ਼ਾਲੀ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਸੀ। ਜਸਪ੍ਰੀਤ ਸਿੱਧੂ ਨੇ ਆਪਣੀ ਰਿਪੋਰਟ ਵਿੱਚ ਸ਼੍ਰੇਣੀ 1 ਅਤੇ 2 ਦੇ 2500 ਪੌਦੇ ਪ੍ਰਤੀ ਏਕੜ ਦੇ ਹਿਸਾਬ ਨਾਲ ਦਿਖਾਏ। ਇਸ ਅਨੁਸਾਰ ਅਦਾਇਗੀਆਂ ਜਾਰੀ ਕਰਨ ਲਈ ਇਹ ਰਿਪੋਰਟ ਅੱਗੇ ਐੱਲਏਸੀ ਗਮਾਡਾ ਨੂੰ ਭੇਜੀ ਗਈ।

ਇਹ ਵੀ ਪੜ੍ਹੋ : Couples ਵਿਚਾਲੇ ਨਜ਼ਦੀਕੀਆਂ ਵਧਾਉਣ 'ਚ ਮਦਦ ਕਰਦੀ ਹੈ ਇਹ ਔਰਤ, ਕਮਾਈ ਇੰਨੀ, ਜਾਣ ਰਹਿ ਜਾਓਗੇ ਹੈਰਾਨ

ਇਸ ਬਾਅਦ ਜ਼ਮੀਨ ਦੇ ਕੁਝ ਮਾਲਕਾਂ ਨੇ ਅਰਜ਼ੀਆਂ ਦਾਇਰ ਕੀਤੀਆਂ ਕਿ ਉਨ੍ਹਾਂ ਦੇ ਪੌਦਿਆਂ ਦਾ ਸਹੀ ਮੁਲਾਂਕਣ ਨਹੀਂ ਕੀਤਾ ਗਿਆ ਅਤੇ ਉਨ੍ਹਾਂ ਨੇ ਵੱਧ ਮੁਆਵਜ਼ੇ ਦਾ ਦਾਅਵਾ ਕੀਤਾ। ਇਨ੍ਹਾਂ ਅਰਜ਼ੀਆਂ ਦੇ ਆਧਾਰ 'ਤੇ ਡਾਇਰੈਕਟਰ ਬਾਗ਼ਬਾਨੀ ਨੇ ਇਸ ਰਿਪੋਰਟ ਦੀ ਤਸਦੀਕ ਲਈ ਸੂਬਾ ਪੱਧਰੀ ਕਮੇਟੀ ਦਾ ਗਠਨ ਕੀਤਾ, ਜਿਸ ਵਿੱਚ 2 ਸਹਾਇਕ ਡਾਇਰੈਕਟਰ ਅਤੇ 2 ਐੱਚਡੀਓ ਨੂੰ ਸ਼ਾਮਲ ਕੀਤਾ ਗਿਆ। ਇਸ ਕਮੇਟੀ ਨੇ ਪੌਦਿਆਂ ਦੀ ਸਥਿਤੀ ਅਤੇ ਝਾੜ ਦੇ ਹਿਸਾਬ ਨਾਲ ਮੁੜ ਮੁਲਾਂਕਣ ਕਰਨ ਦਾ ਸੁਝਾਅ ਦਿੱਤਾ। ਇਸ ਤੋਂ ਬਾਅਦ 'ਪਾਕੇਟ ਏ' ਦੇ ਮੁਲਾਂਕਣ ਦਾ ਕੰਮ ਐੱਚਡੀਓ ਖਰੜ ਵੈਸ਼ਾਲੀ ਨੂੰ ਦਿੱਤਾ ਗਿਆ, ਜਿਨ੍ਹਾਂ ਨੇ ਆਪਣੀ ਰਿਪੋਰਟ ਪੇਸ਼ ਕੀਤੀ, ਜੋ ਲਗਭਗ ਪਹਿਲੀ ਰਿਪੋਰਟ ਨਾਲ ਹੀ ਮਿਲਦੀ-ਜੁਲਦੀ ਸੀ, ਜਿਸ ਵਿੱਚ ਜ਼ਿਆਦਾਤਰ ਪੌਦਿਆਂ ਨੂੰ ਫ਼ਲ ਦੇਣ ਲਈ ਤਿਆਰ (4-5 ਸਾਲ ਦੀ ਉਮਰ) ਹੋਣ ਦੇ ਰੂਪ ਵਿੱਚ ਦਿਖਾਇਆ ਗਿਆ ਤਾਂ ਜੋ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਮੁਆਵਜ਼ਾ ਦਿੱਤਾ ਜਾ ਸਕੇ।

ਇਹ ਵੀ ਪੜ੍ਹੋ : ਨਹਿਰ 'ਚ ਨਹਾਉਣ ਗਏ 3 ਪ੍ਰਵਾਸੀ ਨੌਜਵਾਨਾਂ 'ਚੋਂ ਇਕ ਡੁੱਬਿਆ, ਅਚਾਨਕ ਪਾਣੀ ਵਧਣ 'ਤੇ ਵਾਪਰਿਆ ਹਾਦਸਾ

ਵੈਸ਼ਾਲੀ ਦੀ ਰਿਪੋਰਟ ਦੇ ਆਧਾਰ 'ਤੇ ਤਕਰੀਬਨ 145 ਕਰੋੜ ਰੁਪਏ ਮੁਆਵਜ਼ਾ ਜਾਰੀ ਕੀਤਾ ਗਿਆ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਐੱਫਆਈਆਰ ਦਰਜ ਹੋਣ ਬਾਅਦ ਵੈਸ਼ਾਲੀ ਫਰਾਰ ਹੋ ਗਈ ਅਤੇ ਸੈਸ਼ਨ ਕੋਰਟ ਮੋਹਾਲੀ ਦੁਆਰਾ ਉਸ ਦੀ ਅਗਾਊਂ ਜ਼ਮਾਨਤ ਖ਼ਾਰਜ ਕਰ ਦਿੱਤੀ ਗਈ ਸੀ। ਇਸ ਤੋਂ ਇਲਾਵਾ ਉਸ ਦੀ ਜ਼ਮਾਨਤ ਪਟੀਸ਼ਨ ਹਾਈ ਕੋਰਟ ਵਿੱਚ ਪੈਂਡਿੰਗ ਸੀ ਅਤੇ ਉਸ ਵਿੱਚ ਵੀ ਉਸ ਨੂੰ ਕੋਈ ਅੰਤ੍ਰਿਮ ਰਾਹਤ ਨਹੀਂ ਮਿਲੀ। ਬੁਲਾਰੇ ਮੁਤਾਬਕ ਇਸ ਮਾਮਲੇ ਵਿੱਚ ਬਾਗ਼ਬਾਨੀ ਵਿਭਾਗ ਦੇ ਹੋਰ ਅਧਿਕਾਰੀਆਂ ਦੀ ਭੂਮਿਕਾ ਦਾ ਪਤਾ ਲਗਾਉਣ ਲਈ ਅਗਲੀ ਜਾਂਚ ਜਾਰੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News